
ਫੀਸ ਮਾਮਲਾ: ਪੰਜਾਬ ਸਰਕਾਰ ਵੱਲੋਂ ਓਪੀ ਬਾਂਸਲ ਸਕੂਲ ਮੰਡੀ ਗੋਬਿੰਦਗੜ੍ਹ ਦੀ ਐਨਓਸੀ ਰੱਦ
ਸਿੱਖਿਆ ਵਿਭਾਗ ਦੇ ਸਕੱਤਰ ਨੇ ਜਾਰੀ ਕੀਤੇ ਹੁਕਮ, ਪੇਰੈਂਸਟ ਐਸੋਸੀਏਸ਼ਨ ਨੇ ਚੁੱਕਿਆਂ ਸੀ ਮਾਮਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ:
ਪੰਜਾਬ ਸਰਕਾਰ ਨੇ ਮਨਮਾਨੀਆਂ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਸ਼ਿਕੰਜਾ ਕੱਸ ਦਿੰਦਿਆਂ ਓਪੀ ਬਾਂਸਲ ਮਾਡਰਨ ਸਕੂਲ ਮੰਡੀ ਗੋਬਿੰਦਗੜ੍ਹ ਦੀ ਐਨਓਸੀ ਰੱਦ ਕਰ ਦਿੱਤੀ ਹੈ। ਸਕੂਲ ਮੈਨੇਜਮੈਂਟ ’ਤੇ ਫੀਸ ਵਸੂਲੀ ਅਤੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਤੋਂ ਵਾਂਝਾ ਰੱਖਣ ਅਤੇ ਮਾਪਿਆਂ ਨਾਲ ਕਥਿਤ ਵਧੀਕੀਆਂ ਕਰਨ ਦਾ ਦੋਸ਼ ਹੈ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪ੍ਰਬੰਧਕਾਂ ਦੀਆਂ ਵਧੀਕੀਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਕੂਲ ਦੀ ਐਨਓਸੀ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਦੀ ਹੁਕਮਾਂ ਦੀ ਕਾਪੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫਤਹਿਗੜ੍ਹ ਸਾਹਿਬ ਅਤੇ ਸਕੂਲ ਵਿੱਚ ਭੇਜੇ ਗਏ ਹਨ।
ਅੱਜ ਇੱਥੇ ਪੰਜਾਬ ਅਗੇਂਸਟ ਕਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਪੇਰੈਂਟਸ ਵੈੱਲਫੇਅਰ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਰਾਜੀਵ ਸਿੰਗਲਾ, ਧਰਮਿੰਦਰ, ਸੰਜੇ, ਦਲਬੀਰ ਸਿੰਘ, ਦਿਨੇਸ਼ ਗੁਪਤਾ ਨੇ ਮੁਹਾਲੀ ਪ੍ਰੈੱਸ ਕਲੱਬ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਓਪੀ ਬਾਂਸਲ ਮਾਡਰਨ ਸਕੂਲ ਮੰਡੀ ਗੋਬਿੰਦਗੜ੍ਹ ਦੀਆਂ ਵਧੀਕੀਆਂ ਦਾ ਮਾਮਲਾ ਸਾਹਮਣੇ ਲਿਆਂਦਾ। ਉਨ੍ਹਾਂ ਦੱਸਿਆ ਕਿ ਫੀਸਾਂ ਨਾ ਦੇਣ ਵਾਲੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਅਗਲੀ ਕਲਾਸ ਵਿੱਚ ਦਾਖ਼ਲ ਨਹੀਂ ਕੀਤਾ ਜਾ ਰਿਹਾ ਹੈ।
ਪੇਰੈਂਟਸ ਐਸੋਸੀਏਸ਼ਨ ਨੇ ਇਸ ਸਬੰਧੀ ਸਰਕਾਰੀ ਦਫ਼ਤਰਾਂ ਅਤੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਇਹ ਸਕੂਲ ਸੀਬੀਐਸਈ ਨਾਲ ਐਫ਼ੀਲੀਏਟਿਡ ਹੋਣ ਕਾਰਨ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਦੀ ਪ੍ਰਵਾਹ ਨਹੀਂ ਕਰਦਾ। ਇਸ ਮਗਰੋਂ ਪੇਰੈਂਟਸ ਐਸੋਸੀਏਸ਼ਨ ਨੇ ਇਨਸਾਫ਼ ਪ੍ਰਾਪਤੀ ਲਈ ਹਾਈ ਕੋਰਟ ਦਾ ਬੂਹਾ ਖੜਕਾਇਆ। ਹਾਈ ਕੋਰਟ ਵੱਲੋਂ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਬਣਦੀ ਕਾਰਵਾਈ ਕਰਨ ਲਈ ਲਿਖਿਆ ਗਿਆ। ਇਸ ਤਰ੍ਹਾਂ ਸਿੱਖਿਆ ਵਿਭਾਗ ਵੱਲੋਂ 1 ਜੁਲਾਈ ਨੂੰ ਸਕੂਲ ਮੈਨੇਜਮੈਂਟ\ਪ੍ਰਿੰਸੀਪਲ ਨੂੰ ਪੱਤਰ ਲਿਖ ਕੇ ਕਿਹਾ ਗਿਆ ਕਿ ਜਿਨ੍ਹਾਂ ਵਿਦਿਆਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ, ਘੋਸ਼ਿਤ ਕੀਤਾ ਜਾਵੇ ਅਤੇ ਤੁਰੰਤ ਪ੍ਰਭਾਵ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾਣ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਕੀਤੀ ਜਾਵੇਗੀ ਪਰ ਪ੍ਰਬੰਧਕਾਂ ਨੇ ਸਿੱਖਿਆ ਵਿਭਾਗ ਦੇ ਹੁਕਮਾਂ ਨੂੰ ਬਹੁਤ ਤਵੱਜੋ ਨਹੀਂ ਦਿੱਤੀ। ਜਿਸ ਕਾਰਨ ਸਿੱਖਿਆ ਸਕੱਤਰ ਨੇ ਸਕੂਲ ਦੀ ਐਨਓਸੀ ਰੱਦ ਕਰਕੇ ਸੀਬੀਐਸਈ ਨੂੰ ਪੱਤਰ ਲਿਖਿਆ ਗਿਆ। ਉਧਰ, ਇਸ ਸਬੰਧੀ ਸਕੂਲ ਮੈਨੇਜਮੈਂਟ ਨਾਲ ਲਗਾਤਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਇਸ ਮਗਰੋਂ ਉਨ੍ਹਾਂ ਨੂੰ ਟੈਕਸ ਮੈਜਿਸ ਅਤੇ ਵਸਟਐਪ ’ਤੇ ਆਪਣਾ ਪੱਖ ਰੱਖਣ ਲਈ ਸੁਨੇਹਾ ਭੇਜਿਆ ਗਿਆ ਪ੍ਰੰਤੂ ਫਿਰ ਵੀ ਉਨ੍ਹਾਂ ਮੀਡੀਆ ਨਾਲ ਕੋਈ ਗੱਲ ਕਰਨੀ ਜ਼ਰੂਰੀ ਨਹੀਂ ਸਮਝੀ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦਫ਼ਤਰ ਦੇ ਸੁਪਰਡੈਂਟ ਨੇ ਸਿੱਖਿਆ ਸਕੱਤਰ ਰਾਹੀਂ ਸੂਬਾ ਸਰਕਾਰ ਦੇ ਹੁਕਮ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਕਤ ਸਕੂਲ ਦੀ ਐਨਓਸੀ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਓਪੀ ਮਾਡਰਨ ਸਕੂਲ ਦੀ ਐਨਓਸੀ ਰੱਦ ਕਰਨ ਦੇ ਹੁਕਮਾਂ ਦੀ ਕਾਪੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਵਿੱਚ ਪਹੁੰਚ ਗਈ ਹੈ ਅਤੇ ਤਾਜ਼ਾ ਹੁਕਮਾਂ ਬਾਰੇ ਸਬੰਧਤ ਸਕੂਲ ਨੂੰ ਸੂਚਿਤ ਕਰ ਦਿੱਤਾ ਗਿਆ ਹੈ।