ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਲੜੀਵਾਰ ਭੁੱਖ-ਹੜਤਾਲ ਸ਼ੁਰੂ

ਸਾਂਝਾ ਮੁਲਾਜ਼ਮ ਫਰੰਟ ਦੇ ਕਨਵੀਨਰ ਸੱਜਣ ਸਿੰਘ ਦੀ ਅਗਵਾਈ ਹੇਠ 5 ਮੈਂਬਰੀ ਜਥਾ ਭੁੱਖ ਹੜਤਾਲ ’ਤੇ ਬੈਠਾ

30 ਸਤੰਬਰ ਤੱਕ ਮੰਗਾਂ ਨਾ ਮੰਨੇ ਜਾਣ ’ਤੇ 19 ਅਕਤੂਬਰ ਤੋਂ ਸ਼ੁਰੂ ਕੀਤਾ ਜਾਵੇਗਾ ਜੇਲ੍ਹ ਭਰੋ ਅੰਦੋਲਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ:
ਪੰਜਾਬ ਤੇ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਿੱਖਿਆ ਬੋਰਡ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਸਾਂਝਾ ਮੁਲਾਜ਼ਮ ਫਰੰਟ ਦੇ ਕਨਵੀਨਰ ਸੱਜਣ ਸਿੰਘ, ਪੈਨਸ਼ਨਰਜ਼ ਆਗੂ ਕਰਮ ਸਿੰਘ ਧਨੋਆ, ਜ਼ਿਲ੍ਹਾ ਕਨਵੀਨਰ ਗੁਰਵਿੰਦਰ ਸਿੰਘ ਖਮਾਣੋਂ ਦੀ ਅਗਵਾਈ ਵਿੱਚ ਵੀਰਵਾਰ ਨੂੰ ਦੂਜੇ ਦਿਨ ਲੋਕ ਨਿਰਮਾਣ ਵਿਭਾਗ ਬੀ ਐਂਡ ਆਰ (ਬਾਗਬਾਨੀ) ਦੇ ਸਾਥੀ ਸੁਰੇਸ਼ ਕੁਮਾਰ, ਸ਼ਵਿੰਦਰ ਕੁਮਾਰ, ਸ਼ੀਤਲਾ ਪ੍ਰਸ਼ਾਦ, ਰਾਜ ਕਰਨ ਅਤੇ ਹਨੂਮਾਨ ਪ੍ਰਸ਼ਾਦ ਪੰਜ ਮੈਂਬਰੀ ਜਥਾ ਭੁੱਖ ਹੜਤਾਲ ’ਤੇ ਬੈਠੇ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪਿਛਲੇ ਕਾਫ਼ੀ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਜਿਵੇਂ ਵੱਖ-ਵੱਖ ਵਿਭਾਗਾਂ ਵਿੱਚ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, 1 ਜਨਵਰੀ 2016 ਤੋਂ ਮਿਲਣਯੋਗ ਤਨਖ਼ਾਹ ਕਮਿਸ਼ਨ ਰਿਲੀਜ਼ ਕਰਕੇ ਲਾਗੂ ਕੀਤੀ ਜਾਵੇ। ਡੀਏ ਬਕਾਇਆ ਕਿਸ਼ਤਾਂ ਦਿੱਤੀਆਂ ਜਾਣ, 1 ਜਨਵਰੀ 2004 ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਸਾਲਾਨਾ 2400 ਰੁਪਏ ਦੀ ਨਾਜਾਇਜ਼ ਕਟੌਤੀ ਬੰਦ ਕੀਤੀ ਜਾਵੇ। ਪੰਜਾਬ ਦੇ ਮੁਲਾਜ਼ਮਾਂ ’ਤੇ ਕੇਂਦਰੀ ਤਨਖ਼ਾਹ-ਕਮਿਸ਼ਨ ਕਾਨੂੰਨ ਲਾਗੂ ਕਰਨ ਦੀਆਂ ਤਜਵੀਜ਼ਾਂ ਤੁਰੰਤ ਰੱਦ ਕੀਤੀਆਂ ਜਾਣ।
