Nabaz-e-punjab.com

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜ਼ੁਰਗਾਂ ਵਿੱਚ ਆਤਮ ਵਿਸ਼ਵਾਸ ਦੀ ਭਾਵਨਾ ਪੈਦਾ ਕਰਨ ਦੀ ਸ਼ੁਰੂਆਤ

ਆਰਮੀ ਇੰਸਟੀਚਿਊਟ ਆਫ਼ ਲਾਅ ਵਿੱਚ ਹੋਇਆ ਪ੍ਰਭਾਵਸ਼ਾਲੀ ਸਮਾਰੋਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਮਹੇਸ਼ ਗਰੋਵਰ ਦੀ ਅਗਵਾਈ ਵਿੱਚ ਬਜ਼ੁਰਗਾਂ ਲਈ ਪ੍ਰਾਜੈਕਟ ‘ਇਨਸਟਿਲਿੰਗ ਕੌਨਫੀਡੈਂਸ ਅਮੰਗੈੱਸਟ ਐਲਡਰਲੀ’ (ਬਜ਼ੁਰਗਾਂ ਵਿੱਚ ਆਤਮ ਵਿਸ਼ਵਾਸ ਦੀ ਭਾਵਨਾ ਪੈਦਾ ਕਰਨਾ) ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਾਈ ਕੋਰਟ ਦੇ ਜੱਜ ਜਸਟਿਸ ਅਮਿਤ ਰਾਵਲ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਿਵੇਕ ਪੁਰੀ ਵੀ ਮੌਜੂਦ ਸਨ। ਅੱਜ ਇੱਥੇ ਆਰਮੀ ਇੰਸਟੀਚਿਊਟ ਆਫ ਲਾਅ ਵਿੱਚ ਕਰਵਾਏ ਇਸ ਪ੍ਰੋਗਰਾਮ ਦੌਰਾਨ ਜਸਟਿਸ ਰਾਵਲ ਨੇ ਬਜ਼ੁਰਗਾਂ ਨੂੰ ਜਾਇਦਾਦ ਬਾਰੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਦੱਸਿਆ। ਇਸ ਮੌਕੇ ‘ਰਾਈਟਸ ਐਂਡ ਪ੍ਰੀਵਿਲੇਜਿਜ਼ ਆਫ ਦਿ ਪੇਰੈਂਟਸ ਐਂਡ ਸੀਨੀਅਰ ਸਿਟੀਜਨਜ਼’ ਪੁਸਤਕ ਵੀ ਰਿਲੀਜ਼ ਕੀਤੀ ਗਈ। ਪ੍ਰੋਗਰਾਮ ਦੌਰਾਨ ਨਗਿੰਦਰ ਕਲਾ ਮੰਚ ਦੀ ਟੀਮ ਨੇ ਨੁੱਕੜ ਨਾਟਕ ‘ਤਿੜਕਦੇ ਰਿਸ਼ਤੇ ਵੀ ਖੇਡਿਆ। ਇਸ ਤੋਂ ਇਲਾਵਾ ਯੋਗ ਗੁਰੂ ਯਸ਼ਪਾਲ ਨੇ ਯੋਗ ਦੇ ਆਸਨ ਸਿਖਾਏ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੈਂਬਰ ਸਕੱਤਰ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਨੇ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਲੀਗਲ ਏਡ ਕਲੀਨਿਕਾਂ ਨੂੰ ਬਜ਼ੁਰਗਾਂ ਨੂੰ ਇਕੋ ਛੱਤ ਥੱਲੇ ਸੇਵਾਵਾਂ ਦੇਣ ਲਈ ਇਕ ਪਲੇਟਫਾਰਮ ਵਜੋਂ ਵਰਤਿਆ ਜਾਵੇਗਾ। ਉਨ੍ਹਾਂ ਬਜ਼ੁਰਗਾਂ ਨੂੰ ਕਾਨੂੰਨੀ ਸਹਾਇਤਾ ਕਲੱਬਾਂ ਨਾਲ ਵੀ ਜੋੜਿਆ ਜਾਵੇਗਾ, ਜਿਸ ਤਹਿਤ ਮੈਡੀਕਲ ਕੈਂਪ ਵੀ ਲਾਏ ਜਾਣਗੇ। ਬਜ਼ੁਰਗਾਂ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ। ਇਸ ਮੌਕੇ ਲੀਗਲ ਏਡ ਕਲੀਨਿਕ (ਸੱਥ) ਦੀ ਰਸਮੀ ਸ਼ੁਰੂਆਤ ਵੀ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਜਸਟਿਸ ਸ੍ਰੀਮਤੀ ਅਰਚਨਾ ਪੁਰੀ, ਐਸ.ਕੇ. ਅਗਰਵਾਲ, ਸ਼ਾਲਿਨੀ ਨਾਗਪਾਲ ਡਾਇਰੈਕਟਰ ਐਡਮਿਨ ਚੰਡੀਗੜ੍ਹ ਜੁਡੀਸ਼ਲ ਅਕੈਡਮੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਸ਼ਿਖਾ ਗੋਇਲ ਅਤੇ ਆਰਮੀ ਇੰਸਟੀਚਿਊਟ ਆਫ਼ ਲਾਅ ਦੀ ਪ੍ਰਿੰਸੀਪਲ ਡਾ. ਤੇਜਿੰਦਰ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…