ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਰੱਦ
ਨਬਜ਼-ਏ-ਪੰਜਾਬ, ਮੁਹਾਲੀ, 3 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਮੂਹਿਕ ਨਕਲ ਅਤੇ ਹੋਰ ਬੇਨਿਯਮੀਆਂ ਦੇ ਚੱਲਦਿਆਂ ਤਲਵੰਡੀ ਭਾਈ-2 ਸਕੂਲ ਵਿੱਚ ਹੋਇਆ ਬਾਰ੍ਹਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਰੱਦ ਕਰ ਦਿੱਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਲਵਿਸ਼ ਚਾਵਲਾ ਨੇ ਦਿੱਤੀ। ਬੋਰਡ ਵੱਲੋਂ ਅੱਠਵੀਂ ਜਮਾਤ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਨਕਲ ਦਾ ਇਹ ਪਹਿਲਾ ਕੇਸ ਹੈ।
ਉਨ੍ਹਾਂ ਦੱਸਿਆ ਕਿ 28 ਫਰਵਰੀ ਨੂੰ ਬਾਰ੍ਹਵੀਂ ਜਮਾਤ ਦੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੌਰਾਨ ਚੇਅਰਮੈਨ ਦੇ ਹੁਕਮਾਂ ਅਨੁਸਾਰ ਮੁੱਖ ਦਫ਼ਤਰ ਪੱਧਰ ’ਤੇ 13 ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਟੀਮਾਂ ਵੱਲੋਂ ਪੰਜਾਬ ਪੁਲੀਸ ਦੀ ਸੁਰੱਖਿਆ ਨਾਲ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਪ੍ਰਾਪਤ ਰਿਪੋਰਟ ਅਨੁਸਾਰ ਪ੍ਰੀਖਿਆ ਕੇਂਦਰ ਨੰਬਰ 220681 ਤਲਵੰਡੀ ਭਾਈ-2, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਭਾਈ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹੈ, ਉੱਥੇ ਸਮੂਹਿਕ ਨਕਲ ਅਤੇ ਹੋਰ ਬੇਨਿਯਮੀਆਂ ਦੀ ਘਟਨਾ ਦਰਜ ਕੀਤੀ ਗਈ। ਬੋਰਡ ਅਧਿਕਾਰੀ ਨੇ ਦੱਸਿਆ ਕਿ ਇਸ ਕੇਂਦਰ ਵਿੱਚ 115 ਵਿਦਿਆਰਥੀ ਪ੍ਰੀਖਿਆ ਦੇ ਰਹੇ ਸਨ। ਨਕਲ ਸਬੰਧੀ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਸਿੱਖਿਆ ਬੋਰਡ ਨੇ ਨਕਲ ਪ੍ਰਤੀ ਜ਼ੀਰੋ ਟੌਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਉਕਤ ਪ੍ਰੀਖਿਆ ਕੇਂਦਰ ਵਿੱਚ ਹੋਏ ਅੰਗਰੇਜ਼ੀ ਦੇ ਪੇਪਰ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ।
ਕੰਟਰੋਲਰ (ਪ੍ਰੀਖਿਆਵਾਂ) ਨੇ ਦੱਸਿਆ ਕਿ ਇਸ ਘਟਨਾ ਤੋਂ ਇਲਾਵਾ ਹੁਣ ਤੱਕ ਪੰਜਾਬ ਭਰ ਵਿੱਚ ਲਈਆਂ ਜਾ ਰਹੀਆਂ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਜਾਂ ਨਕਲ ਦਾ ਕੋਈ ਹੋਰ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੂਰੀ ਕੋਸ਼ਿਸ਼ ਹੈ ਕਿ ਬਾਕੀ ਰਹਿੰਦੇ ਪੇਪਰ ਵੀ ਨਕਲ ਰਹਿਤ, ਪਾਰਦਰਸ਼ੀ ਅਤੇ ਵਿਦਿਆਰਥੀਆਂ ਲਈ ਤਣਾਅ ਰਹਿਤ ਮਾਹੌਲ ਵਿੱਚ ਲਏ ਜਾਣ। ਉਨ੍ਹਾਂ ਕਿਹਾ ਕਿ ਉਡਣ ਦਸਤਿਆਂ ਦੀਆਂ ਲਗਾਤਾਰ ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਕਰ ਰਹੀਆਂ ਹਨ ਅਤੇ ਕਿਸੇ ਵੀ ਪ੍ਰਕਾਰ ਦੀ ਗੜਬੜੀ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਸਿੱਖਿਆ ਬੋਰਡ ਵੱਲੋਂ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਅਭਿਭਾਵਕਾਂ ਨੂੰ ਯਕੀਨ ਦਿਵਾਇਆ ਹੈ ਕਿ ਪ੍ਰੀਖਿਆਵਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।