nabaz-e-punjab.com

ਪੰਜਾਬ ਸਰਕਾਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵਚਨਬੱਧ: ਧਰਮਸੋਤ

ਅਨੁਸੂਚਿਤ ਜਾਤੀ ਵਰਗ ਦੇ ਗਰੈਜੂਏਟ ਯੁਵਕਾਂ ਨੂੰ ਮਿਲੇਗੀ ਮੁਫ਼ਤ ਸਟੈਨੋਗ੍ਰਾਫੀ ਤੇ ਕੰਪਿਊਟਰ ਦੀ ਸਿਖਲਾਈ

ਚੁਣੇ ਗਏ ਯੁਵਕਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲੇਗਾ ਵਜ਼ੀਫਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਜੁਲਾਈ
ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਵਚਨਬੱਧ ਹੈ ਤਾਂ ਕਿ ਉਨ੍ਹਾਂ ਨੂੰ ਮੁੱਖ ਧਾਰਾ ’ਚ ਲਿਆ ਕੇ ਬਿਹਤਰ ਜੀਵਨ ਜਿਊਣ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼ੇਣੀਆਂ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਦੇ ਗਰੈਜੂਏਟ ਯੁਵਕਾਂ ਨੂੰ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣਾਉਣ ਲਈ ਚਾਲੂ ਸੈਸ਼ਨ 2017-18 ਦੌਰਾਨ ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫੀ ਦੇ ਨਾਲ-ਨਾਲ ਬੇਸਿਕ ਕੰਪਿਊਟਰ ਦੀ ਇੱਕ ਸਾਲ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਿਖਲਾਈ ਮੁਕੰਮਲ ਕਰਨ ਮਗਰੋਂ ਸਬੰਧਤ ਯੁਵਕ ਜਿੱਥੇ ਪ੍ਰਾਈਵੇਟ ਤੇ ਸਰਕਾਰੀ ਖੇਤਰਾਂ ’ਚ ਵਧੀਆ ਰੁਜ਼ਗਾਰ ਹਾਸਲ ਕਰਨ ਦੇ ਯੋਗ ਹੋਣਗੇ, ਉੱਥੇ ਹੀ ਉਹ ਨਿੱਜੀ ਤੌਰ ’ਤੇ ਆਪਣਾ ਟਾਈਪਿੰਗ ਦਾ ਕਾਰੋਬਾਰ ਵੀ ਸ਼ੁਰੂ ਕਰ ਸਕਣਗੇ।
ਸ੍ਰੀ ਧਰਮਸੋਤ ਨੇ ਦੱਸਿਆ ਕਿ ਚੁਣੇ ਗਏ ਯੋਗ ਯੁਵਕਾਂ ਨੂੰ ਇਹ ਸਿਖਲਾਈ ਜ਼ਿਲ੍ਹਾ ਅੰਮ੍ਰਿਤਸਰ, ਫਿਰੋਜ਼ਪੁਰ, ਪਟਿਆਲਾ ਤੇ ਐਸ.ਏ.ਐਸ ਨਗਰ ਦੀਆਂ ਸਟੈਨੋਗ੍ਰਾਫੀ ਸਿਖਲਾਈ ਸੰਸਥਾਵਾਂ ’ਚ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਸਬੰਧੀ ਦਰਖਾਸਤਾਂ ਜ਼ਿਲ੍ਹਾ ਭਲਾਈ ਅਫ਼ਸਰ, ਅੰਬੇਦਕਰ ਭਵਨ, ਤਹਿਸੀਲਪੁਰਾ, ਅੰਮ੍ਰਿਤਸਰ, ਜ਼ਿਲ੍ਹਾ ਭਲਾਈ ਅਫ਼ਸਰ, ਅੰਬੇਦਕਰ ਭਵਨ, ਮੱਲਵਾਲ ਰੋਡ, ਫਿਰੋਜ਼ਪੁਰ, ਜ਼ਿਲ੍ਹਾ ਭਲਾਈ ਅਫ਼ਸਰ, ਅੰਬੇਦਕਰ ਭਵਨ, ਸੇਵਾ ਸਿੰਘ ਠੀਕਰੀ ਵਾਲਾ ਨਗਰ, ਪਟਿਆਲਾ ਅਤੇ ਪ੍ਰਿੰਸੀਪਲ, ਅੰਬੇਦਕਰ ਸੰਸਥਾ, ਸੈਕਟਰ-60, ਫੇਜ਼-3ਬੀ-2, ਐਸ.ਏ.ਐਸ ਨਗਰ (ਮੁਹਾਲੀ) ਨੂੰ ਆਪਣੀਆਂ ਮੁਕੰਮਲ ਦਰਖਾਸਤਾਂ 25 ਜੁਲਾਈ ਤੱਕ ਭੇਜ ਸਕਦੇ ਹਨ।
ਭਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਸਿਖਲਾਈ ਸੂਬੇ ਦੇ ਵਸਨੀਕ ਅਨੁਸੂਚਿਤ ਜਾਤੀ ਵਰਗ ਦੇ ਉਨ੍ਹਾਂ ਬੇਰੁਜ਼ਗਾਰ ਯੁਵਕਾਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦੀ ਘੱਟੋ-ਘੱਟ ਯੋਗਤਾ ਗਰੈਜੂਏਸ਼ਨ ਹੋਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਲਾਨਾ ਆਮਦਨ ਤੈਅ ਕੀਤੇ ਨਿਯਮਾਂ ਅਨੁਸਾਰ ਹੋਵੇ। ਉਨ੍ਹਾਂ ਕਿਹਾ ਕਿ 30 ਸਾਲ ਦੀ ਉਮਰ ਤੱਕ ਦੇ ਅਨੁਸੂਚਿਤ ਜਾਤੀ ਵਰਗ ਦੇ ਯੋਗ ਉਮੀਦਵਾਰਾਂ ਦੀ 31 ਜੁਲਾਈ ਨੂੰ ਸਵੇਰੇ 10 ਵਜੇ ਸਬੰਧਤ ਸੰਸਥਾਵਾਂ ਵਿਖੇ ਵਿਭਾਗੀ ਚੋਣ ਕਮੇਟੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਯੁਵਕਾਂ ਨੂੰ ਸਿਖਲਾਈ ਦੌਰਾਨ 1500 ਰੁਪਏ ਪ੍ਰਤੀ ਮਹੀਨਾ/ਪ੍ਰਤੀ ਵਿਦਿਆਰਥੀ ਵਜ਼ੀਫਾ ਵੀ ਦਿੱਤਾ ਜਾਵੇਗਾ।
ਸ੍ਰੀ ਧਰਮਸੋਤ ਨੇ ਕਿਹਾ ਕਿ ਸਾਡੀ ਸਰਕਾਰ ਦੀ ਤਰਜੀਹ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਕਰਨਾ ਹੈ ਅਤੇ ਸਰਕਾਰ ਸਮਾਜ ਦੇ ਕਮਜ਼ੋਰ ਅਤੇ ਲਾਭ ਵਿਹੂਣੇ ਵਰਗਾਂ ਪ੍ਰਤੀ ਸੁਚੇਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਜਟ ’ਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਕਰਜ਼ੇ ਦੇਣ ਲਈ ਪੰਜਾਬ ਅਨੁਸੂਚਿਤ ਜਾਤੀ ਕਾਰਪੋਰੇਸ਼ਨ ਅਤੇ ਬੈਕਫਿੰਕੋ ਲਈ ਕ੍ਰਮਵਾਰ 17.66 ਕਰੋੜ ਅਤੇ 2.44 ਕਰੋੜ ਰੁਪਏ ਰਾਖਵੇਂ ਰੱਖੇ ਹਨ ਤਾਂ ਜੋ ਨੌਜਵਾਨਾਂ ਨੂੰ ਵਿਭਿੰਨ ਖੇਤਰਾਂ ’ਚ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਘੱਟ ਦਰਾਂ ’ਤੇ ਕਰਜ਼ੇ ਮੁਹੱਈਆ ਕਰਵਾਏ ਜਾ ਸਕਣ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…