Nabaz-e-punjab.com

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ 24 ਫਰਵਰੀ ਨੂੰ ਕੀਤਾ ਜਾਵੇਗਾ ਵਿਧਾਨ ਸਭਾ ਦਾ ਘਿਰਾਓ

ਮੁਹਾਲੀ ਵਿੱਚ ਹੋਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਸਬੰਧੀ ਮੁਲਾਜ਼ਮਾਂ ਦੀ ਲਾਮਬੰਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਖ਼ਿਲਾਫ਼ 24 ਫਰਵਰੀ ਨੂੰ ਇੱਥੋਂ ਦੇ ਫੇਜ਼-8 ਸਥਿਤ ਵਾਈਪੀਐਸ ਚੌਕ ਨੇੜਲੇ ਗਰਾਊਂਡ ਵਿੱਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਲਾਮਬੰਦੀ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਅਤੇ ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਸੂਬਾ ਪੱਧਰੀ ਰੈਲੀ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਭਖਦੇ ਮਸਲਿਆਂ ’ਤੇ ਲੰਮੀ ਵਿਚਾਰ ਚਰਚਾ ਕਰਨ ਤੋਂ ਬਾਅਦ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਸੂਬੇ ਦੀਆਂ ਸੰਘਰਸ਼ਸ਼ੀਲ ਮੁਲਾਜ਼ਮ ਫੈਡਰੇਸ਼ਨਾਂ, ਮੁਲਾਜ਼ਮ ਮੰਚ, ਮਨਿਸਟਰੀਅਲ ਕਾਮਿਆਂ, ਪੈਨਸ਼ਨਰਾਂ ਅਤੇ ਵੱਖ-ਵੱਖ ਆਜ਼ਾਦ ਜਥੇਬੰਦੀਆਂ ਵੱਲੋਂ ਸਮੁੱਚੀ ਮੁਲਾਜ਼ਮ-ਪੈਨਸ਼ਨਰ ਜਮਾਤ ਨੂੰ ਇਕ ਧਾਗੇ ਵਿੱਚ ਪਰੋਂਦਿਆਂ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਉਸਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 24 ਫਰਵਰੀ ਨੂੰ ਮੁਹਾਲੀ ਵਿੱਚ ਵਿਸ਼ਾਲ ਸੂਬਾ ਪੱਧਰੀ ਰੈਲੀ ਕਰਕੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਫੈਡਰੇਸ਼ਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਮੁਲਾਜ਼ਮਾਂ\ਪੈਨਸ਼ਨਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਅਤੇ ਮੁਲਾਜ਼ਮ ਵਰਗ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਂ ਰੈਲੀ ਇਤਿਹਾਸਕ ਹੋਵੇਗੀ ਅਤੇ ਮੁੱਖ ਮੰਤਰੀ ਅਤੇ ਮੋਤੀਆਂ ਵਾਲੀ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਵੇਗਾ।
