
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਵਾਈਸ ਚੇਅਰਮੈਨ ਤੇ ਸਮੂਹ ਮੈਂਬਰਾਂ ਨਾਲ ਕੀਤੀ ਮੀਟਿੰਗ
ਮੀਟਿੰਗ ਵਿੱਚ ਕਮਿਸ਼ਨ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਤੇ ਸੂ-ਮੋਟੋ ਨੋਟਿਸ ਤੇ ਕਾਰਵਾਈ ਕਰਨ ਦੀ ਹਦਾਇਤ
ਸਕੂਲੀ ਬੱਸ ਹੇਠ ਕੁੱਤਾ ਆਉਣ ਤੇ ਕੁੱਤਾ ਮਾਲਕਾਂ ਵੱਲੋਂ ਹੰਗਾਮਾ ਕਰਨ ਤੇ ਐਸਐਸਪੀ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਵਾਈਸ ਚੇਅਰਮੈਨ ਅਤੇ ਸਮੂਹ ਮੈਂਬਰਾਂ ਨਾਲ ਅੱਜ ਇੱਥੋਂ ਦੇ ਵਣ ਭਵਨ ਸੈਕਟਰ-68 ਵਿੱਚ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਕਮਿਸ਼ਨ ਕੋਲ 9 ਜਨਵਰੀ ਤੋਂ 6 ਫਰਵਰੀ ਤੱਕ ਪ੍ਰਾਪਤ ਸ਼ਿਕਾਇਤਾਂ ’ਤੇ ਕਾਰਵਾਈ ਸਬੰਧੀ ਬਾਰੀਕੀ ਨਾਲ ਵਿਚਾਰਦੇ ਹੋਏ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਪ੍ਰਾਪਤ ਸ਼ਿਕਾਇਤਾਂ ਅਤੇ ਸੂ-ਮੋਟੋ ਨੋਟਿਸ ਤੇ ਕਮਿਸ਼ਨ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਸੁਰੱਖਿਅਤ ਸਕੂਲ ਵਾਹਨ ਸਕੀਮ ਦੀ ਪਾਲਣਾ ਕਰਨ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਤੋਂ ਇਲਾਵਾ ਸੋਸ਼ਲ ਸਾਈਟਾਂ ’ਤੇ ਨਸ਼ੀਲੇ ਪਦਾਰਥਾਂ ਅਤੇ ਗੰਨ-ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਅਤੇ ਵੀਡੀਓਜ਼ ਦਾ ਪ੍ਰਚਾਰ ਕਰਨ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਗਿਆ।
ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਇੱਕ ਸਕੂਲ ਦੀ ਬੱਸ ਹੇਠ ਕੁੱਤਾ ਆਉਣ ’ਤੇ ਕੁੱਤਾ ਮਾਲਕਾਂ ਵੱਲੋਂ ਬੱਸ ਨੂੰ ਘੇਰ ਕੇ ਹੰਗਾਮਾ ਕਰਨ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਖ਼ਬਰ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਮਾਮਲੇ ਵਿੱਚ ਕੁੱਤਾ ਮਾਲਕਾਂ ਵਿਰੁੱਧ ਐੱਸਐੱਸਪੀ ਨੂੰ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ।