nabaz-e-punjab.com

ਡੇਰਾ ਸਿਰਸਾ ਮੁਖੀ ਕੇਸ: ਪੰਜਾਬ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਕਰਨ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ

ਸ਼ਾਂਤੀ ਭੰਗ ਕਰਨ ਵਾਲਿਆਂ ਅਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਪੁਲੀਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਡੀਜੀਪੀ ਵੱਲੋਂ ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ\ਬਠਿੰਡਾ, 22 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਵਿਰੁੱਧ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਦੇ ਆਉਣ ਵਾਲੇ ਫੈਸਲੇ ਦੇ ਸਬੰਧ ਵਿੱਚ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਤੋੜਨ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਵਿਰੁੱਧ ਸਖਤ ਚੇਤਾਵਨੀ ਦਿੱਤੀ ਹੈ। ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦੇਵੇਗੀ ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸੂਬਾ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ।
Îਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਸੁਰੱਖਿਆ ਬਣਾਈ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਕੇਂਦਰੀ ਫੋਰਸ ਦੀਆਂ 75 ਕੰਪਨੀਆਂ ਪ੍ਰਾਪਤ ਹੋਈਆਂ ਹਨ ਅਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਗੜਬੜ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ।
ਸੂਬੇ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਦਾਲਤ ਦੇ ਫੈਸਲੇ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ। ਹਰਿਆਣਾ ਪੁਲਸ ਵੱਲੋਂ ਡੇਰਾ ਮੁਖੀ ਦੇ ਵਿਰੁੱਧ ਦਰਜ ਕੀਤੇ ਬਲਾਤਕਾਰ ਦੇ ਕੇਸ ਦੇ ਸਬੰਧ ਵਿੱਚ ਪੰਚਕੂਲਾ ਅਦਾਲਤ ਵੱਲੋਂ 25 ਅਗਸਤ ਨੂੰ ਫੈਸਲਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਪੁਲਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਿੱਜੀ ਤੌਰ ’ਤੇ ਨਾਜੁਕ ਇਲਾਕਿਆਂ ਦਾ ਦੌਰਾ ਕਰਨ ਅਤੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਵਾਪਰਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਸੁਰੱਖਿਆ ਪ੍ਰਬੰਧ ਯਕੀਨੀ ਬਨਾਉਣ।
ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਅੱਜ ਸਵੇਰੇ ਬਠਿੰਡਾ ਅਤੇ ਹਰਿਆਣਾ ਦੀ ਸਰਹੱਦ ਨਾਲ ਲਗਦੇ ਹੋਰ ਨਾਜ਼ੁਕ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਅਰੋੜਾ ਨੇ ਬਠਿੰਡਾ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਅਤੇ ਸੂਬੇ ਵਿੱਚ ਹਰ ਹਾਲਤ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ। ਬਠਿੰਡਾ ਤੋਂ ਇਲਾਵਾ ਡੀ.ਜੀ.ਪੀ. ਨੇ ਮਾਨਸਾ, ਮੋਗਾ, ਪਟਿਆਲਾ, ਲੁਧਿਆਣਾ ਦਿਹਾਤੀ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਦਾ ਵੀ ਦੌਰਾ ਕੀਤਾ।
