
ਮਾਂ ਬੋਲੀ ਪੰਜਾਬੀ: ਸਿੱਖਿਆ ਮੰਤਰੀ ਤੇ ਅਫ਼ਸਰਸ਼ਾਹੀ ਦੀ ਜਵਾਬ ਤਲਬੀ ਹੋਵੇ: ਧਨੋਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ:
ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ 12ਵੀਂ ਦੀ ਪ੍ਰੀਖਿਆ ਵਿੱਚ ਪੰਜਾਬੀ ਵਿਸ਼ੇ ਵਿੱਚ 4500 ਤੋਂ ਵੱਧ ਵਿਦਿਆਰਥੀਆਂ ਦਾ ਫੇਲ੍ਹ ਹੋਣਾ ਸਰਕਾਰੀ ਤੰਤਰ ਦੇ ਮੰੂਹ ’ਤੇ ਚਪੇੜ ਹੈ। ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਮਾਂ ਬੋਲੀ ਪੰਜਾਬੀ ਦੀ ਪੜਾਈ ਬੱਚਿਆਂ ਨੂੰ ਸਹੀ ਤਰੀਕੇ ਨਾਲ ਨਹੀਂ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿਛਲੇ ਸਮਿਆਂ ਦੇ ਸਿੱਖਿਆ ਮੰਤਰੀ ਅਤੇ ਅਫ਼ਸਰਸ਼ਾਹੀ ਦੀ ਜਵਾਬ ਤਲਬੀ ਕਰਕੇ ਲਿਖਤੀ ਸਪੱਸ਼ਟੀਕਰਨ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਸਮੇਂ ਦੀਆਂ ਸਰਕਾਰਾਂ ਅਤੇ ਅਫ਼ਸਰਸ਼ਾਹੀ ਸਾਡੇ ਬੱਚਿਆਂ ਨੂੰ ਪੰਜਾਬੀ ਪੜਾਉਣ ਲਈ ਕਿੰਨੇ ਕੁ-ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਵਿੱਚ ਮਾਹਰ ਹੋਣ ਤੋਂ ਬਿਨਾਂ ਬੱਚਾ ਮਾਨਸਿਕ ਤੌਰ ’ਤੇ ਪ੍ਰਫੁੱਲਤ ਨਹੀਂ ਹੋ ਸਕਦਾ ਅਤੇ ਮਾਂ ਬੋਲੀ ਤੋਂ ਸੱਖਣੇ ਲੋਕ ਤਰਸ ਦੇ ਪਾਤਰ ਹੁੰਦੇ ਹਨ। ਸ੍ਰੀ ਸਤਵੀਰ ਧਨੋਆ ਨੇ ਸੂਬੇ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਇਸ ਸਬੰਧੀ ਫੌਰੀ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।