ਇਸ ਮੌਕੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਸੁਰਜੀਤ ਸਿੰਘ ਮੁਹਾਲੀ, ਸਵਰਨ ਸਿੰਘ ਦੇਸੂਮਾਜਰਾ, ਕਰਮਾਪੁਰੀ, ਡਾ. ਹਜ਼ਾਰਾ ਸਿੰਘ ਚੀਮਾ, ਰਾਮ ਕਿਸ਼ਨ, ਮਨਤੇਜ ਸਿੰਘ, ਗੁਰਦੀਪ ਸਿੰਘ, ਮਨਿੰਦਰ ਸਿੰਘ, ਜੰਗਲਾਤ ਵਰਕਰਜ਼ ਯੂਨੀਅਨ, ਅਮਨਦੀਪ ਸਿੰਘ, ਹਰਵਿੰਦਰ ਸਿੰਘ, ਪਰਦੀਪ ਸਿੰਘ, ਜਤਿੰਦਰ ਸਿੰਘ ਛੱਤਬੀੜ ਚਿੜੀਆਘਰ, ਕਰਤਾਰ ਪਾਲ ਸਿੰਘ ਪੰਜਾਬ ਤੇ ਯੂਟੀ ਫੈਡਰੇਸ਼ਨ, ਪ੍ਰੇਮ ਚੰਦ ਸ਼ਰਮਾ ਜ਼ਿਲ੍ਹਾ ਪ੍ਰਧਾਨ ਦਰਜਾ-4 ਮੁਲਾਜ਼ਮ ਯੂਨੀਅਨ ਹਾਜ਼ਰ ਸਨ। ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਸੱਜਣ ਸਿੰਘ ਅਤੇ ਕਰਮ ਸਿੰਘ ਧਨੋਆ ਨੇ ਦੱਸਿਆ ਕਿ 30 ਸਤੰਬਰ ਤੱਕ ਭੁੱਖ ਹੜਤਾਲ ਜਾਰੀ ਰਹੇਗੀ। ਜੇਕਰ ਇਸ ਦੌਰਾਨ ਸਰਕਾਰ ਨੇ ਉਕਤ ਮੰਗਾਂ ਪ੍ਰਵਾਨ ਨਾ ਕੀਤੀ ਤਾਂ 19 ਅਕਤੂਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
(ਬਾਕਸ ਆਈਟਮ) ਪੁੱਡਾ ਮੁਲਾਜ਼ਮਾਂ ਦੀ ਲੜੀਵਾਰ ਭੁੱਖ-ਹੜਤਾਲ 9ਵੇਂ ਦਿਨ ’ਚ ਦਾਖ਼ਲ
ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਮੁਲਾਜ਼ਮ ਦੀਆਂ ਜਾਇਜ਼ ਮੰਗਾਂ ਨੂੰ ਪੁੱਡਾ ਭਵਨ ਦੇ ਬਾਹਰ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ, ਐਕਟਿੰਗ ਪ੍ਰਧਾਨ ਪੁੱਡਾ ਜਰਨੈਲ ਸਿੰਘ ਅਤੇ ਜਰਨਲ ਸਕੱਤਰ ਸੀਸ਼ਨ ਕੁਮਾਰ ਤੇ ਸਕੱਤਰ ਬਲਜਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਵੀਰਵਾਰ ਨੂੰ ਨੌਵੇਂ ਦਿਨ ਵਿੱਚ ਦਾਖ਼ਲ ਹੋ ਗਈ। ਅੱਜ ਦਰਸ਼ਨ ਸਿੰਘ, ਬੰਤ ਸਿੰਘ, ਰਣਜੀਤ ਸਿੰਘ ਅਤੇ ਪੂਰਨ ਚੰਦ ਭੁੱਖ ਹੜਤਾਲ ’ਤੇ ਬੈਠੇ। ਕੋਵਿਡ-19 ਦੀਆਂ ਹਦਾਇਤਾਂ ਦੇ ਮੱਦੇਨਜ਼ਰ ਭੁੱਖ ਹੜਤਾਲ ਕੈਂਪਸ ਵਿੱਚ ਮੁਲਾਜ਼ਮਾਂ ਦੀ ਵੱਡੀ ਭੀੜ ਇਕੱਠੀ ਕਰਨ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਪੁੱਡਾ ਮੁਲਾਜ਼ਮ ਆਪਣੀਆਂ ਨੂੰ ਲੈ ਕੇ ਅੜੇ ਹੋਏ ਹਨ ਅਤੇ 19 ਸਤੰਬਰ ਨੂੰ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…