ਪੰਜਾਬ ਪੁਲੀਸ ਵੱਲੋਂ ਅੱਤਵਾਦੀ ਰਿੰਦਾਂ ਦੇ ਸਾਥੀ ਸਣੇ 3 ਸਾਰਪ ਸ਼ੂਟਰ ਅਸਲੇ ਸਣੇ ਗ੍ਰਿਫ਼ਤਾਰ

ਇੱਕ ਗੈਂਗਸਟਰ ਨੂੰ ਨੇਪਾਲ ਬਾਰਡਰ ਅਤੇ ਦੋ ਜਣੇ ਗੁਰੂਗਰਾਮ ਤੋਂ ਕੀਤੇ ਕਾਬੂ

ਮੁਲਜ਼ਮਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਹਵਾਈ ਅੱਡੇ ਤੋਂ ਮੁਹਾਲੀ ਲਿਆਂਦਾ

ਨਬਜ਼-ਏ-ਪੰਜਾਬ, ਮੁਹਾਲੀ, 8 ਸਤੰਬਰ:
ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਵੱਲੋਂ ਵਿਦੇਸ਼ ਆਧਾਰਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਰਿੰਦਾਂ ਦੇ ਸਾਥੀ ਸਣੇ 3 ਸਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਅਨੁਸਾਰ ਇਨ੍ਹਾਂ ’ਚੋਂ ਇੱਕ ਮੁਲਜ਼ਮ ਨੂੰ ਭਾਰਤ-ਨੇਪਾਲ ਸਰਹੱਦ ਅਤੇ ਦੋ ਮੁਲਜ਼ਮਾਂ ਨੂੰ ਗੁਰੂਗਰਾਮ ਤੋਂ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਪਛਾਣ ਜਸਕਰਨ ਸਿੰਘ ਉਰਫ਼ ਜੱਸੀ ਪਿੰਡ ਲੋਧੀਪੁਰਾ (ਸ਼ਹੀਦ ਭਗਤ ਸਿੰਘ ਨਗਰ), ਜੁਗਰਾਜ ਸਿੰਘ ਉਰਫ਼ ਜੋਗਾ ਪੱਰੀਵਾਲ (ਜਲੰਧਰ) ਅਤੇ ਸੁਖਮਨਜੀਤ ਸਿੰਘ ਉਰਫ਼ ਸੁਖਮਨ ਬਰਾੜ ਵਾਸੀ ਨਿਊ ਦਿਉਲ ਨਗਰ (ਜਲੰਧਰ) ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਪੰਜਾਬ ਪੁਲੀਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਬਾਅਦ ਦੁਪਹਿਰ ਦਿੱਲੀ ਤੋਂ ਮੁਹਾਲੀ ਲਿਆਂਦਾ ਗਿਆ। ਇਨ੍ਹਾਂ ਗੈਂਗਸਟਰਾਂ ਨੂੰ ਕਾਬੂ ਕਰਨ ਵਾਲੀ ਟੀਮ ਵਿੱਚ ਏਆਈਜੀ ਸੰਦੀਪ ਗੋਇਲ ਦੇ ਨਾਲ ਡੀਐਸਪੀ ਰਮਨਦੀਪ ਸਿੰਘ, ਡੀਐਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਸ਼ਾਮਲ ਸਨ।
ਇਸ ਮੌਕੇ ਮੁਹਾਲੀ ਏਅਰਪੋਰਟ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਏਜੀਟੀਐਫ਼ ਦੇ ਏਆਈਜੀ ਡਾ. ਸੰਦੀਪ ਗੋਇਲ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੈਨ-ਇੰਡੀਆ ਅਪਰੇਸ਼ਨ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਗੈਂਗਸਟਰ ਸੋਨੂੰ ਖੱਤਰੀ ਅਤੇ ਅੱਤਵਾਦੀ ਹਰਵਿੰਦਰ ਰਿੰਦਾਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਮੁਲਜ਼ਮਾਂ ਕੋਲੋਂ .32 ਬੋਰ ਦੇ ਤਿੰਨ ਵਿਦੇਸ਼ੀ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ।
ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪੰਜ ਕਤਲ, 7 ਇਰਾਦਾ ਕਤਲ ਸਮੇਤ ਅਤੇ ਹੋਰ ਕਈ ਅਪਰਾਧਿਕ ਪਰਚੇ ਦਰਜ ਹਨ। ਉਕਤ ਤਿੰਨੇ ਸਾਰਪ ਸ਼ੂਟਰ ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿੱਚ ਦਿਨ-ਦਿਹਾੜੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ, ਗੈਂਗਸਟਰ ਸੋਨੂੰ ਖੱਤਰੀ ਦੇ ਕਹਿਣ ’ਤੇ ਪੰਜਾਬ ਵਿੱਚ ਸਨਸਨੀਖ਼ੇਜ਼ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਨੇਪਾਲ ਵਿੱਚ ਸਥਿਤ ਆਪਣੇ ਟਿਕਾਣਿਆਂ ’ਤੇ ਪਹੁੰਚ ਕੇ ਪਨਾਹ ਲੈ ਲੈਂਦੇ ਸਨ। ਇਹ ਮੁਲਜ਼ਮ ਕਾਫ਼ੀ ਸਮੇਂ ਤੋਂ ਪੰਜਾਬ ਪੁਲੀਸ ਨਾਲ ਲੁਕਣਮੀਟੀ ਖੇਡਦੇ ਆ ਰਹੇ ਸੀ ਪ੍ਰੰਤੂ ਹੁਣ ਪੰਜਾਬ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਕੋਲੋਂ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲੀਸ ਨੂੰ ਅਪਰਾਧਿਕ ਮਾਮਲਿਆਂ ਸਬੰਧੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …