ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ
ਨਬਜ਼-ਏ-ਪੰਜਾਬ, ਮੁਹਾਲੀ, 7 ਜਨਵਰੀ:
ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਵਿਸ਼ੇਸ਼ ਮੀਟਿੰਗ ਅੱਜ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਦਾ ਮਤਾ ਪੇਸ਼ ਕੀਤਾ ਗਿਆ। ਜਿਸ ਨੂੰ ਹਾਜ਼ਰ ਸਾਰੇ ਸਾਬਕਾ ਪੁਲੀਸ ਅਫ਼ਸਰਾਂ ਅਤੇ ਮੁਲਾਜ਼ਮਾਂ ਨੇ ਦੋਵੇਂ ਹੱਥ ਖੜੇ ਕਰਕੇ ਪ੍ਰਵਾਨਗੀ ਦਿੱਤੀ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਫੌਰੀ ਮੰਨੀਆਂ ਜਾਣ।
ਮਹਿੰਦਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਕਿਸਾਨੀ ਮੰਗਾਂ ਹੱਲ ਕਰਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਜਾਵੇ ਅਤੇ ਪੰਜਾਬ ਸਰਕਾਰ ਇਸ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਸੱਦ ਕੇ ਕਿਸਾਨਾਂ ਦੇ ਹੱਕ ਵਿੱਚ ਕੋਈ ਠੋਸ ਪ੍ਰੋਗਰਾਮ ਉਲੀਕੇ। ਉਨ੍ਹਾਂ ਨੇ ਸੇਵਾਮੁਕਤ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਪੈਂਡਿੰਗ ਪਈਆਂ ਮੰਗਾਂ ਨੂੰ ਜਲਦੀ ਮੰਨਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਡੀਐਸਪੀ (ਸੇਵਾਮੁਕਤ) ਅਜੀਤ ਸਿੰਘ ਗੁਰਾਇਆ, ਇੰਸਪੈਕਟਰ ਪਰਮਜੀਤ ਸਿੰਘ, ਇੰਸਪੈਕਟਰ ਦਲਜੀਤ ਸਿੰਘ, ਇੰਸਪੈਕਟਰ (ਸੇਵਾਮੁਕਤ) ਰਘਬੀਰ ਸਿੰਘ ਰੀਡਰ, ਥਾਣੇਦਾਰ ਗਿਆਨ ਸਿੰਘ, ਥਾਣੇਦਾਰ ਰਮੇਸ਼ ਕੁਮਾਰ ਕੁਰਾਲੀ, ਇੰਸਪੈਕਟਰ ਆਤਮਜੀਤ ਸਿੰਘ, ਥਾਣੇਦਾਰ ਮਹਿੰਦਰ ਸਿੰਘ ਭਾਖਰਪੁਰ, ਥਾਣੇਦਾਰ ਲਾਲ ਸਿੰਘ (ਸਾਰੇ ਸੇਵਾਮੁਕਤ) ਤੋਂ ਇਲਾਵਾ ਵੱਡੀ ਗਿਣਤੀ ਮੈਂਬਰ ਹਾਜ਼ਰ ਸਨ।