
ਅੌਰਤਾਂ ਵਿਰੁੱਧ ਅੱਤਿਆਚਾਰ ਦੇ ਮਾਮਲੇ ਵਿੱਚ ਸਖ਼ਤ ਹੋਇਆ ਪੰਜਾਬ ਮਹਿਲਾ ਕਮਿਸ਼ਨ
ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਗੰਭੀਰ ਨੋਟਿਸ ਲਿਆ, ਐੱਸਐੱਸਪੀ ਤੋਂ ਰਿਪੋਰਟ ਮੰਗੀ
ਨਬਜ਼-ਏ-ਪੰਜਾਬ, ਮੁਹਾਲੀ, 6 ਅਪਰੈਲ:
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅੌਰਤਾਂ ਵਿਰੁੱਧ ਅੱਤਿਆਚਾਰ ਦੇ ਮਾਮਲਿਆਂ ਵਿੱਚ ਖ਼ੁਦ ਨੋਟਿਸ ਲੈ ਕੇ ਨਾਰੀ ਜਾਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਗੱਲ ਕਹੀ ਹੈ। ਮਹਿਲਾ ਕਮਿਸ਼ਨ ਨੇ ਰਾਜਪੁਰਾ ਨੇੜਲੇ ਪਿੰਡ ਜਨਸੂਹਾ ਵਿੱਚ ਅੌਰਤ ਨਾਲ ਬੇਹੁਰਮਤੀ ਮਾਮਲੇ ਦਾ ਗੰਭੀਰ ਨੋਟਿਸ ਹੈ। ਇਸ ਸਬੰਧੀ ਕਮਿਸ਼ਨ ਦੀ ਮੁਖੀ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਪਟਿਆਲਾ ਦੇ ਐੱਸਐੱਸਪੀ ਤੋਂ ਰਿਪੋਰਟ ਤਲਬ ਕੀਤੀ ਹੈ।
ਕਮਿਸ਼ਨ ਨੇ ਪਟਿਆਲਾ ਦੇ ਐੱਸਐੱਸਪੀ ਨੂੰ ਜਨਸੂਹਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਅੌਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ ਭਲਕੇ 7 ਅਪਰੈਲ ਤੱਕ ਪੁਲੀਸ ਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦੀ ਐਸਪੀ ਰੈਂਕ ਦੇ ਅਧਿਕਾਰੀ ਨੂੰ ਡੂੰਘਾਈ ਨਾਲ ਜਾਂਚ ਪੜਤਾਲ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਉਨ੍ਹਾਂ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 ਦੀ ਧਾਰਾ 12 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੁਲੀਸ ਅਧਿਕਾਰੀਆਂ ਤੋਂ ਤੁਰੰਤ ਜਵਾਬ ਮੰਗਿਆ ਹੈ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਅੌਰਤ ਨੂੰ ਤੰਗ ਪ੍ਰੇਸ਼ਾਨ ਕਰਨ ਜਾਂ ਬੇਲੋੜਾ ਦਬਾਅ ਪਾਏ ਜਾਣ ਦੀ ਸੂਰਤ ਵਿੱਚ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਮਿਸ਼ਨ ਦੀ ਮੁਖੀ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਅੌਰਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਆਪਣੀ ਵਚਨਬੱਧਤਾ ’ਤੇ ਦ੍ਰਿੜ ਹੈ ਅਤੇ ਕਮਿਸ਼ਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਧਮਕੀ, ਪ੍ਰੇਸ਼ਾਨੀ ਜਾਂ ਅੌਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਧਰ, ਬੀਤੇ ਦਿਨੀਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨਿਊਜ਼ ਚੈਨਲਾਂ ’ਤੇ ਪ੍ਰਕਾਸ਼ਿਤ ਹੋਈ ਚਿੱਟੇ ਨਾਲ ਫੜੀ ਗਈ ਪੰਜਾਬ ਪੁਲੀਸ ਦੀ ਕਾਂਸਟੇਬਲ ਮਾਮਲੇ ਵਿੱਚ ਅਦਾਲਤ ਕੰਪਲੈਕਸ ਮਹਿਲਾ ਸਿਪਾਹੀ ਦੇ ਸਾਥੀ ਵੱਲੋਂ ਜਨਤਕ ਤੌਰ ’ਤੇ ਆਪਣੀ ਪਤਨੀ ਦੀ ਕੁੱਟਮਾਰ ਕਰਨ ਦਾ ਗੰਭੀਰ ਨੋਟਿਸ ਸੀ। ਬਠਿੰਡਾ ਦੇ ਐੱਸਐੱਸਪੀ ਤੋਂ ਪੁਲੀਸ ਕਾਰਵਾਈ ਦੀ ਰਿਪੋਰਟ ਤਲਬ ਕਰਦਿਆਂ ਕਮਿਸ਼ਨਰ ਨੇ ਕਿਹਾ ਕਿ ਪੀੜਤ ਅੌਰਤ ਦਾ ਪਤੀ ਵੀ ਚਿੱਟੇ ਨਾਲ ਫੜੀ ਗਈ ਕਾਂਸਟੇਬਲ ਨਾਲ ਰਲਿਆ ਹੋਇਆ ਹੈ ਤਾਂ ਉਸ ਨੂੰ ਅਜੇ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਡੀਐਸਪੀ ਰੈਂਕ ਦੇ ਅਧਿਕਾਰੀ ਤੋਂ ਪੜਤਾਲ ਕਰਵਾਈ ਜਾਵੇ ਅਤੇ ਦੋ ਦਿਨਾਂ ਦੇ ਅੰਦਰ-ਅੰਦਰ ਕਮਿਸ਼ਨ ਦਫ਼ਤਰ ਨੂੰ ਕਾਰਵਾਈ ਰਿਪੋਰਟ ਭੇਜੀ ਜਾਵੇ। ਇਸ ਤੋਂ ਪਹਿਲਾਂ ਮਿਊਜ਼ਿਕ ਕੰਪਨੀ ਦੇ ਮਾਲਕ ਵੱਲੋਂ ਪੰਜਾਬ ਦੀ ਉੱਭਰਦੀ ਹੋਈ ਪੰਜਾਬੀ ਗਾਇਕਾ ਅਤੇ ਅਦਾਕਾਰਾ ਨਾਲ ਧੋਖਾਧੜੀ ਕਰਨ ਦੇ ਮਾਮਲੇ ਦਾ ਵੀ ਗੰਭੀਰ ਨੋਟਿਸ ਲਿਆ ਸੀ। ਹਾਲਾਂਕਿ ਪਹਿਲਾਂ ਪੀੜਤ ਲੜਕੀ ਇਨਸਾਫ਼ ਲਈ ਖੱਜਲ ਹੋ ਰਹੀ ਸੀ ਪ੍ਰੰਤੂ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਕੰਪਨੀ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਹਿਲਾ ਕਮਿਸ਼ਨ ਨੇ ਪੀੜਤ ਅੌਰਤਾਂ ਨੂੰ ਆਪਣੇ ਹੱਕਾਂ, ਅਧਿਕਾਰਾਂ ਅਤੇ ਅੱਤਿਆਚਾਰ ਵਿਰੁੱਧ ਇਨਸਾਫ਼ ਲੈਣ ਲਈ ਖੁੱਲ੍ਹ ਕੇ ਸਾਹਮਣੇ ਆਉਣ ਲਈ ਪ੍ਰੇਰਿਆ ਹੈ।