
ਆਮ ਆਦਮੀ ਕਲੀਨਿਕ ਦੇ ਰੂਪ ਵਿੱਚ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਿਆ: ਕੁਲਵੰਤ ਸਿੰਘ
ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਵਿੱਚ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ
ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਟੈੱਸਟਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿੱਚ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਲੋਕਾਂ ਨੂੰ ਸਮਰਪਿਤ ਕਰਕੇ ਇਤਿਹਾਸ ਸਿਰਜਿਆ ਹੈ ਜਦੋਂਕਿ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਸਿਹਤ ਸੇਵਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਇਹ ਪ੍ਰਗਟਾਵਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਫੇਜ਼-11 ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਨੇ ਬਾਰੀਕੀ ਨਾਲ ਮੁਹੱਲਾ ਕਲੀਨਿਕ ਦਾ ਜਾਇਜ਼ਾ ਲਿਆ ਤੇ ਸਟਾਫ਼ ਅਤੇ ਇਲਾਜ ਲਈ ਪਹੁੰਚੇ ਸ਼ਹਿਰੀਆਂ ਨਾਲ ਵੀ ਸਿੱਧੀ ਗੱਲ ਕੀਤੀ।
ਕੁਲਵੰਤ ਸਿੰਘ ਨੇ ਕਿਹਾ ਕਿ ਇਨ੍ਹਾਂ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਗਾਉਣ ਲਈ ਐਮਬੀਬੀਐਸ ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਕਲੀਨਿਕਾਂ ਵਿੱਚ ਦਵਾਈਆਂ ਤੇ ਕਲੀਨਿਕ ਟੈਸਟ ਦੀ ਸੁਵਿਧਾ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੜਾਅਵਾਰ ਪਿੰਡ-ਪਿੰਡ ਅਜਿਹੇ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਵਿੱਚ ਮਿਸਾਲੀ ਸੁਧਾਰ ਹੋ ਰਹੇ ਹਨ ਅਤੇ ਸਿਹਤ ਸਹੂਲਤਾਂ ਪੱਖੋਂ ਪੰਜਾਬ ਪੂਰੇ ਦੇਸ਼ ’ਚੋਂ ਮੋਹਰੀ ਬਣ ਕੇ ਉੱਭਰੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਅੱਜ ਮੁਹਾਲੀ ਜ਼ਿਲ੍ਹੇ ਵਿੱਚ 14 ਨਵੇਂ ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਯੋਜਨਾ ਤਹਿਤ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਰੇ ਕਲੀਨਿਕ ਆਧੁਨਿਕ ਸਹੂਲਤਾਂ ਨਾਲ ਲੈਸ ਹਨ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਵੇਗੀ। ਇੱਥੇ ਮੁਫ਼ਤ ਦਵਾਈਆਂ ਦੇ ਨਾਲ-ਨਾਲ ਸਾਰੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਇੱਥੋਂ ਤੱਕ ਕਿ ਪਰਚੀ ਬਣਾਉਣ ਲਈ ਵੀ ਫੀਸ ਨਹੀਂ ਦੇਣੀ ਪਵੇਗੀ।

ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਮਾਨ, ਐਸਡੀਐਮ ਸਰਬਜੀਤ ਕੌਰ, ਡਿਪਟੀ ਡਾਇਰੈਕਟਰ ਡਾ. ਜਸਕਿਰਨਦੀਪ ਕੌਰ, ਐਸਐਮਓ ਡਾ. ਐਚਐਸ ਚੀਮਾ ਸੀਨੀਅਰ ਆਪ ਆਗੂ ਮਾਲਵਿੰਦਰ ਸਿੰਘ ਕੰਗ, ਬੱਬੀ ਬਾਦਲ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਅਵਤਾਰ ਸਿੰਘ ਮੌਲੀ ਬੈਦਵਾਨ, ਬਲਰਾਜ ਸਿੰਘ ਗਿੱਲ, ਹਰਮੇਸ਼ ਸਿੰਘ ਕੁੰਭੜਾ, ਸੁਖਵਿੰਦਰ ਸਿੰਘ ਬਰਨਾਲਾ, ਸਤਵਿੰਦਰ ਸਿੰਘ ਮੌਲੀ ਬੈਦਵਾਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।