ਪੰਜਾਬ ਸਰਕਾਰ ਕਰਜ਼ਾ ਮੁਆਫ਼ੀ ਸਕੀਮ ਦਾ ਲਾਭ ਸਾਰੇ ਯੋਗ ਲਾਭਪਾਤਰੀ ਕਿਸਾਨਾਂ ਨੂੰ ਦੇਣ ਲਈ ਵਚਨਬੱਧ: ਤੇਜਵੀਰ ਸਿੰਘ

ਮੁੱਖ ਮੰਤਰੀ ਦੇ ਪ੍ਰੁਮੁੱਖ ਸਕੱਤਰ ਨੇ ਵਿਸ਼ੇਸ਼ ਮੀਟਿੰਗ ਵਿੱਚ ਮੁਹਾਲੀ ਦੇ ਵਿਕਾਸ ਤੇ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ 338 ਪਿੰਡਾਂ ਦਾ ਸਰਵੇ ਮੁਕੰਮਲ, 23667 ਯੋਗ ਲਾਭਪਾਤਰੀਆਂ ਦੀ ਪਛਾਣ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਪੰਜਾਬ ਸਰਕਾਰ ਕਰਜਾ ਮੁਆਫੀ ਸਕੀਮ ਦਾ ਲਾਭ ਸਾਰੇ ਯੋਗ ਲਾਭਪਾਤਰ ਕਿਸਾਨਾਂ ਨੁੰੂ ਦੇਣ ਲਈ ਵਚਨਬੱਧ ਹੈ ਅਤੇ ਪਹਿਲੇ ਪੜਾਅ ਵਿੱਚ ਢਾਈ ਏਕੜ ਤੱਕ ਜਮੀਨ ਦੇ ਮਾਲਕ ਛੋਟੇ ਕਿਸਾਨਾਂ ਦਾ 02 ਲੱਖ ਰੁਪਏ ਤੱਕ ਦਾ ਕਰਜਾ ਮੁਆਫ ਕੀਤਾ ਜਾ ਰਿਹਾ ਹੈ। ਇਸ ਪਹਿਲੇ ਪੜਾਅ ਦੌਰਾਨ ਸਹਿਕਾਰੀ ਬੈਂਕਾਂ ਤੋਂ ਲਏ ਕਰਜ ਨੂੰ ਮੁਆਫ ਕੀਤਾ ਜਾਵੇਗਾ ਜਦੋਕਿ ਦੂਜੇ ਬੈਂਕਾਂ ਤੋਂ ਲਏ ਕਰਜ ਨੂੰ ਵੀ ਪੜਾਅ ਵਾਰ ਮੁਆਫ ਕੀਤਾ ਜਾਵੇਗਾ। ਸਮੂਹ ਐਸ.ਡੀ.ਐਮਜ਼ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਲਾਭਪਾਤਰ ਕਿਸਾਨ ਕਰਜਾ ਮੁਆਫੀ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਹ ਨਿਰਦੇਸ਼ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਵਿਸ਼ੇਸ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ, ,ਵੱਖ ਵਿਕਾਸ ਤੇ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੇ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ 05 ਏਕੜ ਤੱਕ ਅਤੇ ਛੋਟੇ ਕਿਸਾਨਾਂ ਨੂੰ ਵੀ 2 ਲੱਖ ਰੁਪਏ ਤੱਕ ਦਾ ਕਰਜਾ ਮੁਆਫੀ ਦਾ ਲਾਭ ਦਿੱਤਾ ਜਾਵੇਗਾ।
ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਢਾਈ ਏਕੜ ਤੋਂ ਘੱਟ ਜਮੀਨ ਦੇ ਮਾਲਕ 5131 ਲਾਭ ਪਾਤਰਾਂ ਵਿੱਚੋ 4019 ਯੋਗ ਲਾਭਪਾਤਰਾਂ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ ਲਾਭ ਪਾਤਰਾਂ ਦੀ ਤੁਰੰਤ ਪਹਿਚਾਣ ਕਰਨ ਲਈ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਤੇ ਸਹਿਕਾਰਤਾ ਵਿਭਾਗ ਦੇ ਡਿਪਟੀ ਰਜਿਸਟਰਾਰ ਨੂੰ ਆਦੇਸ ਦਿੱਤੇ ਗਏ ਹਨ। ਸ੍ਰੀ ਤੇਜਵੀਰ ਸਿੰਘ ਨੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਸਕੀਮ ਅਧੀਨ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਹਰ ਗਰੀਬ ਤੇ ਲੋੜਵੰਦ ਲਾਭਪਾਤਰ ਤੱਕ ਪਹੁੰਚਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 339 ਪਿੰਡਾਂ ਵਿੱਚੋਂ 338 ਪਿੰਡਾਂ ਦਾ ਇਸ ਸਕੀਮ ਅਧੀਨ ਵੱਖ ਵੱਖ ਲੋੜਵੰਦ ਲਾਭਪਾਤਰਾਂ ਦੀ ਪਹਿਚਾਣ ਦਾ ਸਰਵੇ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਲਾਈ ਸਕੀਮਾਂ ਦੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਸ ਸਕੀਮ ਅਧੀਨ ਲੋੜਵੰਦ ਲਾਭਪਾਤਰਾਂ ਦੀ ਪਹਿਚਾਣ ਦੀਆਂ ਸੂਚੀਆਂ ਤੁਰੰਤ ਸਬੰਧਤ ਵਿਭਾਗਾਂ ਨੂੰ ਪਹੁੰਚਾਈਆਂ ਜਾਣ ਤਾਂ ਜੋ ਸਾਰੇ ਯੋਗ ਲਾਭਪਾਤਰਾਂ ਨੂੰ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਭਲਾਈ ਸਕੀਮ ਦਾ ਕੋਈ ਵੀ ਯੋਗ ਲਾਭਪਾਤਰ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਪ੍ਰਮੁੱਖ ਸਕੱਤਰ ਨੇ ਨਿਰਦੇਸ ਦਿੱਤੇ ਕਿ ਮਗਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਅਜਿਹੇ ਵਿਕਾਸ ਕਾਰਜ ਲਏ ਜਾਣ ਜਿਨ੍ਹਾਂ ਵਿੱਚ ਵਧੇਰੇ ਰੋਜਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਘਰ ਘਰ ਰੋਜਗਾਰ ਸਕੀਮ ਦਾ ਲਾਭ ਵੱਧ ਤੋਂ ਵੱਧ ਬੇਰੁਜਗਾਰ ਯੁਵਕਾਂ ਨੂੰ ਪਹੁੰਚਾਉਣ ਅਤੇ ਹੁਨਰ ਵਿਕਾਸ ਸਕੀਮ ਅਧੀਨ ਲੋੜਵੰਦ ਯੂਵਕਾਂ ਨੂੰ ਕਿੱਤਾ ਮੁੱਖੀ ਕੋਰਸਾਂ ਦੀ ਟਰੇਨਿੰਗ ਦਿਵਾਉਣ ਨੂੰ ਤਰਜੀਹ ਦੇਣ ਲਈ ਕਿਹਾ। ਉਨ੍ਹਾਂ ਇਸ ਵਿਸ਼ੇਸ ਮੀਟਿੰਗ ਵਿੱਚ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ, ਸਰਬ ਸਿੱਖਿਆ ਅਭਿਆਨ ਅਤੇ ਨਸ਼ਾ ਛੁਡਾੳ ਤੇ ਮੁੜ ਵਸੇਬਾ ਸਕੀਮ ਦਾ ਵੀ ਨਰੀਖਣ ਕੀਤਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਭਰੋਸਾ ਦਿਵਾਇਆ ਕਿ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲਾਭਪਾਤਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਅਧੀਨ ਵੱਖ ਵੱਖ ਭਲਾਈ ਸਕੀਮਾਂ ਦੇ 23667 ਲੋੜਵੰਦ ਯੋਗ ਲਾਭਪਾਤਰਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਗਰਗ, ਐਸ.ਡੀ.ਐਮਜ਼, ਸਹਾਇਕ ਕਮਿਸ਼ਨਰ (ਜਨਰਲ), ਸਹਾਇਕ ਕਮਿਸਨਰ (ਸਿਕਾਇਤਾਂ) ਸਮੇਤ ਹੋਰ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਸ਼ਾਮਲ ਹੋਏ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…