
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਲਈ ਸਾਰੇ ਪ੍ਰਬੰਧ ਮੁਕੰਮਲ: ਹਰਜੋਤ ਬੈਂਸ
ਪੰਜਾਬ ਦੇ ਸਕੂਲਾਂ ਵਿੱਚ ਸੋਮਵਾਰ ਨੂੰ ਸ਼ੁਰੂ ਹੋਵੇਗੀ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ
ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਲਈ 2255 ਪ੍ਰੀਖਿਆ ਕੇਂਦਰ ਸਥਾਪਿਤ, 3 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਵਿਭਾਗ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਭਲਕੇ ਸੋਮਵਾਰ ਤੋਂ ਸ਼ੁਰੂ ਹੋ ਰਹੀ ਹੈ। ਇਸ ਪ੍ਰੀਖਿਆ ਵਿੱਚ 2 ਲੱਖ 99 ਹਜ਼ਾਰ 744 ਵਿਦਿਆਰਥੀ ਅਪੀਅਰ ਹੋਣਗੇ। ਇਸੇ ਤਰ੍ਹਾਂ ਓਪਨ ਸਕੂਲ ਪ੍ਰਣਾਲੀ ਅਧੀਨ 14501 ਵਿਦਿਆਰਥੀ, ਵਾਧੂ ਵਿਸ਼ਾ ਕੈਟਾਗਰੀ ਅਧੀਨ 713 ਅਤੇ ਕਾਰਗੁਜ਼ਾਰੀ ਵਧਾਉਣ ਲਈ 30 ਪ੍ਰੀਖਿਆਰਥੀ ਪ੍ਰੀਖਿਆ ਵਿੱਚ ਬੈਠਣਗੇ। ਇੰਜ ਹੀ 1095 ਪ੍ਰੀਖਿਆਰਥੀ ਰੀ-ਅਪੀਅਰ ਪ੍ਰੀਖਿਆ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਸ਼੍ਰੇਣੀ ਲਈ 3914 ਸਕੂਲਾਂ ਵਿੱਚ 2255 ਪ੍ਰੀਖਿਆ ਕੇਂਦਰ ਬਣਾਏ ਗਏ ਹਨ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ 25 ਫਰਵਰੀ ਤੋਂ ਸ਼ੁਰੂ ਹੋਵੇਗੀ ਜੋ 4 ਮਾਰਚ ਤੱਕ ਜਾਰੀ ਰਹੇਗੀ। ਪੰਜਵੀਂ ਦੀ ਸਾਲਾਨਾ ਪ੍ਰੀਖਿਆ ਵਿੱਚ 2 ਲੱਖ 98 ਹਜ਼ਾਰ 296 ਬੱਚੇ ਅਪੀਅਰ ਹੋਣਗੇ। ਜਿਨ੍ਹਾਂ ਲਈ 17307 ਸੈਲਫ਼ ਪ੍ਰੀਖਿਆ ਸੈਂਟਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਠਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ 3 ਲੱਖ 10 ਹਜ਼ਾਰ 311 ਵਿਦਿਆਰਥੀਆਂ ਲਈ 2482 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਦਸਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ 2 ਲੱਖ 85 ਹਜ਼ਾਰ 68 ਵਿਦਿਆਰਥੀ ਅਪੀਅਰ ਹੋਣਗੇ ਜਦੋਂਕਿ ਓਪਨ ਸਕੂਲ ਪ੍ਰਣਾਲੀ ਅਧੀਨ 10361 ਵਿਦਿਆਰਥੀ, ਵਾਧੂ ਵਿਸ਼ਾ ਕੈਟਾਗਰੀ ਅਧੀਨ 2366, ਕਾਰਗੁਜ਼ਾਰੀ ਵਧਾਉਣ ਲਈ ਸਿਰਫ਼ 20 ਪ੍ਰੀਖਿਆਰਥੀ ਅਤੇ ਰੀ-ਅਪੀਅਰ ਵਿਸ਼ਿਆਂ ਦੀ ਪ੍ਰੀਖਿਆ ਲਈ 1090 ਵਿਦਿਆਰਥੀਆਂ ਲਈ 7178 ਸਕੂਲਾਂ ਵਿੱਚ 2576 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਲਾਨਾ ਪ੍ਰੀਖਿਆਵਾਂ ਨੂੰ ਸ਼ਾਂਤੀਪੂਰਨ ਅਤੇ ਸੁਵਿਧਾਜਨਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਪ੍ਰਬੰਧ ਪੂਰੇ ਕਰ ਲਏ ਗਏ ਹਨ। ਬਾਰ੍ਹਵੀਂ ਦੀ ਪ੍ਰੀਖਿਆ ਲਈ ਪ੍ਰਸ਼ਨ-ਪੱਤਰ ਸਮੂਹ ਜ਼ਿਲ੍ਹਿਆਂ ਦੇ ਬੈਂਕਾਂ ਨੂੰ ਸੌਂਪੇ ਗਏ ਹਨ। ਇੰਜ ਹੀ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਪ੍ਰਸ਼ਨ-ਪੱਤਰ 21 ਫਰਵਰੀ ਨੂੰ ਅਤੇ ਦਸਵੀਂ ਸ਼੍ਰੇਣੀ ਦੇ ਪ੍ਰਸ਼ਨ-ਪੱਤਰ 17 ਮਾਰਚ ਨੂੰ ਬੈਂਕਾਂ ਵਿੱਚ ਪਹੁੰਚਾ ਦਿੱਤੇ ਜਾਣਗੇ। ਜਿੱਥੋਂ ਪ੍ਰੀਖਿਆ ਅਮਲਾ ਪ੍ਰਸ਼ਨ-ਪੱਤਰ ਪ੍ਰਾਪਤ ਕਰੇਗਾ। ਪ੍ਰੀਖਿਆ ਅਮਲੇ ਨੂੰ ਪ੍ਰੀਖਿਆਵਾਂ ਦੇ ਸੰਚਾਲਨ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪਾਰਦਰਸ਼ਤਾ ਲਈ ਕੈਮਰਿਆਂ ਦਾ ਇੰਤਜ਼ਾਮ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਮੇਂ ਸਮੇਂ ਸਿਰ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲੀਸ ਦੀ ਮਦਦ ਵੀ ਲਈ ਜਾ ਰਹੀ ਹੈ।