ਪੰਜਾਬ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ: ਵਿਧਾਇਕ ਕੁਲਵੰਤ ਸਿੰਘ

ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਕਰਨ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ:
ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਹਿਰੀ ਪਾਣੀ ਨੂੰ ਟੇਲਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਗਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਕਿਸਾਨ ਵਿਕਾਸ ਚੈਂਬਰ ਵਿਖੇ ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਕਰਨ ਬਾਰੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਉਪਰੰਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਕੁਲਵੰਤ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨੀ ਦੇਸ਼ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨੀ ਤੋਂ ਬਿਨਾਂ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਅਨਾਜ ਤੋਂ ਬਿਨਾਂ ਜੀਵਨ ਸੰਭਵ ਨਹੀਂ ਅਤੇ ਅਨਾਜ ਕਿਸਾਨ ਪੈਦਾ ਕਰਦਾ ਹੈ। ਕਿਸਾਨ ਘਾਟਾ-ਵਾਧਾ ਨਾ ਦੇਖਦੇ ਹੋਏ ਵੀ ਲੋਕਾਂ ਦਾ ਢਿੱਡ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਿਸਾਨ ਹਨ ਅਤੇ ਉਹ ਖੇਤੀ ਦੀ ਨਬਜ਼ ਪਛਾਣਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਸਬੰਧੀ ਨਵੀਆਂ ਤਕਨੀਕਾਂ ਲਿਆਂਦੀਆਂ ਜਾ ਰਹੀਆਂ ਹਨ। ਜਿਨ੍ਹਾਂ ਬਾਰੇ ਕੈਂਪ ਵਿੱਚ ਪ੍ਰਦਰਸ਼ਨੀ ਵੀ ਲਗਾਈ ਗਈ ਹੈ, ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਕਿਸਾਨ ਪਰਾਲੀ ਦੀ ਸੰਭਾਲ ਨੂੰ ਤਵੱਜੋ ਦੇ ਰਿਹਾ ਹੈ। ਸਰਕਾਰ ਵੱਲੋਂ ਵੀ ਪਰਾਲੀ ਦੀ ਸੰਭਾਲ ਹਿੱਤ ਵੱਧ ਤੋਂ ਵੱਧ ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਕਿਸਾਨਾਂ ਨੂੰ ਕਣਕ-ਝੋਨੇ ਦੇ ਗੇੜ ’ਚੋਂ ਨਿਕਲ ਕੇ ਸਹਾਇਕ ਧੰਦਿਆਂ ਵੱਲ ਵਧਣਾ ਚਾਹੀਦਾ ਹੈ। ਜੇਕਰ ਕਿਸਾਨ ਦੁੱਧ ਤੇ ਸਬਜ਼ੀਆਂ ਦਾ ਕਿੱਤਾ ਅਪਣਾਉਣ ਤਾਂ ਮੁਨਾਫ਼ਾ ਖੱਟ ਸਕਦੇ ਹਨ।
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਦਾ ਕਿਸਾਨ ਲੁੱਟਿਆ ਤੇ ਪੱਟਿਆ ਗਿਆ ਹੈ। ਕਿਸਾਨ ਕਰਜ਼ੇ ਦੇ ਪੈਸੇ ’ਚੋਂ ਖਾਦ ਖ਼ਰੀਦਦਾ ਸੀ, ਜੋ ਨਕਲੀ ਹੁੰਦੀ ਸੀ। ਇਸ ਤਰ੍ਹਾਂ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬਦਾ ਚਲਾ ਗਿਆ।
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਕਿਹਾ ਕਿ ਕਿਸਾਨ ਪਾਣੀ ਦੀ ਸੰਭਾਲ ਦੇ ਮੱਦੇਨਜ਼ਰ ਝੋਨੇ ਦੀਆਂ ਘੱਟ ਸਮੇਂ ਵਾਲੀਆਂ ਕਿਸਮਾਂ ਜਿਵੇਂ ਕਿ ਪੀਆਰ-126 ਵਰਗੀਆਂ ਕਿਸਮਾਂ ਲਗਾਉਣ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ 30 ਫੀਸਦੀ ਰਕਬਾ ਵਧਿਆ ਹੈ।
ਐਸਡੀਐਮ ਦੀਪਾਂਕਰ ਗਰਗ ਤੇ ਐੱਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਵੀ ਸੰਬੋਧਨ ਕੀਤਾ। ਖੇਤੀ ਮਾਹਰਾਂ ਵੱਲੋਂ ਵੱਖੋ-ਵੱਖ ਵਿਸ਼ਿਆਂ ’ਤੇ ਕਿਸਾਨਾਂ ਨਾਲ ਵਡਮੱੁਲੀ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ, ਸਹਾਇਕ ਪ੍ਰੋਫ਼ੈਸਰ ਹਰਮੀਤ ਕੌਰ, ਸੁਖਮਨ ਬਾਠ ਡਿਪਟੀ ਸੀਈਓ ਜ਼ਿਲ੍ਹਾ ਰੁਜ਼ਗਾਰ ਬਿਊਰੋ, ਡਾ. ਬੀਐਸ ਖੱਡਾ ਡਿਪਟੀ ਡਾਇਰੈਕਟਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…