nabaz-e-punjab.com

ਪੰਜਾਬ ਰਾਜ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਸਰਕਾਰ ਖ਼ਿਲਾਫ਼ ਰੋਸ ਮਾਰਚ

ਪਟਿਆਲਾ ਵਿੱਚ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਨੂੰ ਲੋਕਤੰਤਰ ਦੇ ਖ਼ਿਲਾਫ਼ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਪੰਜਾਬ ਰਾਜ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਮਾਰਚ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਕਾਲੇ ਝੰਡੇ ਲਹਿਰਾਏ ਗਏ। ਇਸ ਮੌਕੇ ਬੋਲਦਿਆਂ ਯੂਨੀਅਨ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼ ਅਤੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਪਟਿਆਲਾ ਵਿੱਚ ਅਧਿਆਪਕਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਸਮਾਜ ਦੇ ਉਸਰੱਈਏ ਹਨ, ਉਨ੍ਹਾਂ ਉੱਪਰ ਠੰਢ ਦੇ ਮੌਸਮ ਵਿੱਚ ਪਾਣੀ ਦੀਆਂ ਬੌਛਾਰਾਂ ਕਰਦਿਆਂ ਲਾਠੀਚਾਰਜ ਕੀਤਾ ਜਾਣਾ ਲੋਕਤੰਤਰ ਦੇ ਖ਼ਿਲਾਫ਼ ਹੈ। ਸਰਕਾਰ ਦੀ ਇਸ ਕਾਰਵਾਈ ਨਾਲ ਸਮੁੱਚੇ ਮੁਲਾਜ਼ਮ ਵਰਗ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮੁਲਾਜ਼ਮ ਜਥੇਬੰਦੀ ਰੈਲੀਆਂ ਅਤੇ ਹੜਤਾਲ ਕਰਕੇ ਜਨਤਕ ਸੇਵਾਵਾਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੁੰਦੀਆਂ ਹਨ ਪਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਕਰਮਚਾਰੀਆਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਭਲਕੇ 13 ਫਰਵਰੀ ਤੋਂ 17 ਫਰਵਰੀ ਤੱਕ ਮੁਲਾਜ਼ਮ ਵਰਗ ਵੱਲੋਂ ਦਫ਼ਤਰਾਂ ਨੂੰ ਤਾਲੇ ਲਗਾ ਕੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਸਥਿਤ ਦਫ਼ਤਰਾਂ ਤੋਂ ਲੈ ਕੇ ਫੀਲਡ ਵਿੱਚ ਹਰ ਸਰਕਾਰੀ, ਅਰਧ ਸਰਕਾਰੀ, ਬੋਰਡਾਂ, ਕਾਰਪੋਰੇਸ਼ਨਾਂ ਵਿੱਚ ਸਰਕਾਰੀ ਕੰਮ ਬੰਦ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਦੌਰਾਨ ਮੁਲਾਜ਼ਮ ਵਰਗ ਵੱਲੋਂ ਸਮੂਹਿਕ ਛੁੱਟੀ ਲੈ ਕੇ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਖ਼ਮਿਆਜ਼ਾ ਸਰਕਾਰ ਚਲਾ ਰਹੀ ਪਾਰਟੀ ਕਾਂਗਰਸ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ, ਸੀਨੀਅਰ ਮੀਤ ਪ੍ਰਧਾਨ ਵਰਿੰਦਰ ਕੁਮਾਰ ਢੋਸੀਵਾਲ, ਵਿੱਤ ਸਕੱਤਰ ਸਤਬੀਰ ਸਿੰਘ ਚੰਦੀ ਅਤੇ ਹੋਰ ਆਗੂਆਂ ਨੇ ਵੀ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…