ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਮੁਹਾਲੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਨਿਰੀਖਣ
ਮਿਡ-ਡੇਅ-ਮੀਲ ਦੀ ਗੁਣਵੱਤਾ, ਰਸੋਈ ਦੀ ਸਾਫ਼-ਸਫ਼ਾਈ ਤੇ ਪੀਣ ਵਾਲੇ ਪਾਣੀ ਦੀ ਸ਼ੁੱਧਤਾ ’ਤੇ ਜ਼ੋਰ
ਨਬਜ਼-ਏ-ਪੰਜਾਬ, ਮੁਹਾਲੀ, 19 ਮਾਰਚ:
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਅੱਜ ਮੁਹਾਲੀ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਮਿਡ-ਡੇਅ-ਮੀਲ ਤਹਿਤ ਸਕੂਲੀ ਬੱਚਿਆਂ ਨੂੰ ਪਰੋਸੇ ਜਾ ਰਹੇ ਦੁਪਹਿਰ ਦੇ ਭੋਜਨ ਅਤੇ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਹੋਰ ਸਰਕਾਰੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੁਹਾਲੀ ਦੇ ਫੇਜ਼-6, ਫੇਜ਼-7 ਅਤੇ ਫੇਜ਼-9 ਦੇ ਸਰਕਾਰੀ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਅਧੀਨ ਚੱਲ ਰਹੇ ਲਾਭਪਾਤਰੀ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਨਿਰੀਖਣ ਦੌਰਾਨ ਕਮਿਸ਼ਨ ਦੇ ਮੈਂਬਰ ਨੇ ਮਿਡ-ਡੇਅ-ਮੀਲ ਪ੍ਰੋਗਰਾਮ ਲਈ ਫੂਡ ਟੈਸਟਿੰਗ ਰਜਿਸਟਰ ਨੂੰ ਬਣਾਈ ਰੱਖਣ, ਬੱਚਿਆਂ ਨੂੰ ਸਾਫ਼-ਸੁਥਰਾ ਅਤੇ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਅਤੇ ਭੋਜਨ ਪ੍ਰਕਿਰਿਆ ਦੌਰਾਨ ਸਫ਼ਾਈ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਕੂਲੀ ਬੱਚਿਆਂ ਨਾਲ ਮਿਡ-ਡੇਅ-ਮੀਲ ਸਬੰਧੀ ਸਿੱਧੀ ਗੱਲਬਾਤ ਵੀ ਕੀਤੀ ਅਤੇ ਬੱਚਿਆਂ ਨੂੰ ਪਰੋਸੇ ਜਾ ਰਹੇ ਖਾਣੇ ਦਾ ਸੁਆਦ ਵੀ ਚੱਖਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਬੰਧਤ ਵਿਭਾਗ ਨੂੰ ਸਰਕਾਰੀ ਸਕੂਲਾਂ ਵਿੱਚ ਪਾਣੀ ਅਤੇ ਟੀਡੀਐਸ (ਕੁੱਲ ਘੁਲਣਸ਼ੀਲ ਠੋਸ ਪਦਾਰਥ) ਦੀ ਗੁਣਵੱਤਾ ਦੀ ਨਿਯਮਤ ਤੌਰ ’ਤੇ ਜਾਂਚ ਕਰਨ ਅਤੇ ਵਿਦਿਆਰਥੀਆਂ ਅਤੇ ਮਿਡ-ਡੇਅ-ਮੀਲ ਵਰਕਰਾਂ ਦੋਵਾਂ ਲਈ ਸਮੇਂ-ਸਮੇਂ ’ਤੇ ਸਿਹਤ ਜਾਂਚ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਮੂਹ ਸਰਕਾਰੀ ਸਕੂਲਾਂ ਵਿੱਚ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਹੈਲਪਲਾਈਨ ਨੰਬਰ (9876764545) ਨੂੰ ਪ੍ਰਚਾਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਸਬੰਧੀ ਕੋਈ ਸ਼ਿਕਾਇਤ ਹੈ, ਤਾਂ ਉਹ ਇਸ ਹੈਲਪਲਾਈਨ ਨੰਬਰ ’ਤੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਵਿਜੈ ਦੱਤ ਨੇ ਕਿਹਾ ਕਿ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਸਕੂਲਾਂ, ਆਂਗਨਵਾੜੀ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਅਤੇ ਜਨਤਕ ਰਾਸ਼ਨ ਡਿੱਪੂਆਂ ਰਾਹੀਂ ਵੰਡੀਆਂ ਜਾਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਪਾਰਦਰਸ਼ਤਾ ਲਿਆਉਣ ਲਈ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨਿਯਮਿਤ ਤੌਰ ’ਤੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਅਚਾਨਕ ਨਿਰੀਖਣ ਕਰੇਗਾ। ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।