ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਮੁੜ ਤੋਂ ਆਨਲਾਈਨ ਜਮਾਤਾਂ ਦੀ ਸ਼ੁਰੂਆਤ

ਕਈ ਸਰਕਾਰੀ ਸਕੂਲਾਂ ਨੇ ਆਨਲਾਈਨ ਜਮਾਤ ਲਈ ਲਾਗੂ ਕੀਤਾ ਟਾਈਮ ਟੇਬਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਪੰਜਾਬ ਵਿੱਚ ਕਰੋਨਾ ਦੀ ਦੂਜੀ ਲਹਿਰ ਅਤੇ ਰੋਜ਼ਾਨਾ ਕਰੋਨਾ ਕੇਸਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਕੋਵਿਡ-19 ਪਾਬੰਦੀਆਂ ਦੇ ਚੱਲਦਿਆਂ ਇੱਕ ਵਾਰ ਫਿਰ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕਰੋਨਾ ਪਰਛਾਵੇਂ ਹੇਠ ਆ ਗਈਆਂ ਹਨ। ਸਰਕਾਰ ਵੱਲੋਂ 31 ਮਾਰਚ ਤੱਕ ਵਿਦਿਆਰਥੀਆਂ ਲਈ ਸਕੂਲ ਬੰਦ ਕੀਤੇ ਜਾਣ ਨਾਲ ਬੋਰਡ ਅਤੇ ਨਾਨ ਬੋਰਡ ਕਲਾਸਾਂ ਦੀ ਪ੍ਰੀਖਿਆ ਲਟਕ ਕੇ ਰਹਿ ਗਈ ਹੈ। ਜਿਸ ਕਾਰਨ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਕਾਫੀ ਚਿੰਤਤ ਹਨ।
ਸਰਕਾਰ ਵੱਲੋਂ ਕਰੋਨਾ ਬਚਾਅ ਤੋਂ ਲਾਗੂ ਪਾਬੰਦੀਆਂ ਦੇ ਚੱਲਦਿਆਂ 31 ਮਾਰਚ ਤੱਕ ਵਿਦਿਆਰਥੀਆਂ ਦੇ ਸਕੂਲ ਨਾ ਆਉਣ ਦੀਆਂ ਪਾਬੰਦੀਆਂ ਨੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਖਾਸ ਕਰਕੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਬਾਰੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਮਾਪਿਆਂ ਸਮੇਤ ਵਿਦਿਆਰਥੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਹਫ਼ਤਾਵਾਰੀ ਮੀਟਿੰਗ ਦੌਰਾਨ ਮੁੱਖ ਦਫ਼ਤਰ ਦੇ ਅਧਿਕਾਰੀਆਂ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਬਲਾਕ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਪੱਧਰੀ ਟੀਮਾਂ ਨਾਲ ਇਸ ਮੁੱਦੇ ’ਤੇ ਵਿਚਾਰ ਵਟਾਂਦਰੇ ਦੌਰਾਨ ਸਰਕਾਰ ਵੱਲੋਂ ਕਰੋਨਾ ਬਚਾਅ ਪਾਬੰਦੀਆਂ ਦੀ ਪਾਲਣਾ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਮੂਹ ਸਕੂਲਾਂ ਨੂੰ ਜਿੱਥੇ ਸਕੂਲਾਂ ਬਾਰੇ ਕਰੋਨਾ ਬਚਾਅ ਦੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਉੱਥੇ ਹੀ ਕਰੋਨਾ ਹਾਲਾਤਾਂ ਦੇ ਸੁਖਾਵੇਂ ਹੋਣ ’ਤੇ ਹੋਣ ਵਾਲੀਆਂ ਸਕੂਲੀ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਲਈ ਵੀ ਕਿਹਾ ਗਿਆ ਹੈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪਿਛਲੇ ਸੈਸ਼ਨ ਦੌਰਾਨ ਸਕੂਲਾਂ ਦੀ ਤਾਲਾਬੰਦੀ ਦੇ ਸਮੇਂ ਵੀ ਆਨਲਾਈਨ ਪੜ੍ਹਾਈ ਰਾਹੀਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਣ ਵਾਲੇ ਸੰਭਾਵੀ ਨੁਕਸਾਨ ਦੀ ਕਾਫ਼ੀ ਹੱਦ ਤੱਕ ਪੂਰਤੀ ਕਰ ਲਈ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਪਾਬੰਦੀਆਂ ਦੇ ਚੱਲਦਿਆਂ ਅਧਿਆਪਕ ਅਤੇ ਵਿਦਿਆਰਥੀਆਂ ਦਾ ਸਿੱਧਾ ਰਾਬਤਾ ਖ਼ਤਮ ਹੋਣ ’ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਮੁੜ ਤੋਂ ਆਨਲਾਈਨ ਪੜ੍ਹਾਈ ਦਾ ਰੁੱਖ ਕਰਦਿਆਂ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਜ਼ੂਮ ਜਮਾਤਾਂ ਲਗਾਉਣ ਸਮੇਤ ਸਮਾਜਿਕ ਸਹਿਯੋਗ ਨਾਲ ਕੀਤੇ ਜਾ ਸਕਣ ਵਾਲੇ ਹੋਰ ਵਸੀਲਿਆਂ ਜਰੀਏ ਵਿਦਿਆਰਥੀਆਂ ਦੀ ਪ੍ਰੀਖਿਆ ਤਿਆਰੀ ਦਾ ਆਲਮ ਜਾਰੀ ਰੱਖਿਆ ਹੋਇਆ ਹੈ। ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਕਿਸੇ ਵੀ ਵਿਦਿਆਰਥੀ ਦੀ ਪ੍ਰੀਖਿਆ ਤਿਆਰੀ ਪ੍ਰਭਾਵਿਤ ਨਹੀਂ ਹੋਣ ਦਿੱਤੀ ਜਾਵੇਗੀ।
ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਆਨਲਾਈਨ ਪੜ੍ਹਾਈ ਲਈ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਸਮਾਰਟ ਮੋਬਾਈਲ ਫ਼ੋਨ ਮੁਫ਼ਤ ਉਪਲਬਧ ਕਰਵਾਏ ਹੋਏ ਹਨ। ਆਨਲਾਈਨ ਪੜ੍ਹਾਈ ਦੇ ਸਾਧਨ ਤੋਂ ਸੱਖਣੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਡੀ ਗਰੁੱਪਾਂ ਅਤੇ ਸਮਾਜ ਦੀ ਮਦਦ ਨਾਲ ਆਨਲਾਈਨ ਪੜ੍ਹਾਈ ਨਾਲ ਜੋੜਿਆ ਜਾ ਰਿਹਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰਾ ਦੀ ਪ੍ਰਿੰਸੀਪਲ ਸ੍ਰੀਮਤੀ ਪੁਸ਼ਪਿੰਦਰ ਕੌਰ, ਕੁਰਾਲੀ ਸਕੂਲ ਦੀ ਪ੍ਰਿੰਸੀਪਲ ਚਰਨਜੀਤ ਕੌਰ, ਪ੍ਰਿੰਸੀਪਲ ਬੰਦਨਾਪੁਰੀ ਮੁੰਧੋਂ ਸੰਗਤੀਆਂ, ਹੈਡਮਿਸਟ੍ਰੈਸ ਆਂਚਲ ਜਿੰਦਲ, ਸਰਕਾਰੀ ਹਾਈ ਸਕੂਲ ਫਾਟਵਾਂ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲਾਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਵੱਖ ਵੱਖ ਮਾਧਿਅਮਾਂ ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਬੋਰਡ ਕਲਾਸਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਤਾਂ ਜੋ ਮਿਸ਼ਨ ਸਤ ਪ੍ਰਤੀਸ਼ਤ ਦਾ ਟੀਚਾ ਪੂਰਾ ਕੀਤਾ ਜਾ ਸਕੇ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…