
ਪੰਜਾਬੀ ਗਾਇਕ ਤੇ ਅਦਾਕਾਰ ਸਰਦੂਲ ਸਿਕੰਦਰ ਨਹੀਂ ਰਹੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਪੰਜਾਬ ਦੇ ਉੱਘੇ ਗਾਇਕ ਅਦਾਕਾਰ ਸਰਦੂਲ ਸਿਕੰਦਰ ਅੱਜ ਸਾਡੇ ਵਿੱਚ ਨਹੀਂ ਰਹੇ ਹਨ। ਉਹ ਪਿਛਲੇ ਕਈ ਦਿਨਾਂ ਤੋਂ ਇੱਥੋਂ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਸਨ ਅਤੇ ਸ਼ੂਗਰ, ਕਿਡਨੀ ਸਮੇਤ ਹੋਰ ਕਈ ਬੀਮਾਰੀਆਂ ਤੋਂ ਪੀੜਤ ਸਨ। ਮੁਹਾਲੀ ਦੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਰਦੂਲ ਸਿਕੰਦਰ ਦੀ ਕਿਡਨੀ ਫੇਲ ਹੋ ਗਈ ਸੀ ਅਤੇ ਉਸ ਦੀ ਸ਼ੂਗਰ ਬਹੁਤ ਜ਼ਿਆਦਾ ਵਧੀ ਹੋਈ ਸੀ। ਇਸ ਤੋਂ ਇਲਾਵਾ ਉਹ ਹੋਰ ਕਈ ਪ੍ਰਕਾਰ ਦੀਆਂ ਬੀਮਾਰੀਆਂ ਤੋਂ ਵੀ ਪੀੜਤ ਸੀ। ਉਂਜ ਕੁਝ ਸਮਾਂ ਪਹਿਲਾਂ ਉਹ ਕਰੋਨਾ ਮਹਾਮਾਰੀ ਦੇ ਲਪੇਟੇ ਵਿੱਚ ਵੀ ਆ ਗਏ ਸੀ। ਹੁਣ ਕਈ ਦਿਨਾਂ ਤੋਂ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਅਤੇ ਅੱਜ ਉਸ ਨੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ। ਸਰਦੂਲ ਦੇ ਇਸ ਫ਼ਾਨੀ ਦੁਨੀਆ ਤੋਂ ਤੁਰ ਜਾਣ ਨਾਲ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨੇ ਪੰਜਾਬੀ ਸੱਭਿਆਚਾਰ ਦੀ ਸੇਵਾ ਕਰਦਿਆਂ ਹਮੇਸ਼ਾ ਹੀ ਪਰਿਵਾਰਕ ਗੀਤਾਂ ਨੂੰ ਤਰਜ਼ੀਹ ਦਿੱਤੀ ਹੈ।