ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ, ਹੁਸ਼ਿਆਰਪੁਰ ਦਾ ਪੁਨੀਤ ਵਰਮਾ ਅੱਵਲ

ਨਬਜ਼-ਏ-ਪੰਜਾਬ, ਮੁਹਾਲੀ, 4 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਅੱਜ ਅਕਾਦਮਿਕ ਸਾਲ 2024-25 ਅੱਠਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ ਗਿਆ। ਅੱਠਵੀਂ ਦੀ ਪ੍ਰੀਖਿਆ ਵਿੱਚ 10471 ਸਕੂਲਾਂ ਦੇ 2 ਲੱਖ 90 ਹਜ਼ਾਰ 471 ਵਿਦਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ ਸਨ, ਜਿਨ੍ਹਾਂ ’ਚੋਂ 2 ਲੱਖ 82 ਹਜ਼ਾਰ 627 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਨਤੀਜੇ ਦੀ ਪਾਸ ਪ੍ਰਤੀਸ਼ਤਤਾ 97.30 ਫੀਸਦੀ ਹੈ।
ਅੱਜ ਸ਼ਾਮ ਸਿੱਖਿਆ ਬੋਰਡ ਵੱਲੋਂ ਜਾਰੀ 319 ਵਿਦਿਆਰਥੀਆਂ ਦੀ ਮੈਰਿਟ ਸੂਚੀ ਮੁਤਾਬਕ ਪੁਨੀਤ ਵਰਮਾ ਪੁੱਤਰ ਅਸ਼ੋਕ ਵਰਮਾ (ਰੋਲ ਨੰਬਰ 8025370012) ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਏ-225, ਚੀਫ਼ ਖ਼ਾਲਸਾ ਦੀਵਾਨ, ਮਾਡਲ ਟਾਊਨ, ਹੁਸ਼ਿਆਰਪੁਰ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਜਦੋਂਕਿ ਨਵਜੋਤ ਕੌਰ ਪੁੱਤਰੀ ਕਰਨਜੀਤ ਸਿੰਘ (ਰੋਲ ਨੰਬਰ 8025227565) ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੱੁਖੀਆਂ, ਫ਼ਰੀਦਕੋਟ ਨੇ 100 ਫੀਸਦੀ ਅੰਕਾਂ ਨਾਲ ਦੂਜਾ ਅਤੇ ਨਵਜੋਤ ਕੌਰ ਪੁੱਤਰੀ ਗੁਰਮੇਜ ਸਿੰਘ (ਰੋਲ ਨੰਬਰ 8025111174) ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੰਨਣ ਕੇ (ਅੱਡਾ ਨਾਥ ਦੀ ਖੁਈ), ਅੰਮ੍ਰਿਤਸਰ ਨੇ 99.83 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਸਿੱਖਿਆ ਬੋਰਡ ਦੇ ਨਿਯਮਾਂ ਅਨੁਸਾਰ ਬਰਾਬਰ ਅੰਕ ਪ੍ਰਾਪਤ ਕਰਨ ’ਤੇ ਛੋਟੀ ਉਮਰ ਵਾਲੇ ਪ੍ਰੀਖਿਆਰਥੀ ਨੂੰ ਮੈਰਿਟ ਵਿੱਚ ਉੱਚ ਸਥਾਨ ਪ੍ਰਦਾਨ ਕੀਤਾ ਹੈ।
ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਨਤੀਜੇ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਸ ਵਾਰ ਬੋਰਡ ਪ੍ਰੀਖਿਆਵਾਂ ਪਹਿਲਾਂ ਨਾਲੋਂ ਵਧੇਰੇ ਸਖ਼ਤੀ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਗਈਆਂ ਹਨ ਅਤੇ ਭਵਿੱਖ ਵਿੱਚ ਵੀ ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਨ ਪੱਤਰਾਂ ਦੀ ਗੁਣਵੱਤਾ ਵਧਾਉਣ ਦੇ ਨਾਲ-ਨਾਲ ਪਾਠਕ੍ਰਮ ਵਿੱਚ ਲੋੜੀਂਦੇ ਸੁਧਾਰ ਕਰਦੇ ਹੋਏ ਕਈ ਹੋਰ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ਅਤੇ www.indiaresults.com ’ਤੇ ਅਪਲੋਡ ਕਰ ਦਿੱਤਾ ਗਿਆ ਹੈ। ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ ਵਿੱਚ ਪ੍ਰਮੋਟ ਨਹੀਂ ਹੋ ਸਕੇ, ਉਨ੍ਹਾਂ ਦੀ ਸਪਲੀਮੈਂਟਰੀ ਪ੍ਰੀਖਿਆ ਜੂਨ ਵਿੱਚ ਕੰਡੱਕਟ ਕਰਵਾਈ ਜਾਵੇਗੀ। ਇਸ ਲਈ ਸਬੰਧਤ ਵਿਦਿਆਰਥੀਆਂ ਤੋਂ ਵੱਖਰੇ ਤੌਰ ’ਤੇ ਫਾਰਮ ਭਰਵਾਏ ਜਾਣਗੇ। ਇਸ ਸਬੰਧੀ ਸ਼ਡਿਊਲ ਵੱਖਰੇ ਤੌਰ ’ਤੇ School login ਅਤੇ ਵੱਖ-ਵੱਖ ਅਖ਼ਬਾਰਾਂ ਰਾਹੀਂ ਸੂਚਿਤ ਕੀਤਾ ਜਾਵੇਗਾ। ਇਸ ਮੌਕੇ ਸਿੱਖਿਆ ਬੋਰਡ ਦੀ ਸਕੱਤਰ ਪਰਲੀਨ ਕੌਰ ਬਰਾੜ, ਕੰਟਰੋਲਰ (ਪ੍ਰੀਖਿਆਵਾਂ) ਲਵਿਸ਼ ਚਾਵਲਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles

Check Also

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਇੱਥੋ…