ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ

ਸ਼ਿਕਾਇਤਕਰਤਾ ਅਨੁਸਾਰ ਐਸਐਚਓ ਨੇ ਕੇਸ ਦੇ ਨਿਪਟਾਰੇ ਲਈ ਇੱਕ ਲੱਖ ਰੁਪਏ ਮੰਗੀ ਸੀ ਰਿਸ਼ਵਤ

ਨਬਜ਼-ਏ-ਪੰਜਾਬ, ਮੁਹਾਲੀ, 12 ਅਪਰੈਲ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨਿਚਰਵਾਰ ਨੂੰ ਪੰਜਾਬ ਪੁਲੀਸ ਦੇ ਇੰਸਪੈਕਟਰ ਅਭਿਨਵ ਚੌਹਾਨ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅਭਿਨਵ ਚੌਹਾਨ ਇਸ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿਖੇ ਐਸਐਚਓ ਵਜੋਂ ਤਾਇਨਾਤ ਸੀ। ਇਸ ਸਬੰਧੀ ਉਸ ਦੇ ਖ਼ਿਲਾਫ਼ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਐਸਐਚਓ ਨੂੰ ਭਲਕੇ ਮਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਅੱਜ ਇੱਥੇ ਦੇਰ ਸ਼ਾਮ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸਐਚਓ ਅਭਿਨਵ ਚੌਹਾਨ ਨੂੰ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰਨਾਂ ਪੱਖਾਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਪਹੁੰਚ ਕੇ ਦੋਸ਼ ਲਗਾਇਆ ਹੈ ਕਿ ਮਮਦੋਟ ਥਾਣੇ ਦੇ ਐਸਐਚਓ ਨੇ ਇੱਕ ਆਮ ਝਗੜੇ ਦੇ ਨਿਪਟਾਰੇ ਲਈ ਉਸ ਕੋਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਪਰ ਉਹ ਇਹ ਰਿਸ਼ਵਤ ਦੇਣ ਲਈ ਤਿਆਰ ਨਹੀਂ ਹੈ। ਵਿਜੀਲੈਂਸ ਅਨੁਸਾਰ ਪੀੜਤ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ-1, ਮੁਹਾਲੀ ਦੀ ਟੀਮ ਨੇ ਜਾਲ ਵਿਛਾਇਆ ਅਤੇ ਇਸ ਦੌਰਾਨ ਉਕਤ ਐਸਐਚਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਪਹਿਲੀ ਕਿਸ਼ਤ ਵਜੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…