ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ: ਮੀਤ ਹੇਅਰ

ਖੇਡਾਂ ਵਿੱਚ ਭਾਗ ਲੈਣ ਵਾਲੇ ਚਾਹਵਾਨ ਖਿਡਾਰੀ 25 ਅਗਸਤ ਤੱਕ ਕਰਵਾ ਸਕਣਗੇ ਵਿਭਾਗ ਦੇ ਪੋਰਟਲ ’ਤੇ ਰਜਿਸਟ੍ਰੇਸ਼ਨ

29 ਅਗਸਤ ਨੂੰ ਸ਼ੁਰੂ ਹੋਣ ਵਾਲੇ ਦੋ ਮਹੀਨੇ ਦੇ ਖੇਡ ਮੇਲੇ ਵਿੱਚ 5 ਲੱਖ ਖਿਡਾਰੀ ਛੇ ਉਮਰ ਗਰੁੱਪਾਂ ਵਿੱਚ ਲੈਣਗੇ ਹਿੱਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ:
ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਤੇ ਰੰਗਲਾ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ‘ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ l ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸਏਐਸ ਨਗਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਉੱਚ ਪੱਧਰੀ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੀ ਖੇਡਾਂ ਵਿੱਚ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਪੋਰਟਲ www.punjabkhedmela2022.in ਉਤੇ ਜਾ ਕੇ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਪੰਜਾਬ ਵਿੱਚ ਆਪਣੀ ਕਿਸਮ ਦੇ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ।
ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਣ ਵਾਲਾ ਪੰਜਾਬ ਖੇਡ ਮੇਲਾ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ। ਬਲਾਕ ਪੱਧਰੀ ਮੁਕਾਬਲੇ 1 ਤੋਂ 7 ਸਤੰਬਰ, ਜ਼ਿਲ੍ਹਾ ਪੱਧਰੀ ਮੁਕਾਬਲੇ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਦੇ ਛੇ ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਪੰਜਾਬ ਦੇ 5 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਆਪੋ-ਆਪਣੀਆਂ ਖੇਡਾਂ ਵਿੱਚ ਗਰੇਡਿੰਗ ਕਰਵਾ ਸਕਣਗੇ।
ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਹੋਵੇਗਾ। ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫਿਕੇਟ ਮਿਲਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਖੇਡ ਮੰਤਰੀ ਨੇ ਦੱਸਿਆ ਕਿ ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ। ਉਨ੍ਹਾਂ ਦੱਸਿਆ ਕਿ ਖੇਡ ਮੇਲੇ ਦੌਰਾਨ ਜੇਤੂਆਂ ਤੋਂ ਇਲਾਵਾ ਹੋਰਨਾਂ ਖਿਡਾਰੀਆਂ ’ਚੋਂ ਵੀ ਡੋਪ ਟੈਸਟ ਕੀਤੇ ਜਾਣਗੇ।

ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਏਡੀਸੀ (ਜ) ਸ੍ਰੀਮਤੀ ਅਮਨਿੰਦਰ ਕੌਰ, ਏਡੀਸੀ (ਸ਼ਹਿਰੀ ਵਿਕਾਸ) ਪੂਜਾ ਐਸ ਗਰੇਵਾਲ, ਏਡੀਸੀ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਐੱਸਡੀਐੱਮ ਖਰੜ ਰਵਿੰਦਰ ਸਿੰਘ, ਐੱਸਡੀਐੱਮ ਡੇਰਾਬਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਡੀਐਸਓ ਮੁਹਾਲੀ ਸ੍ਰੀਮਤੀ ਗੁਰਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ ਸਮੇਤ ਦੇਸ਼ ਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀ ਜਗਜੀਤ ਸਿੰਘ ਜੱਲ੍ਹਾ (ਰੋਇੰਗ), ਐਸਪੀ ਟਰੈਫ਼ਿਕ ਮੁਹਾਲੀ, ਸ੍ਰੀਮਤੀ ਸਰਬਜੀਤ ਕੌਰ (ਅਥਲੈਟਿਕਸ) ਐੱਸਡੀਐੱਮ ਮੁਹਾਲੀ, ਧਰਮਵੀਰ ਸਿੰਘ (ਹਾਕੀ) ਡੀਐੱਸਪੀ ਮੁਹਾਲੀ, ਪ੍ਰਭਜੋਤ ਸਿੰਘ (ਹਾਕੀ), ਮਲਕੀਅਤ ਸਿੰਘ (ਸ਼ੂਟਿੰਗ), ਸ੍ਰੀਮਤੀ ਜੈਸਮੀਨ ਕੌਰ (ਅਥਲੈਟਿਕਸ), ਮੋਨਿਕਾ (ਅਥਲੈਟਿਕਸ), ਸਵਰਨ ਸਿੰਘ (ਅਥਲੈਟਿਕਸ), ਮਲਕੀਅਤ ਸਿੰਘ (ਅਥਲੈਟਿਕਸ) ਗੁਰਦੀਪ ਸਿੰਘ (ਹਾਕੀ ਕੋਚ), ਮਨਮੋਹਨ ਸਿੰਘ (ਹਾਕੀ ਕੋਚ), ਗੁਰਜੀਤ ਸਿੰਘ (ਫੁਟਬਾਲ ਕੋਚ), ਮਨਦੀਪ ਕੌਸ਼ਲ (ਜਿਮਨਾਸਟਿਕ ਕੋਚ) ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…