
ਅਮਨ ਕਾਨੂੰਨ ਕਾਇਮ ਰੱਖਣ ਦੇ ਮਾਮਲੇ ਵਿੱਚ ਪੰਜਾਬ ਦੀ ਆਪ ਸਰਕਾਰ ਬੁਰੀ ਤਰ੍ਹਾਂ ਫੇਲ: ਬੀਬੀ ਗਰਚਾ
ਪੰਜਾਬ ਵਿੱਚ ਆਪਣੇ ਬਲਬੂਤੇ ’ਤੇ ਲੋਕ ਸਭਾ ਚੋਣਾਂ ਵਿੱਚ ਲੜੇਗੀ ਭਾਜਪਾ
ਭਾਜਪਾ ਨੂੰ ਜਦੋਂ ਲੋੜ ਸੀ, ਉਦੋਂ ਪਿੱਠ ਦਿਖਾ ਕੇ ਭੱਜ ਗਏ ਅਕਾਲੀ ਹੁਣ ਫਿਰ ਤੋਂ ਤਰਲੇ ਕੱਢ ਰਹੇ ਨੇ ਆਗੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਦੀ ਨਵ-ਨਿਯੁਕਤ ਮੀਤ ਪ੍ਰਧਾਨ ਲਖਵਿੰਦਰ ਕੌਰ ਗਰਚਾ ਨੇ ਪੰਜਾਬ ਦੀ ਆਪ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਹੁਤ ਬੁਰੀ ਹਾਲਤ ਵਿੱਚ ਪਹੁੰਚ ਗਈ ਹੈ ਅਤੇ ਪੰਜਾਬ ਵਿੱਚ ਸਰਕਾਰ ਅਤੇ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ ਹੈ। ਬੀਬੀ ਗਰਚਾ ਪਿਛਲੀ ਵਿਧਾਨ ਸਭਾ ਚਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ।
ਭਾਜਪਾ ਵੱਲੋਂ ਦਿੱਤੀ ਵੱਡੀ ਜ਼ਿੰਮੇਵਾਰੀ ਤੋਂ ਬਾਅਦ ਬੀਬੀ ਲਖਵਿੰਦਰ ਕੌਰ ਗਰਚਾ ਅੱਜ ਆਪਣੇ ਨਿਵਾਸ ’ਤੇ ਮੀਡੀਆ ਨਾਲ ਰੂਬਰੂ ਹੋਏ ਅਤੇ ਉਨ੍ਹਾਂ ਨੂੰ ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਤੋਂ ਤ੍ਰਸਤ ਹੋਏ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਬਹੁਮਤ ਵਿੱਚ ਲਿਆਂਦਾ ਪਰ ਇਹ ਪਾਰਟੀ ਕਿਸੇ ਵੀ ਤਰ੍ਹਾਂ ਲੋਕਾਂ ਦੀਆਂ ਆਸਾਂ ਤੇ ਖਰੀ ਨਹੀਂ ਉਤਰ ਰਹੀ। ਉਨ੍ਹਾਂ ਕਿਹਾ ਕਿ ਪਹਿਲਾਂ ਦੇਸ਼ ਦੇ ਪਛੜੇ ਰਾਜਾਂ ਵਿੱਚ ਗੈਂਗਸਟਰ ਜਾਂ ਗੁੰਡਾ ਗਰਦੀ ਦੀਆਂ ਗੱਲਾਂ ਸੁਣਨ ਨੂੰ ਮਿਲਦੀਆਂ ਸਨ ਪਰ ਅੱਜ ਪੰਜਾਬ ਵਿਚ ਗੈਂਗਸਟਰ ਰਾਜ ਚੱਲ ਰਿਹਾ ਹੈ ਅਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਹਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਆਮ ਆਦਮੀ ਪਾਰਟੀ ਕੇਜਰੀਵਾਲ ਪ੍ਰਾਈਵੇਟ ਲਿਮਟਿਡ ਪਾਰਟੀ ਬਣ ਕੇ ਰਹਿ ਗਈ ਹੈ।
ਬੀਬੀ ਗਰਚਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋਈ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮਿਸ਼ਨ-2024 ਦੀ ਸਫਲਤਾ ਲਈ ਭਾਜਪਾ ਪੰਜਾਬ ਵਿੱਚ ਆਪਣੇ ਬਲਬੂਤੇ ’ਤੇ ਚੋਣ ਲੜੇਗੀ ਅਤੇ ਸਾਰੀਆਂ ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਮੌਕਾ ਪ੍ਰਸਤ ਦੱਸਦਿਆਂ ਕਿਹਾ ਕਿ ਜਦੋਂ ਭਾਜਪਾ ਨੂੰ ਭਾਈਵਾਲਾਂ ਦੀ ਸਖ਼ਤ ਲੋੜ ਸੀ, ਉਦੋਂ ਅਕਾਲੀ ਦਲ ਪਿੱਠ ਦਿਖਾ ਕੇ ਭੱਜ ਗਿਆ ਅਤੇ ਹੁਣ ਆਉਣ ਵਾਲਾ ਸਮਾਂ ਭਾਜਪਾ ਦਾ ਆਉਂਦਾ ਦੇ ਕੇ ਅਕਾਲੀ ਫਿਰ ਤੋਂ ਭਾਜਪਾ ਨਾਲ ਗੱਠਜੋੜ ਕਰਨ ਲਈ ਤਰਲੋਂ ਮੱਛੀ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਦੇ ਉਲਟ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿੱਚ ਰਾਜ ਸਰਕਾਰ ਚਲਾ ਰਹੀ ਭਾਜਪਾ ਨੇ ਲੋਕਾਂ ਨੂੰ ਸਹੂਲਤ ਦੇਣ ਲਈ ਹਰ ਕਦਮ ਚੁੱਕਿਆ ਹੈ ਅਤੇ ਕਦੇ ਕਿਸੇ ਨਾਲ ਵਿਤਕਰਾ ਜਾਂ ਭੇਦਭਾਵ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੇ ਦੇਸ਼ ਨੂੰ ਰਣਨੀਤਕ ਖੇਤਰ ਪੱਖੋਂ ਪਹਿਲਾਂ ਨਾਲੋਂ ਤਾਕਤਵਰ ਵੀ ਕੀਤਾ ਹੈ ਅਤੇ ਆਰਥਿਕ ਪੱਖੋਂ ਵੀ ਦੇਸ਼ ਦੀ ਮਜ਼ਬੂਤੀ ਲਈ ਹਰ ਕਦਮ ਚੁੱਕਿਆ ਹੈ। ਇਹੀ ਕਾਰਨ ਹੈ ਕਿ ਹੋਰਨਾਂ ਪਾਰਟੀਆਂ ਦੇ ਲੋਕ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਦੇਸ਼ ਦਾ ਭਵਿੱਖ ਦਿਖਾਈ ਦਿੰਦਾ ਹੈ। ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਸਬੰਧੀ ਬੋਲਦਿਆਂ ਬੀਬੀ ਗਰਚਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਸੀ ਪਰ ਗੁਜਰਾਤ ਦੇ ਲੋਕਾਂ ਨੇ ਆਪ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।