ਪੰਜਾਬ ਸਰਕਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ: ਸਿਹਤ ਮੰਤਰੀ

ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

ਲੋਕਾਂ ਦਾ ਮੁਫ਼ਤ ਐੱਚਆਈਵੀ/ਏਡਜ਼ ਟੈਸਟ ਕਰਨ ਲਈ ਵੈਨਾਂ ਵਿੱਚ ਵਿਸ਼ੇਸ਼ ਮੈਡੀਕਲ ਸਟਾਫ਼ ਤਾਇਨਾਤ

ਪੰਜਾਬ ਭਰ ਦੇ 1650 ਤੋਂ ਵੱਧ ਪਿੰਡਾਂ ਨੂੰ ਕਵਰ ਕਰਨਗੀਆਂ ਐਲਈਡੀ ਨਾਲ ਲੈੱਸ ਵੈਨਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਐਚਆਈਵੀ/ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੰਕਰਮਿਤ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਬੀਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਫੇਜ਼-6 ਤੋਂ 11 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਮਹੀਨਾ ਚੱਲਣ ਵਾਲੀ ਇਸ ਐਚਆਈਵੀ/ਏਡਜ਼ ਜਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਆਈਈਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਜਾਗਰੂਕਤਾ ਵੈਨਾਂ ਜ਼ਰੀਏ ਲੋਕਾਂ ਨੂੰ ਐਲਈਡੀ ਨਾਲ ਲੈਸ ਆਡੀਓ-ਵਿਜ਼ੂਅਲ ਜਾਗਰੂਕਤਾ ਫਿਲਮਾਂ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਪ੍ਰਿੰਟ ਸਮੱਗਰੀ ਵੀ ਵੰਡੀ ਜਾਵੇਗੀ। ਇਨ੍ਹਾਂ ਵੈਨਾਂ ਨਾਲ ਲੈਬ ਟੈਕਨੀਸ਼ੀਅਨ ਅਤੇ ਕਾਉਂਸਲਰ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤੇ ਗਏ ਹਨ, ਜੋ ਘਰ-ਘਰ ਜਾ ਕੇ ਲੋਕਾਂ ਦਾ ਮੁਫ਼ਤ ਐੱਚਆਈਵੀ/ਏਡਜ਼ ਟੈਸਟ ਕਰਨਗੇ।
ਬਲਬੀਰ ਸਿੰਘ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਸਾਰੇ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਮਾਰੂ ਬਿਮਾਰੀ ਬਾਰੇ ਜਾਗਰੂਕ ਕਰਨਗੀਆਂ ਕਿਉਂਕਿ ਇਸ ਦੀ ਰੋਕਥਾਮਯੋਗ ਤਾਂ ਕੀਤੀ ਜਾ ਸਕਦੀ ਹੈ ਪਰ ਇਸ ਦਾ ਇਲਾਜ ਸੰਭਵ ਨਹੀਂ ਹੈ। ਹਰੇਕ ਵੈਨ ਰੋਜ਼ਾਨਾ 4-5 ਪਿੰਡਾਂ ਨੂੰ ਕਵਰ ਕਰੇਗੀ ਅਤੇ ਇਹ ਵੈਨਾਂ ਇੱਕ ਮਹੀਨੇ ਵਿੱਚ 1650 ਪਿੰਡਾਂ ਨੂੰ ਕਵਰ ਕਰਨਗੀਆਂ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਟੈਸਟ ਕਰਵਾਉਣ, ਆਡੀਓ-ਵਿਜ਼ੂਅਲ ਜਾਗਰੂਕਤਾ ਫਿਲਮਾਂ ਦਿਖਾਉਣ ਅਤੇ ਪ੍ਰਿੰਟਿਡ ਸਮੱਗਰੀ ਵੰਡਣ ਤੋਂ ਇਲਾਵਾ ਥੀਏਟਰ ਕਲਾਕਾਰ ਪਿੰਡਾਂ ਵਿੱਚ ਨੁੱਕੜ ਨਾਟਕ ਵੀ ਪੇਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜਾਗਰੂਕ ਰਹਿ ਕੇ ਅਤੇ ਕੁਝ ਸਾਵਧਾਨੀਆਂ ਵਰਤ ਕੇ ਐੱਚ.ਆਈ.ਵੀ./ਏਡਜ਼ ਤੋਂ ਬਚਿਆ ਜਾ ਸਕਦਾ ਹੈ ਅਤੇ ਜਾਣਕਾਰੀ ਦੀ ਘਾਟ ਕਾਰਨ ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ।
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵੈਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਐੱਚ.ਆਈ.ਵੀ. ਬਾਰੇ ਪਤਾ ਲਗਾਉਣ ਲਈ ਆਪਣਾ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਪ੍ਰਾਜੈਕਟ ਡਾਇਰੈਕਟਰ ਪ੍ਰਦੀਪ ਕੁਮਾਰ ਅਗਰਵਾਲ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਰਣਜੀਤ ਸਿੰਘ, ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਬਬਨੀਤ ਭਾਰਤੀ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਵਧੀਕ ਪ੍ਰਾਜੈਕਟ ਡਾਇਰੈਕਟਰ ਡਾ. ਬੌਬੀ ਗੁਲਾਟੀ ਅਤੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਐਸਐਮਓ ਡਾ. ਐਚਐਸ ਚੀਮਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …