Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਸਾਰੇ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਸਿੱਧੂ ਕਿਰਤ ਮੰਤਰੀ ਸਿੱਧੂ ਨੇ ਲਾਭਪਾਤਰੀਆਂ ਨੂੰ ਵੰਡੇ ਪ੍ਰਮਾਣ ਪੱਤਰ, 270 ਲਾਭਪਾਤਰੀਆਂ ਨੂੰ 96 ਲੱਖ ਦਾ ਲਾਭ ਕਿਰਤੀਆਂ ਨੂੰ ਰਜਿਸਟਰੇਸ਼ਨ ਕਰਵਾ ਕੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਹਰ ਵਰਗ ਦੀ ਬਿਹਤਰੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਏਅਰੋਸਿਟੀ ਵਿੱਚ ਕਿਰਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੇ 270 ਲਾਭਪਾਤਰੀਆਂ ਨੂੰ 96 ਲੱਖ ਰੁਪਏ ਦੇ ਵਿੱਤੀ ਲਾਭ ਦੇ ਪ੍ਰਮਾਣ ਪੱਤਰ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸਿੱਧੂ ਨੇ ਦੱਸਿਆ ਕਿ ਜਦੋਂ ਤੋਂ ਕਿਰਤ ਵਿਭਾਗ ਵਿੱਚ ਕਿਰਤੀਆਂ ਦੀ ਰਜਿਸਟਰੇਸ਼ਨ ਆਨਲਾਈਨ ਕੀਤੀ ਗਈ ਹੈ, ਉਦੋਂ ਤੋਂ ਰਜਿਸਟਰੇਸ਼ਨ ਵਿੱਚ ਕਾਫੀ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਕਿਰਤੀਆਂ ਨੂੰ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਦਿੱਤੀ ਜਾਣ ਵਾਲੀ ਰਾਸ਼ੀ ਵਧਾ ਕੇ 50 ਹਜ਼ਾਰ ਰੁਪਏ ਕੀਤੀ ਜਾ ਰਹੀ ਹੈ ਅਤੇ ਕੈਂਸਰ ਦੇ ਇਲਾਜ ਲਈ ਦਿੱਤੀ ਜਾਣ ਵਾਲੀ ਰਾਸ਼ੀ ਵੀ 1 ਲੱਖ ਰੁਪਏ ਤੋਂ ਵਧਾ ਕੇ 2 ਲੱਖ ਰੁਪਏ ਕੀਤੀ ਗਈ ਹੈ। 270 ਲਾਭਪਾਤਰੀਆਂ ਵਿੱਚ 4 ਕੇਸ ਐਕਸਗਰੇਸ਼ੀਆ ਅਤੇ 19 ਕੇਸ ਸ਼ਗਨ ਸਕੀਮ ਦੇ ਸ਼ਾਮਲ ਸਨ। ਮੰਤਰੀ ਨੇ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਹੋਰਨਾਂ ਕਿਰਤੀਆਂ ਨੂੰ ਰਜਿਸਟਰੇਸ਼ਨ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਕਿਰਤੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਵਿਭਾਗ ਦੀਆਂ ਵਜ਼ੀਫ਼ਾ ਸਕੀਮਾਂ ਦਾ ਲਾਭ ਲੈਂਦਿਆਂ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਕਿਰਤ ਵਿਭਾਗ ਦੀਆਂ ਸਕੀਮਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਸ ਵੈੱਲਫੇਅਰ ਬੋਰਡ ਵੱਲੋਂ ਚਲਾਈ ਜਾ ਰਹੀ ਵਜ਼ੀਫ਼ਾ ਸਕੀਮ ਤਹਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ੰ ਪਹਿਲੀ ਤੋਂ 5ਵੀਂ ਕਲਾਸ ਤੱਕ 4 ਹਜ਼ਾਰ ਰੁਪਏ (ਲੜਕੀਆਂ) ਅਤੇ 3 ਹਜ਼ਾਰ ਰੁਪਏ (ਲੜਕੇ), 6ਵੀਂ ਤੋਂ 8ਵੀਂ ਕਲਾਸ ਤੱਕ 7 ਹਜ਼ਾਰ ਰੁਪਏ (ਲੜਕੀਆਂ) ਅਤੇ 5 ਹਜ਼ਾਰ ਰੁਪਏ (ਲੜਕੇ), 11ਵੀਂ ਤੋਂ ਬਾਰ੍ਹਵੀਂ ਤੱਕ 13 ਹਜ਼ਾਰ ਰੁਪਏ (ਲੜਕੀਆਂ) ਅਤੇ 10 ਹਜ਼ਾਰ ਰੁਪਏ (ਲੜਕੇ) ਵਜ਼ੀਫ਼ੇ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਕਾਲਜਾਂ ਵਿੱਚ ਪੜ੍ਹਦੇ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਵੀ ਵਜ਼ੀਫ਼ੇ ਦੇਣ ਦੀ ਵਿਵਸਥਾ ਕੀਤੀ ਗਈ ਹੈ। ਉਸਾਰੀ ਕਿਰਤੀਆਂ ਦੀਆਂ ਲੜਕੀਆਂ ਦੇ ਵਿਆਹ ਲਈ ਬੋਰਡ ਦੀ ਸ਼ਗਨ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ 31 ਹਜ਼ਾਰ ਰੁਪਏ ਤੋਂ ਵਧਾ ਕੇ 50 ਹਜ਼ਾਰ ਰੁਪਏ ਕੀਤੇ ਜਾ ਰਹੇ ਹਨ। ਇੰਝ ਹੀ ਐਕਸ਼ਗਰੇਸ਼ੀਆ, ਐਲਟੀਸੀ, ਪੈਨਸ਼ਨ ਸਕੀਮ, ਬਾਲੜੀ ਤੋਹਫ਼ਾ ਸਕੀਮ ਵਰਗੀਆਂ ਵੱਡੀ ਗਿਣਤੀ ਸਕੀਮਾਂ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਲਾਭ ਉਸਾਰੀ ਕਿਰਤੀ ਲੈ ਸਕਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕਿਰਤ ਵਿਭਾਗ ਦੇ ਸਹਾਇਕ ਕਮਿਸ਼ਨਰ ਜਤਿੰਦਰਪਾਲ ਸਿੰਘ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਅਮਰੀਕ ਸਿੰਘ ਸੋਮਲ ਤੇ ਸੁਰਿੰਦਰ ਸਿੰਘ ਰਾਜਪੂਤ, ਨਛੱਤਰ ਸਿੰਘ, ਜਸਵੀਰ ਸਿੰਘ ਮਣਕੂ (ਸਾਰੇ ਕੌਂਸਲਰ), ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਨ ਸਿੰਘ ਬਠਲਾਣਾ ਅਤੇ ਜਸਵਿੰਦਰ ਕੌਰ ਦੁਰਾਲੀ, ਕਿਰਤ ਇੰਸਪੈਕਟਰ ਜਗਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਭਾਗੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