ਮਾਈਨਿੰਗ ਮਾਫ਼ੀਆ ਨੂੰ ਨੱਥ ਪਾਏਗੀ ਪੰਜਾਬ ਸਰਕਾਰ, ਲੋਕਾਂ ਨੂੰ ਸਰਕਾਰੀ ਭਾਅ ’ਤੇ ਮਿਲੇਗਾ ਰੇਤਾ

ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ

ਪੰਜਾਬ ਦਿਵਸ ਮੌਕੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਮਿਸ਼ਨ ਕਲੀਨ ਦੀ ਸ਼ੁਰੂਆਤ

ਸਹਿਕਾਰਤਾ ਵਿਭਾਗ ਦੇ ਅਦਾਰਿਆਂ ਵਿੱਚ 747 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਰਿਸ਼ਵਤਖ਼ੋਰੀ ਮਾਮਲਿਆਂ ਵਿੱਚ ਸ਼ਾਮਲ ਅਤੇ ਲੋਕਾਂ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਅਤੇ ਮੁਲਾਜ਼ਮਾਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਖਰੜ-ਲਾਂਡਰਾਂ ਸੜਕ ’ਤੇ ਸਥਿਤ ਗਰੈਂਡ ਇੰਪੀਰੀਅਲ ਪੈਲੇਸ ਵਿੱਚ ਸਹਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਸੂਬਾ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪਾਰਦਰਸ਼ੀ ਤੇ ਲੋਕ-ਪੱਖੀ ਨਿਜ਼ਾਮ ਸਿਰਜਣ ਦਾ ਅਹਿਦ ਲੈਂਦਿਆਂ ਕਿਹਾ ਕਿ ਅੱਜ ਤੋਂ ਸਮੁੱਚੇ ਪੰਜਾਬ ਵਿੱਚ ਮਾਈਨਿੰਗ ਮਾਫ਼ੀਆ ਦੇ ਅੰਤ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਮਾਈਨਿੰਗ ਵਾਲੀ ਹਰੇਕ ਥਾਂ ਉੱਤੇ ਪੁਲੀਸ ਤਾਇਨਾਤ ਰਹੇਗੀ ਤਾਂ ਜੋ ਰੇਤੇ ਦੀ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਈ ਜਾ ਸਕੇ।
ਮੁੱਖ ਮੰਤਰੀ ਨੇ ਪੁਲੀਸ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਰੇਤਾ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮ ਭ੍ਰਿਸ਼ਟਾਚਾਰ ਵਿੱਚ ਲਿਪਤ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਕਿ ਹਫ਼ਤਾ ਵਸੂਲੀ ਤੁਰੰਤ ਬੰਦ ਕੀਤੀ ਜਾਵੇ ਤਾਂ ਜੋ ਲੋਕਾਂ ਦਾ ਸਰਕਾਰ ਵਿੱਚ ਵਿਸ਼ਵਾਸ ਮਜ਼ਬੂਤ ਹੋਵੇ। ਨਾਲ ਹੀ ਉਨ੍ਹਾਂ ਵਿਜੀਲੈਂਸ ਨੂੰ ਵੀ ਆਦੇਸ਼ ਦਿੱਤੇ ਕਿ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ’ਤੇ ਫੌਰੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਮੁਲਜ਼ਮਾਂ ਨੂੰ ਫੜਨ ਦੀ ਕਾਰਜਪ੍ਰਣਾਲੀ ਨੂੰ ਚੁਸਤ-ਦਰੁਸਤ ਕੀਤਾ ਜਾਵੇ।
ਮੁੱਖ ਮੰਤਰੀ ਨੇ ਸਹਿਕਾਰਤਾ ਵਿਭਾਗ ਦੇ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀ ਹਾਸਲ ਕਰਨ ਵਾਲੇ 750 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵੱਡਾ ਐਲਾਨ ਕੀਤਾ ਕਿ ਸਰਕਾਰੀ ਪੈਸੇ ਦਾ ਸਾਰਾ ਲੈਣ-ਦੇਣ ਪ੍ਰਾਈਵੇਟ ਬੈਂਕਾਂ ਦੀ ਥਾਂ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇਗਾ। ਇਸ ਫੈਸਲੇ ਨੂੰ ਲਾਗੂ ਕਰਨ ਲਈ ਛੇਤੀ ਮਤਾ ਲਿਆ ਕੇ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਅਰਧ ਸਰਕਾਰੀ ਅਦਾਰਿਆਂ ਦਾ ਲੈਣ-ਦੇਣ ਵੀ ਸਹਿਕਾਰੀ ਬੈਂਕਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਫੈਸਲੇ ਨੂੰ 15 ਦਿਨਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਨਾਲ ਇਨ੍ਹਾਂ ਬੈਂਕਾਂ ਨੂੰ ਮੁੜ ਸੁਰਜੀਤ ਕਰਨ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਜ ਸਹਿਕਾਰਤਾ ਵਿਭਾਗ ਦੇ ਤਿੰਨਾਂ ਅਦਾਰਿਆਂ ਸਹਿਕਾਰੀ ਬੈਂਕਾਂ, ਵੇਅਰਹਾਊਸਿੰਗ ਅਤੇ ਸ਼ੂਗਰਫੈੱਡ ਵਿੱਚ 747 ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਸਹਿਕਾਰੀ ਬੈਂਕਾਂ ਦੇ 623, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 97 ਅਤੇ ਸ਼ੂਗਰਫੈੱਡ ਦੇ 27 ਮੁਲਾਜ਼ਮ ਸ਼ਾਮਲ ਹਨ। ਅੱਜ ਸੀਨੀਅਰ ਮੈਨੇਜਰ, ਮੈਨੇਜਰ, ਆਈਟੀਓ, ਕਲਰਕ, ਤਕਨੀਕੀ ਸਹਾਇਕ ਅਤੇ ਡੇਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਤਰਸ ਦੇ ਆਧਾਰ ’ਤੇ ਨਿਯੁਕਤੀਆਂ ਦਾ ਬੈਕਲਾਗ ਪੂਰਾ ਕਰਦਿਆਂ 1996 ਤੋਂ ਬਾਅਦ 27 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਗਈ ਹੈ।

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਵੀਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਆਪਣਾ ਕੰਮ ਸਮਰਪਣ ਭਾਵਨਾ ਨਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 3.33 ਮੀਟਰਿਕ ਟਨ ਯੂਰੀਆ ਦੀ ਸਪਲਾਈ ਨਿਰਧਾਰਿਤ ਕਰ ਦਿੱਤੀ ਗਈ ਹੈ। ਸੂਬੇ ਵਿੱਚ ਡੀਏਪੀ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਮੇਅਰ ਜੀਤੀ ਸਿੱਧੂ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ, ਵਿੱਤ ਕਮਿਸ਼ਨਰ (ਵਿਕਾਸ) ਡੀਕੇ ਤਿਵਾੜੀ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਪੰਜਾਬ ਰਾਜ ਸਹਿਕਾਰੀ ਬੈਂਕਾਂ ਦੇ ਐਮਡੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸਐਸਪੀ ਨਵਜੋਤ ਸਿੰਘ ਮਾਹਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…