
ਪੰਜਾਬ ਸਰਕਾਰ ਸਾਰੇ ਵਰਗਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਵੇਰਕਾ
ਵਿਦਿਆਰਥੀਆਂ ਲਈ ਰਿਆਇਤੀ ਬੱਸ ਪਾਸ ਦੀ ਸਹੂਲਤ ਮੁਹੱਈਆ ਕਰਵਾਏ ਸਰਕਾਰ: ਪੁਰਖਾਲਵੀ
ਦਲਿਤ ਚੇਤਨਾ ਮੰਚ ਪੰਜਾਬ ਦੇ ਵਫ਼ਦ ਨੇ ਨਵੇਂ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨਾਲ ਕੀਤੀ ਮੁਲਾਕਾਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ:
ਦਲਿਤ ਚੇਤਨਾ ਮੰਚ ਪੰਜਾਬ ਦੇ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਦੀ ਅਗਵਾਈ ਹੇਠ ਅੱਜ ਮੰਚ ਦੇ ਵਫ਼ਦ ਨੇ ਨਵੇਂ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨਾਲ ਮੁਲਾਕਾਤ ਕੀਤੀ ਅਤੇ ਮਿਹਨਤਕਸ਼ ਕਿਰਤੀਆਂ ਅਤੇ ਅੌਰਤਾਂ ਨੂੰ ਦਰਪੇਸ਼ ਸਮੱਸਿਆਵਾਂ ਹੱਲ ਕਰਨ ਅਤੇ ਉਨ੍ਹਾਂ ਲਈ ਬੁਨਿਆਦੀ ਜ਼ਰੂਰਤਾਂ ਦੀ ਪੂਰਤੀ ਸਮੇਤ ਹੋਰ ਭਖਦੇ ਮੁੱਦਿਆਂ ’ਤੇ ਚਰਚਾ ਕੀਤੀ। ਸ੍ਰੀ ਪੁਰਖਾਲਵੀ ਨੇ ਮੰਗ ਕੀਤੀ ਕਿ ਸਰਕਾਰੀ ਸੰਸਥਾਵਾਂ ਦੇ ਨਾਲ-ਨਾਲ ਨਿੱਜੀ ਸੰਸਥਾਵਾਂ ਵਿੱਚ ਪੜ੍ਹਨ ਵਾਲੇ ਨੌਜਵਾਨਾਂ ਨੂੰ ਰਿਆਇਤੀ ਬੱਸ ਪਾਸ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਪੜ੍ਹਾਈ ਤੋਂ ਵਾਂਝੇ ਨਾ ਰਹਿ ਸਕਣ।
ਇਸ ਮੌਕੇ ਸ੍ਰੀ ਪੁਰਖਾਲਵੀ ਸਮੇਤ ਪ੍ਰੇਮ ਕੁਮਾਰ ਅੱਤਰੀ ਗੁਰਦਾਸਪੁਰ, ਸਰਬਜੀਤ ਸਿੰਘ ਅੰਮ੍ਰਿਤਸਰ, ਸ਼ਸ਼ੀਰਾਜ ਬਟਾਲਾ, ਸੰਤੋਖ ਸਿੰਘ ਗੁਰਦਾਸਪੁਰ, ਨਰੇਸ਼ ਕੁਮਾਰ ਬਠਿੰਡਾ, ਕੁਲਵੰਤ ਸਿੰਘ ਮੋਗਾ, ਸਤਨਾਮ ਸਿੰਘ ਮੁਹਾਲੀ ਅਤੇ ਰਾਕੇਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕੈਬਨਿਟ ਮੰਤਰੀ ਵੇਰਕਾ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਰਾਜ ਕੁਮਾਰ ਵੇਰਕਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਮੁੱਚੀ ਕੈਬਨਿਟ ਗਰੀਬ ਵਰਗ ਦੇ ਲੋਕਾਂ ਅਤੇ ਅੌਰਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਮਾਜ ਦੇ ਕਿਸੇ ਵੀ ਵਰਗ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਊਰਜਾ ਅਤੇ ਨਵੇਂ ਉਤਸ਼ਾਹ ਨਾਲ ਅੌਰਤਾਂ ਅਤੇ ਨੌਜਵਾਨਾਂ ਸਮੇਤ ਤਮਾਮ ਵਰਗ ਦੀਆਂ ਬੁਨਿਆਦੀ ਜ਼ਰੂਰਤਾਂ ਦੀ ਪੂਰਤੀ ਲਈ ਠੋਸ ਕਦਮ ਚੁੱਕੇ ਜਾਣਗੇ।