nabaz-e-punjab.com

ਪੰਜਾਬ ਤੇ ਯੂ.ਕੇ. ਹੁਨਰ ਸਿਖਲਾਈ ਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨਗੇ: ਚਰਨਜੀਤ ਚੰਨੀ

20 ਜੂਨ ਨੂੰ ਸਮਝੌਤਾ ਹੋਵੇਗਾ ਸਹੀਬੱਧ, ਯੂ.ਕੇ ਦੇ ਡਿਪਟੀ ਹਾਈ ਕਮਿਸ਼ਨਰ ਨੇ ਕੀਤੀ ਤਕਨੀਕੀ ਸਿੱਖਿਆ ਮੰਤਰੀ ਨਾਲ ਭੇਟ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਜੂਨ:
ਪੰਜਾਬ ਤੇ ਯੂ.ਕੇ. ਹੁਨਰ ਸਿਖਲਾਈ ਅਤੇ ਤਕਨੀਕੀ ਸਿੱਖਿਆ ਦੇ ਖੇਤਰ ’ਚ ਆਪਸੀ ਸਹਿਯੋਗ ਨਾਲ ਕੰਮ ਕਰਨਗੇ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ਾਂ ’ਚ ਸਿੱਖਿਆ ਅਤੇ ਰੁਜ਼ਗਾਰ ਹਾਸਲ ਕਰਨ ਲਈ ਸਾਜਗਾਰ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਬ੍ਰਿਟਿਸ਼ (ਯੂ.ਕੇ.) ਹਾਈ ਕਮਿਸ਼ਨ ਦੇ ਚੰਡੀਗੜ੍ਹ ’ਚ ਡਿਪਟੀ ਹਾਈ ਕਮਿਸ਼ਨਰ ਸ੍ਰੀ ਐਂਡਰਿਓ ਏਰੇ ਨਾਲ ਮੁਲਾਕਾਤ ਮਗਰੋਂ ਕੀਤਾ। ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਅਤੇ ਵਿਦੇਸ਼ ’ਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਹਿੱਤ ਕੰਮ ਕਰ ਰਹੀ ਹੈ ਅਤੇ ਇਸੇ ਦਿਸ਼ਾ ’ਚ ਅੱਗੇ ਵਧਦਿਆਂ ਪੰਜਾਬ ਅਤੇ ਯੂ.ਕੇ. ਵਿਚਕਾਰ 20 ਜੂਨ ਨੂੰ ਸਕਿਲ ਡਿਵੈਲਪਮੈਂਟ ਅਤੇ ਤਕਨੀਕੀ ਸਿੱਖਿਆ ਦੇ ਖੇਤਰ ’ਚ ਆਪਸੀ ਸਹਿਯੋਗ ਕਰਨ ਸਬੰਧੀ ਸਬੰਧੀ ਸਮਝੌਤਾ ਸਹੀਬੱਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਪੰਜਾਬ ਅਤੇ ਯੂ.ਕੇ. ’ਚ ਪੜ੍ਹਨ/ਡਿਗਰੀ ਜਾਂ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਦੋਹਰਾ ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਟੀਫਿਕੇਟਾਂ ਦੀ ਅੰਤਰ ਰਾਸ਼ਟਰੀ ਪੱਧਰ ’ਤੇ ਮਾਨਤਾ ਹੋਵੇਗੀ, ਜਿਸ ਨਾਲ ਵਿਦਿਆਰਥੀ ਪੰਜਾਬ ਦੇ ਨਾਲ-ਨਾਲ ਯੂ.ਕੇ. ਅਤੇ ਹੋਰਨਾਂ ਦੇਸ਼ਾਂ ’ਚ ਨੌਕਰੀ ਹਾਸਲ ਕਰ ਸਕਣ ਦੇ ਯੋਗ ਹੋ ਜਾਣਗੇ। ਸ. ਚੰਨੀ ਨੇ ਦੱਸਿਆ ਕਿ ਡਿਪਟੀ ਹਾਈ ਕਮਿਸ਼ਨਰ ਸ੍ਰੀ ਏਰੇ ਨਾਲ ਮੁਲਾਕਾਤ ਮੌਕੇ ਪੰਜਾਬ ’ਚ ਇੱਕ ਸਕਿਲ ਡਿਵੈਲਪਮੈਂਟ ਯੂਨੀਵਰਸਿਟੀ ਖੋਲ੍ਹਣ ਬਾਰੇ ਵੀ ਚਰਚਾ ਕੀਤੀ ਗਈ, ਜਿਸ ਸਬੰਧੀ ਤਕਨੀਕੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲੋੜੀਂਦੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਯੂ.ਕੇ. ਦੀਆਂ ਏਜੰਸੀਆਂ ਸਕਿਲ ਡਿਵੈਲਪਮੈਂਟ ਦੇ ਮਾਹਿਰਾਂ ਨੂੰ ਪੰਜਾਬ ਭੇਜਣਗੀਆਂ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ ਦੇ ਅਤੀ ਆਧੁਨਿਕ ਢੰਗਾਂ ਦੀ ਸਿਖਲਾਈ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਚੇਰੀ ਸਿੱਖਿਆ ਨਾਲ ਸਬੰਧਤ ਵਿਦਿਆਰਥੀਆਂ ਦੀ ਵਿਦੇਸ਼ ’ਚ ਪੜ੍ਹਾਈ ਕਰਾਉਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾ ਰਹੀਆਂ ਹਨ। ਸ. ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ’ਚ ਤਕਨੀਕੀ ਸਿੱਖਿਆ ਅਤੇ ਹੁਨਰਮੰਦ ਸਿਖਲਾਈ ਦੇ ਖੇਤਰ ’ਚ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਕੁੱਝ ਸਾਲਾਂ ’ਚ ਪੰਜਾਬ ਦੇ ਨੌਜਵਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਖੇਤਰ ’ਚ ਵਿਸ਼ਵ ਪੱਧਰ ’ਤੇ ਆਪਣੀ ਹੋਂਦ ਦਰਜ ਕਰਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੇ ਸਕੱਤਰ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਸ. ਕਾਹਨ ਸਿੰਘ ਪੰਨੂ, ਸ੍ਰੀ ਸੰਦੀਪ ਕੌੜਾ ਅਤੇ ਮਧੂਚੰਦਾ ਮਿਸ਼ਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…