ਇਸ ਮੌਕੇ ਸੂਬਾ ਆਗੂ ਵੇਦ ਪ੍ਰਕਾਸ਼ ਸ਼ਰਮਾ, ਕਰਮਜੀਤ ਬੀਹਲਾ, ਦਰਸ਼ਨ ਬੇਲੂਮਾਜਰਾ, ਰਾਮਜੀਦਾਸ ਚੌਹਾਨ, ਸੁਖਵਿੰਦਰ ਚਾਹਲ, ਸਰਬਜੀਤ ਪੱਟੀ, ਕੁਲਦੀਪ ਸਿੰਘ ਦੌੜਕਾ, ਅਨਿਲ ਕੁਮਾਰ, ਰਣਜੀਤ ਸਿੰਘ ਈਸ਼ਾਪੁਰ, ਨੀਨਾ ਜੌਨ, ਹਰਮਨਪ੍ਰੀਤ ਕੌਰ ਗਿੱਲ, ਮੱਖਣ ਸਿੰਘ ਵਾਹਿਦਪੁਰੀ, ਰਣਜੀਤ ਕੌਰ, ਮਾਲਵਿੰਦਰ ਸੰਧੂ, ਹਰੀ ਬਿਲਾਸ, ਅਵਤਾਰ ਕੌਰ ਬਾਸੀ, ਬਲਜੀਤ ਕੌਰ, ਲਾਲ ਚੰਦ, ਰਜਿੰਦਰ ਕੌਰ, ਪ੍ਰੇਮ ਚੰਦ ਵੀ ਹਾਜ਼ਰ ਸਨ।
(ਬਾਕਸ ਆਈਟਮ)
ਉਧਰ, ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਜਾਇਜ਼ ਮੰਗਾਂ ਬਾਰੇ ਕੀਤੀ ਜਾ ਰਹੀ ਵਾਅਦਾਖ਼ਿਲਾਫ਼ੀ ਅਤੇ 9 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਅਤੇ ਵਜ਼ੀਰਾਂ, ਹਾਕਮ ਚੌਧਰੀਆਂ ਅਤੇ ਉੱਚ ਅਫ਼ਸਰਾਂ ਵੱਲੋਂ ਸ਼ਰ੍ਹੇਆਮ ਖਜ਼ਾਨੇ ਦੀ ਕੀਤੀ ਜਾ ਰਹੀ ਲੁੱਟ ਵਿਰੁੱਧ ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 24 ਫਰਵਰੀ ਨੂੰ ਇੱਥੋਂ ਦੇ ਫੇਜ਼-8 ਸਥਿਤ ਦਸ਼ਹਿਰਾ ਗਰਾਊਂਡ ਵਿੱਚ ਰਾਜ ਪੱਧਰੀ ਰੈਲੀ ਤੇ ਵਿਧਾਨ ਸਭਾ ਵੱਲ ਮਾਰਚ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪੰਜਾਬ ਭਰ ਵਿੱਚ ਸਾਂਝੀਆਂ ਮੀਟਿੰਗਾਂ ਕਰਕੇ ਮੁਲਾਜ਼ਮਾਂ\ਪੈਨਸ਼ਰਾਂ ਨੂੰ ਇਸ ਇਤਿਹਾਸਕ ਰੈਲੀ ਲਈ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਗਿਆ। ਸਾਂਝਾ ਫਰੰਟ ਦੇ ਕਨਵੀਨਰਾਂ ਸੱਜਣ ਸਿੰਘ, ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਮੇਘ ਸਿੰਘ ਸਿੱਧੂ, ਪ੍ਰੇਮ ਸਾਗਰ ਸ਼ਰਮਾ, ਅਜਮੇਰ ਸਿੰਘ, ਹਰਭਜਨ ਸਿੰਘ, ਸੁਖਦੇਵ ਸਿੰਘ ਸੁੱਖੀ, ਜਸਵੰਤ ਸਿੰਘ ਸੰਧੂ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਾਂ ਵਿਰੋਧੀ ਨੀਤੀਆਂ ਵਿੱਚ ਹਜ਼ਾਰਾਂ ਮੁਲਾਜ਼ਮ ਤੇ ਪੈਨਸ਼ਨਰ 24 ਫਰਵਰੀ ਨੂੰ ਮੁਹਾਲੀ ਰੈਲੀ ਵਿੱਚ ਸ਼ਾਮਲ ਹੋਣਗੇ।
ਇਸੇ ਦੌਰਾਨ ਕਰਤਾਰ ਸਿੰਘ ਪਾਲ, ਜੋਗਿੰਦਰ ਸਿੰਘ, ਅਜੀਤ ਸਿੰਘ ਸੋਢੀ, ਦਰਸ਼ਨ ਸਿੰਘ ਲੁਬਾਣਾ, ਗੁਰਪ੍ਰੀਤ ਸਿੰਘ ਮੰਗਵਾਲ, ਜਸਬੀਰ ਕੌਰ ਮੂਣਕ, ਬੀਐਸ ਸੈਣੀ ਨੇ ਵੱਖ ਵੱਖ ਥਾਵਾਂ ਤੇ ਮੀਟਿੰਗਾਂ ਉਪਰੰਤ ਵੱਖੋ-ਵੱਖਰੇ ਬਿਆਨਾਂ ਵਿੱਚ ਕਿਹਾ ਕਿ ਪੰਜਾਬ ਭਰ ’ਚ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…