ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਐਸਐਚਓ ਅਤੇ ਪੁਲੀਸ ਪਾਰਟੀ ’ਤੇ ਕੀਤੇ ਹਮਲੇ ਦੀ ਨਿਖੇਧੀ
ਨਬਜ਼-ਏ-ਪੰਜਾਬ, ਮੁਹਾਲੀ, 5 ਦਸੰਬਰ:
ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੇ ਬੀਤੇ ਦਿਨੀਂ ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਐਸਐਚਓ ਇੰਸਪੈਕਟਰ ਗੁਰਵੀਰ ਸਿੰਘ ਅਤੇ ਹੋਰ ਪੁਲੀਸ ਮੁਲਾਜ਼ਮਾਂ ਉੱਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨਾਲ ਸਬੰਧਤ ਕੁੱਝ ਹੁੱਲੜਬਾਜ਼ ਵਿਅਕਤੀਆਂ ਵੱਲੋਂ ਕੀਤੇ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਅੱਜ ਇੱਥੇ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਨੇ ਕਿਹਾ ਕਿ ਪੈਨਸ਼ਨਰ ਐਸੋਸੀਏਸ਼ਨ ਜੇਰੇ ਇਲਾਜ ਇੰਸਪੈਕਟਰ ਗੁਰਵੀਰ ਸਿੰਘ ਅਤੇ ਪੁਲੀਸ ਮੁਲਾਜ਼ਮਾਂ ਨਾਲ ਹਮਦਰਦੀ ਦਾ ਪ੍ਰਗਵਾਟਾ ਕਰਦੀ ਹੈ। ਉਨ੍ਹਾਂ ਦੱਸਿਆ ਕਿ 4 ਦਸੰਬਰ ਨੂੰ ਇੰਸਪੈਕਟਰ ਗੁਰਵੀਰ ਸਿੰਘ ਸਮੇਤ ਪੁਲੀਸ ਪਾਰਟੀ ਨਾਕੇ ’ਤੇ ਤਾਇਨਾਤ ਸਨ, ਜਿੱਥੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਗਰੁੱਪ ਨਾਲ ਸਬੰਧਤ ਕੁਝ ਸ਼ਰਾਰਤੀ ਅਨਸਰਾਂ ਨੇ ਜ਼ਬਰਦਸਤੀ ਨਾਕਾ ਤੋੜ ਕੇ ਇੰਸਪੈਕਟਰ ਗੁਰਵੀਰ ਸਿੰਘ ਸਮੇਤ ਹੋਰ ਪੁਲੀਸ ਮੁਲਾਜ਼ਮਾਂ ’ਤੇ ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ ਉਨ੍ਹਾਂ ਉੱਤੇ ਵਾਹਨ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ। ਇਹੀ ਨਹੀਂ ਹੁੱਲੜਬਾਜ਼ਾਂ ਨੇ ਕੁੱਟਮਾਰ ਕਰਦਿਆਂ ਇੰਸਪੈਕਟਰ ਗੁਰਵੀਰ ਸਿੰਘ ਦੀਆਂ ਦੋਵੇਂ ਬਾਂਹਾਂ ਤੋੜ ਦਿੱਤੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਕ ਵਰਦੀਧਾਰੀ ਅਧਿਕਾਰੀ ਉੱਤੇ ਅਜਿਹਾ ਹਮਲਾ ਕਰਕੇ ਅਤੇ ਪੰਜਾਬ ਸਰਕਾਰ ਦੇ ਕੰਮ ਵਿੱਚ ਵਿਘਨ ਪਾਉਣ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਖ਼ਿਲਾਫ਼ ਫੌਰੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਏ ਜਾਵੇ।