Nabaz-e-punjab.com

ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਦਾਖਾ ਰੈਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਐਲਾਨ

ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਟਾਲਮਟੋਲ ਵਤੀਰਾ ਅਪਣਾਉਣ ਦੀ ਸਖ਼ਤ ਨਿਖੇਧੀ, ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਇੱਥੋਂ ਦੇ ਫੇਜ਼-3ਬੀ1 ਸਥਿਤ ਰੋਜ਼ ਗਾਰਡਨ ਵਿੱਚ ਹੋਈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਟਾਲਮਟੋਲ ਦਾ ਵਤੀਰਾ ਅਪਨਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੀਟਿੰਗ ਵਿੱਚ ਪੰਜਾਬ ਤੇ ਯੂਟੀ ਐਂਪਲਾਈਜ਼ ਐਂਡ ਪੈਨਸ਼ਨਰਜ਼ ਜਾਇੰਟ ਐਕਸ਼ਨ ਕਮੇਟੀ ਅਤੇ ਪੰਜਾਬ ਪੈਨਸ਼ਨਜ਼ ਮਹਾਂ ਸੰਘ ਦੇ ਫੈਸਲੇ ’ਤੇ ਫੁਲ ਚੜ੍ਹਾਉਂਦਿਆਂ ਮੁਹਾਲੀ ਜ਼ਿਲ੍ਹੇ ਦੇ ਪੈਨਸ਼ਨਰਾਂ ਵੱਲੋਂ 14 ਅਕਤੂਬਰ ਨੂੰ ਦਾਖਾ ਰੈਲੀ ਕੀਤੀ ਜਾਣ ਵਾਲੀ ਰੋਸ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਐਨਕੇ ਕਲਸੀ ਅਤੇ ਸੁੱਚਾ ਸਿੰਘ ਕਲੋੜ ਨੇ ਦੱਸਿਆ ਕਿ 14 ਅਕਤੂਬਰ ਨੂੰ ਸਵੇਰੇ ਇੱਥੋਂ ਦੇ ਫੇਜ਼-9 ਦੀ ਮਾਰਕੀਟ ਵਿੱਚ ਸਥਿਤ ਪੈਟਰੋਲ ਪੰਪ ਨੇੜਿਓਂ ਦਾਖ਼ਲਾ ਰੈਲੀ ਲਈ ਪਹੁੰਚਣ ਲਈ ਬੱਸਾਂ ਰਵਾਨਾ ਹੋਣਗੀਆਂ। ਉਨ੍ਹਾਂ ਜ਼ਿਲੇ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਦਾਖ਼ਾ ਰੈਲੀ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਪੰਜਾਬ ਦੀ ਗੂੰਗੀ ਬੋਲੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾ ਸਕੇ। ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਵਿੱਚ ਡੀਏ ਦੀਆਂ ਚਾਰ ਕਿਸ਼ਤਾਂ ਦੀ ਤੁਰੰਤ ਅਦਾਇਗੀ, ਪਹਿਲਾਂ ਜਾਰੀ ਕੀਤੀਆਂ ਕਿਸ਼ਤਾਂ ਦੇ 66 ਮਹੀਨੇ ਦੇ ਬਕਾਏ ਦੀ ਤੁਰੰਤ ਅਦਾਇਗੀ, ਤਨਖ਼ਾਹ ਕਮਿਸ਼ਨ ਦੀ ਰਿਪੋਰਟ ਪ੍ਰਾਪਤ ਕਰਕੇ ਤੁਰੰਤ ਲਾਗੂ ਕਰਨ, ਮੈਡੀਕਲ ਭੱਤੇ ਵਿੱਚ ਵਾਧਾ ਅਤੇ ਕੈਸ਼ਲੈਸ ਮੈਡੀਕਲ ਸਕੀਮ ਲਾਗੂ ਕਰਨ ਦੀਆਂ ਮੰਗਾਂ ਸ਼ਾਮਲ ਹਨ।
ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਨੀਆਂ ਮੰਗਾਂ ਤੁਰੰਤ ਲਾਗੂ ਨਹੀਂ ਕੀਤੀਆਂ ਤਾਂ ਸਰਕਾਰੀ ਧਿਰ ਨੂੰ ਜ਼ਿਮਨੀ ਚੋਣਾਂ ਵਿੱਚ ਸਾਰੇ ਹਲਕਿਆਂ ਵਿੱਚ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਕਈ ਸਾਲ ਤੋਂ ਲਮਕ ਰਹੀਆਂ ਮੰਗਾਂ ਵੱਲ ਤੁਰੰਤ ਧਿਆਨ ਦੇ ਕੇ ਲਾਗੂ ਕੀਤਾ ਜਾਵੇ।
ਮੀਟਿੰਗ ਨੂੰ ਰਣਬੀਰ ਸਿੰਘ ਢਿੱਲੋਂ, ਕਰਤਾਰ ਸਿੰਘ ਪਾਲ, ਮੂਲ ਰਾਜ ਸ਼ਰਮਾ, ਜਰਨੈਲ ਸਿੰਘ ਸਿੱਧੂ, ਕੁਲਦੀਪ ਸਿੰਘ ਜਾਂਗਲਾ, ਭਗਤ ਰਾਮ ਰੰਗਾੜਾ, ਕੁਲਦੀਪ ਸਿੰਘ ਜਾਂਗਲਾ ਅਤੇ ਮਦਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…