Nabaz-e-punjab.com

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਰਾਜ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮੁਹਾਲੀ ਵਿੱਚ 24 ਫਰਵਰੀ ਦੀ ਸੂਬਾ ਪੱਧਰੀ ਮਹਾ ਰੈਲੀ ਕਰਨ ਦਾ ਐਲਾਨ, ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਨੇ ਅੱਜ ਇੱਥੋਂ ਦੇ ਫੇਜ਼-3ਬੀ1 ਸਥਿਤ ਰੋਜ਼ ਗਾਰਡਨ ਵਿੱਚ ਪ੍ਰਧਾਨ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਮੌਕੇ ਪੰਜਾਬ ਯੂਟੀ ਐਂਪਲਾਈਜ਼ ਅਤੇ ਪੈਨਸ਼ਨਰਜ਼ ਸੰਯੁਕਤ ਐਕਸ਼ਨ ਕਮੇਟੀ ਅਤੇ ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਦੇ ਫੈਸਲੇ ’ਤੇ ਫੁਲ ਚੜ੍ਹਾਉਂਦੇ ਹੋਏ 24 ਫਰਵਰੀ ਨੂੰ ਮੁਹਾਲੀ ਵਿੱਚ ਹੋਣ ਵਾਲੀ ਸੂਬਾ ਪੱਧਰੀ ਮਹਾ ਰੈਲੀ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ।
ਬੁਲਾਰਿਆਂ ਨੇ ਮੁਹਾਲੀ ਜ਼ਿਲ੍ਹੇ ਦੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਸੂਬਾ ਪੱਧਰ ਰੈਲੀ ਵਿੱਚ ਹੁੰਮ-ਹੁੰਮਾ ਕੇ ਪੁੱਜਣ ਤਾਂ ਜੋ ਕੁੰਭਕਰਨ ਦੀ ਨੀਂਦ ਵਿੱਚ ਸੁੱਤੀ ਪਈ ਪੰਜਾਬ ਸਰਕਾਰ ਨੂੰ ਹਲੂਣਾ ਦੇ ਕੇ ਜਗਾਇਆ ਜਾ ਸਕੇ। ਆਗੂਆਂ ਨੇ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਲਮਕਦੀਆਂ ਜਾਇਜ਼ ਮੰਗਾਂ ਬਾਰੇ ਟਾਲਮਟੋਲ ਦਾ ਵਤੀਰਾ ਅਪਣਾਉਣ ਦਾ ਗੰਭੀਰ ਨੋਟਿਸ ਲੈਂਦਿਆਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਇਸ ਮੌਕੇ ਚੀਫ਼ ਪੈਟਰਨ ਰਘਬੀਰ ਸਿੰਘ ਸੰਧੂ, ਕਾਰਜਕਾਰੀ ਪ੍ਰਧਾਨ ਮੂਲਰਾਜ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਸਿੱਧੂ, ਜਨਰਲ ਸਕੱਤਰ ਡਾ. ਐਨਕੇ ਕਲਸੀ, ਸੱਜਣ ਸਿੰਘ, ਵਧੀਕ ਜਨਰਲ ਸਕੱਤਰ ਸੁੱਚਾ ਸਿੰਘ ਕਲੌੜ, ਰਵਿੰਦਰ ਗਿੱਲ, ਕਸ਼ਮੀਰ ਕੌਰ, ਰਣਯੋਧ ਸਿੰਘ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਤੋਂ ਰਿਪੋਰਟ ਪ੍ਰਾਪਤ ਕਰਕੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ 1 ਜਨਵਰੀ 2016 ਤੋਂ ਬਕਾਇਆ ਸੋਧੇ ਤਨਖ਼ਾਹ ਸਕੇਲਾਂ ਦਾ ਲਾਭ ਅਜੇ ਤਾਈਂ ਨਹੀਂ ਦਿੱਤਾ ਗਿਆ ਹੈ ਜਦੋਂਕਿ ਕੇਂਦਰ ਸਰਕਾਰ ਅਤੇ ਦੇਸ਼ ਦੇ ਬਾਕੀ ਸੂਬਿਆਂ ਨੇ ਆਪਣੇ ਮੁਲਾਜ਼ਮਾਂ ਨੂੰ ਇਹ ਸਾਰੇ ਲਾਭ ਕਾਫੀ ਸਮਾਂ ਪਹਿਲਾਂ ਹੀ ਦੇ ਦਿੱਤੇ ਗਏ ਹਨ। ਡੀਏ ਦੀਆਂ ਤਿੰਨ ਕਿਸਤਾਂ ਦੀ ਅਦਾਇਗੀ ਵੀ ਨਹੀਂ ਕੀਤੀ ਗਈ। ਜਦੋਂਕਿ ਆਈਏਐਸ/ਆਈਪੀਐਸ ਅਧਿਕਾਰੀਆਂ ਨੂੰ ਕੇਂਦਰ ਦੇ ਪੈਟਰਨ ’ਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਦਾ ਕੀਤੀਆ ਜਾ ਚੁੱਕੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੈਂਡਿੰਗ ਮੈਡੀਕਲ ਬਿੱਲਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ। ਪ੍ਰਾਈਵੇਟ ਹਸਪਤਾਲਾਂ ਵਿੱਚ ਹਰੇਕ ਬਿਮਾਰੀ ਦੇ ਇਲਾਜ ਲਈ ਖਰਚੇ ਦੇ ਰੇਟ (ਪੈਕੇਜ ਦਾ ਰੇਟ) ਨਿਸ਼ਚਿਤ ਕੀਤਾ ਜਾਵੇ ਅਤੇ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਜਨ ਅੌਸ਼ਧੀ ਕੇਂਦਰ (ਦਵਾਈਆਂ ਦੀਆਂ ਸਰਕਾਰੀ ਦੁਕਾਨਾਂ) ਖੋਲ੍ਹੀਆਂ ਜਾਣ। ਪੈਨਸ਼ਨਰਾਂ ਤੇ ਫੈਮਿਲੀ ਪੈਨਸਨਰਾਂ ਦਾ ਆਮਦਨ ਕਰ ਕੱਟਣਾ ਬੰਦ ਕੀਤਾ ਜਾਵੇ ਕਿਉਂ ਜੋ ਪੈਨਸ਼ਨਰਾਂ ਨੂੰ ਕਿਸੇ ਕਿਸਮ ਦੀ ਆਮਦਨ ਨਹੀਂ ਹੈ।
ਜਨਰਲ ਸਕੱਤਰ ਡਾ. ਐਨਕੇ ਕਲਸੀ ਨੇ ਦੱਸਿਆ ਕਿ ਬੀਤੇ ਦਿਨੀਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਵਾਉਣ ਦੀ ਗੁਹਾਰ ਲਗਾਈ ਗਈ ਅਤੇ ਮੰਗ ਪੱਤਰ ਦਿੱਤਾ ਗਿਆ। ਮੰਤਰੀ ਨੇ ਭਰੋਸਾ ਦਿੱਤਾ ਕਿ ਸਿਹਤ ਵਿਭਾਗ ਨਾਲ ਸਬੰਧਤ ਮੰਗਾਂ ਬਾਰੇ ਉੱਚ ਅਧਿਕਾਰੀਆਂ ਦੀ ਐਸੋਸੀਏਸ਼ਨ ਦੇ ਮੋਹਰੀ ਆਗੂਆਂ ਨਾਲ ਸਾਂਝੀ ਮੀਟਿੰਗ ਸੱਦ ਕੇ ਨਿਪਟਾਰਾ ਕੀਤਾ ਜਾਵੇਗਾ। ਕੈਸਲੈਸ ਟਰੀਟਮੈਂਟ ਦੀ ਮੰਗ ਬਾਰੇ ਮੰਤਰੀ ਨੇ ਛੇਤੀ ਲਾਗੂ ਕਰਨ ਦਾ ਭਰੋਸਾ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…