nabaz-e-punjab.com

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਪਦਉਨਤੀਆਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦਾ ਫੈਸਲਾ

ਸਿੱਖਿਆ ਵਿਭਾਗ ਸਾਲ ਵਿੱਚ ਦੋ ਵਾਰ ਕਰੇਗਾ ਡੀਪੀਸੀ: ਅਰੁਣਾ ਚੌਧਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 5 ਜੁਲਾਈ
ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਪਦਉਨਤੀਆਂ ਦੀ ਖੜੋਤ ਨੂੰ ਖਤਮ ਕਰਨ ਲਈ ਇਕ ਅਹਿਮ ਫੈਸਲਾ ਕਰਦਿਆਂ ਸਾਲ ਵਿੱਚ ਦੋ ਵਾਰ ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਦੀ ਮੀਟਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਪਦਉਨਤੀ ਦੇ ਯੋਗ ਅਧਿਆਪਕ ਨਿਰਧਾਰਤ ਸਮੇਂ ਅੰਦਰ ਪਦਉਨਤ ਹੋਣਗੇ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਕੀਤਾ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀਆਂ ਹਦਾਇਤਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਦਾ ਮਕਸਦ ਵਿਭਾਗ ਦੇ ਕੰਮਕਾਜ ਨੂੰ ਸੁਖਾਲਾ ਬਣਾਉਣਾ ਅਤੇ ਮਿਆਰੀ ਸਿੱਖਿਆ ਦੇ ਟੀਚਿਆਂ ਨੂੰ ਹਾਸਲ ਕਰਨਾ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਦੀ ਖੜੋਤ ਖਤਮ ਕਰਨ ਅਤੇ ਅਧਿਆਪਕਾਂ ਵੱਲੋਂ ਖੁਦ ਵਾਰ-ਵਾਰ ਪਦਉਨਤੀ ਲਈ ਕੇਸ ਭੇਜਣ ਦੀ ਪ੍ਰਥਾ ਨੂੰ ਖਤਮ ਕਰਦਿਆਂ ਇਹ ਫੈਸਲਾ ਕੀਤਾ ਗਿਆ ਹੈ ਕਿ ਵਿਭਾਗ ਹਰ ਸਾਲ ਦੋ ਵਾਰ ਡੀ.ਪੀ.ਸੀ. ਕਰੇਗਾ ਅਤੇ ਸਬੰਧਤ ਜ਼ਿੰਮੇਵਾਰ ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਅਧਿਆਪਕਾਂ ਦੇ ਰਿਕਾਰਡ ਨੂੰ ਮੇਨਟੇਨ ਕਰਨਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਹਰ ਛੇ ਮਹੀਨਿਆਂ ਬਾਅਦ ਹੋਣ ਵਾਲੀ ਡੀ.ਪੀ.ਸੀ. ਵਿੱਚ ਆਉਂਦੇ ਛੇ ਮਹੀਨਿਆਂ ਵਿੱਚ ਖਾਲੀ ਹੋਣ ਵਾਲੀਆਂ ਪੋਸਟਾਂ ਨੂੰ ਵੀ ਧਿਆਨ ਵਿੱਚ ਰੱਖਦਿਆਂ ਅਧਿਆਪਕਾਂ ਦੀ ਪਦਉਨਤੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਅਧਿਆਪਕਾਂ ਦੀ ਸੀਨੀਅਰਤਾ ਸੂਚੀ ਨਾਲ ਸਬੰਧਤ ਕਈ ਮਾਮਲੇ ਅਕਸਰ ਲਟਕਦੇ ਰਹਿੰਦੇ ਹਨ ਅਤੇ ਹੁਣ ਇਸ ਮਾਮਲੇ ਨੂੰ ਪੱਕੇ ਤੌਰ ’ਤੇ ਹੱਲ ਕਰਨ ਦੇ ਮਕਸਦ ਤਹਿਤ ਹਰ ਡੀ.ਪੀ.ਸੀ. ਤੋਂ ਪਹਿਲਾਂ ਸੀਨੀਅਰਤਾ ਸੂਚੀ ਨੂੰ ਅੱਪਡੇਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਬੰਧਤ ਜ਼ਿੰਮੇਵਾਰ ਅਧਿਕਾਰੀ ਸੀਨੀਅਰਤਾ ਸੂਚੀ ਨੂੰ ਅੱਪਡੇਟ ਕਰੇਗਾ ਅਤੇ ਹਰ ਛੇ ਮਹੀਨਿਆਂ ਬਾਅਦ ਡੀ.ਪੀ.ਸੀ. ਕਰ ਕੇ ਖਾਲੀ ਪੋਸਟਾਂ ਨੂੰ ਧਿਆਨ ਵਿੱਚ ਰੱਖ ਕੇ ਯੋਗ ਅਧਿਆਪਕਾਂ ਦੀ ਪਦਉਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਅਧਿਆਪਕਾਂ ਦੀ ਪਦਉਨਤੀਆਂ ਦੀ ਖੜੋਤ ਖਤਮ ਹੋਵੇਗੀ ਉਥੇ ਹਰ ਵਾਰ ਅਧਿਆਪਕਾਂ ਵੱਲੋਂ ਡੀ.ਪੀ.ਸੀ. ਖੁਦ ਕੇਸ ਭੇਜਣ ਲਈ ਕੇਸ ਤਿਆਰ ਕਰਨ ਦੀ ਖੱਜਲ-ਖੁਆਰੀ ਵੀ ਖਤਮ ਹੋਵੇਗੀ। ਇਸ ਨਾਲ ਸੀਨੀਅਰਤਾ ਸਬੰਧੀ ਮਾਮਲਾ ਵੀ ਪੱਕੇ ਤੌਰ ’ਤੇ ਹੱਲ ਹੋ ਜਾਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…