Share on Facebook Share on Twitter Share on Google+ Share on Pinterest Share on Linkedin ਸਿੱਖ ਅਜਾਇਬਘਰ ਲਈ ਮੁਹਾਲੀ ਵਿੱਚ ਪੱਕੀ ਥਾਂ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ: ਬਲਬੀਰ ਸਿੱਧੂ ਅਜਾਇਬਘਰ ਦੇ ਬਾਨੀ ਪਰਵਿੰਦਰ ਸਿੰਘ ਦੇ ਉਪਰਾਲਿਆਂ ਦੀ ਸ਼ਲਾਘਾ, 1 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਰਸੇ ਦੀ ਸੰਭਾਲ ਲਈ ਵੱਡੇ ਪੱਧਰ ਉਤੇ ਯਤਨ ਕੀਤੇ ਜਾ ਰਹੇ ਹਨ ਅਤੇ ਮੁਹਾਲੀ ਤੇ ਬਲੌਂਗੀ ਦੀ ਹੱਦ ’ਤੇ ਪਰਵਿੰਦਰ ਸਿੰਘ ਵੱਲੋਂ ਬਣਾਏ ਗਏ ਆਰਜ਼ੀ ਸਿੱਖ ਅਜਾਇਬਘਰ ਲਈ ਪੱਕੀ ਥਾਂ ਮੁਹੱਈਆ ਕਰਵਾਈ ਜਾਵੇਗੀ ਅਤੇ ਪਰਵਿੰਦਰ ਸਿੰਘ ਵੱਲੋਂ ਬਣਾਏ ਗਏ ਜੰਗੇ ਆਜ਼ਾਦੀ ਦੇ ਸ਼ਹੀਦਾਂ ਦੇ ਬੁੱਤ ਸਰਕਾਰੀ ਅਜਾਇਬਘਰਾਂ ਵਿੱਚ ਵੀ ਲਾਏ ਜਾਣਗੇ ਅਤੇ ਇਸ ਦੇ ਨਾਲ ਨਾਲ ਪਰਵਿੰਦਰ ਸਿੰਘ ਦੇ ਨਾਂ ਦੀ ਸਿਫਾਰਸ਼ ਸਟੇਟ ਐਵਾਰਡ ਲਈ ਵੀ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬਲੌਂਗੀ ਸਥਿਤ ਸਿੱਖ ਅਜਾਇਬਘਰ ਵਿਖੇ ਸ਼ਹੀਦੀ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਿ.ਰਕਤ ਕਰਦਿਆਂ ਕੀਤਾ। ਇਸ ਮੌਕੇ ਅਜਾਇਬਘਰ ਵਿਖੇ ਸ਼ਹੀਦ ਊਧਮ ਸਿੰਘ ਦਾ ਬੁੱਤ ਵੀ ਸਥਾਪਤ ਕੀਤਾ ਗਿਆ। ਇਸ ਮੌਕੇ ਸਿੱਧੂ ਨੇ ਇਸ ਅਜਾਇਬਘਰ ਲਈ 1 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸਿੱਖ ਹੈਰੀਟੇਜ ਅਤੇ ਕਲਚਰਲ ਸੁਸਾਇਟੀ ਦੇ ਪ੍ਰਧਾਨ ਪਰਵਿੰਦਰ ਸਿੰਘ ਦੇ ਯਤਨਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਓਨੀ ਥੋੜੀ ਹੈ। ਇਸ ਲਈ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਿਸ਼ੇਸ਼ ਤੌਰ ਉਤੇ ਇਸ ਅਜਾਇਬਘਰ ਦਾ ਦੌਰਾ ਕਰਨ ਆਉਣਗੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਨੇ ਇਸ ਅਜਾਇਬਘਰ ਜ਼ਰੀਏ ਲੋਕਾਂ, ਖਾਸਕਰ ਕੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਜੇਕਰ ਪੰਜਾਬ ਦੇ ਨੌਜਵਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਸੰਜੋਈ ਅਮੀਰ ਵਿਰਾਸਤ ਨਾਲ ਜੁੜ ਜਾਂਦੇ ਹਨ ਤਾਂ ਨਸ਼ਿਆਂ ਸਮੇਤ ਸੂਬੇ ਵਿਚਲੀਆਂ ਹੋਰ ਮੁਸ਼ਕਲਾਂ ਵੱਡੇ ਪੱਧਰ ’ਤੇ ਬਹੁਤ ਛੇਤੀ ਹੱਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ ਅਤੇ ਮਾਪਿਆਂ ਲਈ ਇਹ ਜ਼ਰੂਰੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸ਼ਹੀਦਾਂ ਬਾਰੇ ਦੱਸਣ ਤੇ ਸਾਰੇ ਸਮਾਜ ਨੂੰ ਸ਼ਹੀਦਾਂ ਵੱਲੋਂ ਦਰਸਾਏ ਰਾਹ ਉਤੇ ਤੁਰਨ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਮੀਰ ਵਿਰਸੇ ਦੀ ਸੰਭਾਲ ਲਈ ਸਦਾ ਯਤਨਸ਼ੀਲ ਹੈ ਤੇ ਵਿਰਸੇ ਦੀ ਸੰਭਾਲ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਵੱਧ ਤੋਂ ਵੱਧ ਉਤਸ਼ਾਹਤ ਕੀਤਾ ਜਾਵੇਗਾ। ਇਸ ਮੌਕੇ ਪਰਵਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਬਲਾਕ ਕਾਂਗਰਸ ਦੇ ਪ੍ਰਧਾਨ ਮੋਹਨ ਸਿੰਘ ਬਠਲਾਣਾ, ਕੁਲਵੰਤ ਸਿੰਘ ਕਲੇਰ, ਹਰਭਜਨ ਸਿੰਘ, ਬਹਾਦਰ ਸਿੰਘ, ਕੁਲਵੰਤ ਚੌਧਰੀ, ਬੀ.ਸੀ. ਪ੍ਰੇਮੀ ਬਲੌਂਗੀ, ਕੁਲਜੀਤ ਸਿੰਘ ਬਿੱਟੂ, ਜਸਪ੍ਰੀਤ ਸਿੰਘ ਗਿੱਲ, ਸਾਹਿਬ ਸਿੰਘ, ਇੰਦਰਜੀਤ ਸਿੰਘ ਖੋਖਰ, ਬਲਜੀਤ ਸਿੰਘ ਗਰੇਵਾਲ, ਗੁਰਚਰਨ ਸਿੰਘ ਭੰਵਰਾ, ਡੀ.ਪੀ. ਸ਼ਰਮਾ ਅਤੇ ਹਰਜੀਤ ਸਿੰਘ ਰਾਜੂ ਸਮੇਤ ਵੱਡੀ ਗਿਣਤੀ ਵਿੱਚ ਬਲੌਂਗੀ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