
ਪੰਜਾਬੀ ਪ੍ਰੇਮੀ: ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਪੰਜਾਬੀ ਵਿੱਚ ਲਗਾਈ ਨਾਂ ਦੀ ਪਲੇਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਪੰਜਾਬੀ ਮਾਂ ਬੋਲੀ ਨਾਲ ਹੇਜ ਦਿਖਾਉਂਦੇ ਹੋਏ ਆਪਣੀ ਸਰਕਾਰੀ ਵਰਦੀ ’ਤੇ ਆਪਣੇ ਨਾਮ ਦੀ ਫੱਟੀ ਪੰਜਾਬੀ ਵਿੱਚ ਲਗਾਉਣ ਲਈ ਪਹਿਲਕਦਮੀ ਕੀਤੀ ਹੈ। ਡੀਐਸਪੀ ਬੱਲ ਨੇ ਕਿਹਾ ਕਿ ਪੰਜਾਬੀ ਉਨ੍ਹਾਂ ਦੀ ਮਾਂ ਬੋਲੀ ਹੈ ਅਤੇ ਉਹ ਆਪਣੀ ਮਾਂ ਬੋਲੀ ਪੰਜਾਬੀ ਨੂੰ ਦਿਲੋਂ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ 21 ਫਰਵਰੀ ਨੂੰ ਮਾਂ ਬੋਲੀ ਦਿਵਸ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਨਾਂ ਦੀ ਪਲੇਟ ਪੰਜਾਬੀ ਵਿੱਚ ਲਗਾ ਕੇ ਮਾਂ ਬੋਲੀ ਪੰਜਾਬੀ ਪ੍ਰਤੀ ਆਪਣੇ ਮੋਹ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਹੋਰਨਾਂ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਆਪਣੇ ਨਾਂ ਦੀ ਪਲੇਟ ਪੰਜਾਬੀ ਵਿੱਚ ਲਗਵਾਉਣ ਦੀ ਅਪੀਲ ਕੀਤੀ ਹੈ।