ਹਿਫਾਜ਼ਤੀ ਕਦਮਾਂ ਵਜੋਂ ਡੀ.ਜੀ.ਪੀ. ਨੇ ਡੀ.ਜੀ.ਪੀ. ਲਾਅ ਐਂਡ ਆਰਡਰ ਅਤੇ ਡੀ.ਜੀ.ਪੀ. ਇੰਟੈਲੀਜੈਂਸ ਦੇ ਨਾਲ ਜ਼ਿਲ੍ਹਾ ਮੈਜੀਸਟ੍ਰੇਟਾਂ ਅਤੇ ਐਸ.ਐਚ.ਓ. ਪੱਧਰ ਤੱਕ ਦੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਨੀਮ ਫੌਜੀ ਬਲਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਅਤੇ ਹੋਰ ਗਰੁੱਪਾਂ/ਵਿਅਕਤੀਆਂ ਦੀਆਂ ਯੋਜਨਾਵਾਂ ਬਾਰੇ ਉਪਲਬਧ ਹੋਈ ਸੂਚਨਾ ਸਬੰਧੀ ਵਿਸਤ੍ਰਤ ਖੂਫੀਆ ਜਾਣਕਾਰੀ ਅਧਿਕਾਰੀਆਂ ਨੂੰ ਦਿੱਤੀ ਗਈ।
ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਬਣਾਈ ਰੱਖਣ ਲਈ ਅਤੇ ਕਿਸੇ ਵੀ ਸੂਰਤ ਵਿੱਚ ਲੋਕਾਂ ਦੀ ਜਾਇਦਾਦ ਅਤੇ ਜੀਵਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਦੌਰਾਨ ਹਿਫਾਜ਼ਤੀ ਸੁਰੱਖਿਆ ਕਦਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਡੀਜੀਪੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਾਰੇ ਕਦਮ ਚੁੱਕਣ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਯਕੀਨੀ ਬਣਾਉਣ ਵਾਸਤੇ ਆਖਿਆ। ਉਨ੍ਹਾਂ ਕਿਹਾ ਕਿ ਗੜਬੜ ਪੈਦਾ ਕਰਨ ਵਾਲੇ ਸ਼ਰਾਰਤੀ ਤੱਤਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਡੀਜੀਪੀ ਨੇ ਰਾਸ਼ਟਰ ਵਿਰੋਧੀ ਸ਼ਕਤੀਆਂ ਘਿਨੌਣੇ ਇਰਾਦਿਆਂ ਬਾਰੇ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਾਇਆ ਜੋ ਕਿ ਸੂਬੇ ਵਿੱਚ ਸ਼ਾਂਤੀ ਨਾਲ ਰਹਿ ਰਹੇ ਵੱਖ-ਵੱਖ ਭਾਈਚਾਰਿਆਂ ਵਿੱਚ ਦਰਾਰ ਪੈਦਾ ਕਰਨੀ ਚਾਹੁੰਦੇ ਹਨ।
ਇਸੇ ਦੌਰਾਨ ਬਠਿੰਡਾ ਦੇ ਸਿਰਸੇ ਨਾਲ ਲੱਗਦੇ ਇਲਾਕੇ ਵਿੱਚ ਵੱਡੀ ਪੱਧਰ ’ਤੇ ਪੁਲੀਸ ਤਾਇਨਾਤ ਕੀਤੀ ਗਈ ਹੈ। ਸਿਰਸਾ ਡੇਰਾ ਸੱਚਾ ਸੌਦਾ ਦਾ ਹੈਡ ਕੁਆਟਰ ਹੈ। ਪੁਲਿਸ ਨੇ ਸੀ.ਆਰ.ਪੀ.ਐਫ. ਅਤੇ ਰੈਪਿਡ ਐਕਸ਼ਨ ਫੋਰਸ ਨਾਲ ਮਿਲ ਕੇ ਫਲੈਗ ਮਾਰਚ ਕੀਤਾ। ਇਸ ਤਰ੍ਹਾਂ ਦਾ ਮਾਰਚ ਮੋਗਾ ਵਿਖੇ ਵੀ ਕੀਤਾ ਗਿਆ। ਪੁਲਿਸ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਨਾਲ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।
ਡੀਜੀਪੀ ਨੂੰ ਨਾਜ਼ੁਕ ਖੇਤਰਾਂ ਦਾ ਹਵਾਈ ਸਰਵੇ ਕਰਨ ਲਈ ਪੰਜਾਬ ਸਰਕਾਰ ਵੱਲੋਂ ਹੈਲੀਕਪਟਰ ਮੁਹਈਆ ਕਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਨਾਜ਼ੁਕ ਇਲਾਕਿਆਂ ਦੇ ਜ਼ਮੀਨੀ ਹਾਲਤਾਂ ’ਤੇ ਨੇੜੀਓਂ ਨਿਗਾ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਸੁਰੱਖਿਆ, ਖੂਫੀਆ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਅਫਵਾਹਾਂ ਫੈਲਾਉਣ ਜਾਂ ਭੜਕਾਊ ਬਿਆਨ ਦੇਣ ਜਾਂ ਕਾਰਜ ਕਰਨ ਵਾਲੇ ਤੱਤਾਂ ਨਾਲ ਸਖਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਸਾਰੀਆਂ ਸਿਆਸੀਆਂ ਪਾਰਟੀਆਂ ਦੇ ਆਗੂਆਂ ਨੂੰ ਆਪਣੀ ਸਿਆਸੀ ਪਹੁੰਚ ਤੋਂ ਉੱਪਰ ਉਠ ਕੇ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ’ਚ ਮਦਦ ਦੇਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…