
ਪਿਛਲੇ 5 ਸਾਲਾਂ ਵਿੱਚ ਪੰਜਾਬ ਸਰਕਾਰ ਨੇ ਕਲੋਨੀਆਂ ਦੀ ਸਾਰ ਨਹੀਂ ਲਈ: ਕੁਲਵੰਤ ਸਿੰਘ
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਲੋਨੀਆਂ ਤੇ ਪਾਰਕਾਂ ’ਚ ਜਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਆਜ਼ਾਦ ਗਰੁੱਪ ਦੇ ਮੁਖੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਦੇਖ ਮੁਹਾਲੀ ਹਲਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਨੇ ਜਨ ਸੰਪਰਕ ਮੁਹਿੰਮ ਤਹਿਤ ਪਿੰਡਾਂ, ਕਲੋਨੀਆਂ ਅਤੇ ਪਾਰਕਾਂ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਸੈਰ ਕਰਨ ਵਾਲੇ ਵਿਅਕਤੀਆਂ ਨਾਲ ਮੁਲਾਕਾਤਾਂ ਸ਼ੁਰੂ ਕਰ ਦਿੱਤੀਆਂ ਦਿੱਤੀਆਂ। ਸਾਬਕਾ ਮੇਅਰ ਕਲੋਨੀਆਂ ਨੂੰ ਵਧੇਰੇ ਤਵੱਜੋ ਦੇ ਰਹੇ ਹਨ ਕਿਉਂਕਿ ਕਲੋਨੀਆਂ ਵਿੱਚ ਗਰੀਬ ਲੋਕਾਂ ਦੀ ਵਸੋਂ ਬਹੁਤ ਜ਼ਿਆਦਾ ਹੈ।
ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਹੁਕਮਰਾਨ ਰੋਜ਼ਾਨਾ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਪ੍ਰੰਤੂ ਪਿਛਲੇ ਪੰਜ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਕਲੋਨੀਆਂ ਵਿੱਚ ਰਹਿੰਦੇ ਗਰੀਬ ਵਰਗ ਦੇ ਲੋਕਾਂ ਦੀ ਸਾਰ ਤੱਕ ਨਹੀਂ ਲਈ। ਜਿਸ ਕਾਰਨ ਅਜੋਕੇ ਸਮੇਂ ਵਿੱਚ ਜ਼ਿਆਦਾਤਰ ਪਿੰਡਾਂ ਅਤੇ ਕਲੋਨੀਆਂ ਦੇ ਵਸਨੀਕ ਨਰਕ ਭੋਗਣ ਲਈ ਮਜਬੂਰ ਹਨ। ਕਲੋਨੀਆਂ ਵਿੱਚ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਅਗਲੇ ਦੋ ਮਹੀਨਿਆਂ ਬਾਅਦ ਸੱਤਾ ਪਰਿਵਰਤਨ ਹੋਣ ਵਾਲੀ ਹੈ। ਨਵੀਂ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਸਮਾਜ ਸੇਵੀ ਹਰਬਿੰਦਰ ਸਿੰਘ ਸੈਣੀ, ਬਲਰਾਜ ਸਿੰਘ ਗਿੱਲ, ਆਜ਼ਾਦ ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ ਅਤੇ ਹੋਰ ਪਤਵੰਤੇ ਹਾਜ਼ਰ ਸਨ।