
ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,01,672 ਮੀਟਰਿਕ ਟਨ ਕਣਕ ਦੀ ਖਰੀਦ
ਕਿਸਾਨਾਂ ਨੂੰ 180 ਕਰੋੜ ਰੁਪਏ ਦੀ ਅਦਾਇਗੀ, ਲਿਫ਼ਟਿੰਗ ਦਾ ਕੰਮ ਵੀ ਜ਼ੋਰਾਂ ’ਤੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,01,868 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,01,672 ਮੀਟਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾਲੋਂ ਨਾਲ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਕਰੀਬ 180 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪਨਗਰੇਨ ਨੇ 26,370 ਮੀਟਰਿਕ ਟਨ, ਮਾਰਕਫੈੱਡ ਨੇ 21,889 ਮੀਟਰਿਕ ਟਨ, ਪਨਸਪ ਨੇ 17,461 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 15,567 ਮੀਟਰਿਕ ਟਨ, ਐਫ਼ਸੀਆਈ ਨੇ 8,541 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ਜਦੋਂਕਿ ਪ੍ਰਾਈਵੇਟ ਤੌਰ ’ਤੇ ਆੜ੍ਹਤੀਆਂ ਵੱਲੋਂ 11, 844 ਮੀਟਰਿਕ ਟਨ ਕਣਕ ਦੀ ਖਰੀਦੀ ਗਈ ਹੈ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਦੇ ਨਾਲੋਂ-ਨਾਲ ਲਿਫ਼ਟਿੰਗ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 61, 731 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦਾ ਦਾਣਾ-ਦਾਣਾ ਖ਼ਰੀਦਿਆਂ ਜਾ ਰਿਹਾ ਹੈ ਅਤੇ ਅੰਨਦਾਤਾ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਡੀਸੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਲੈ ਕੇ ਹੀ ਆਉਣ ਅਤੇ ਕੋਵਿਡ ਸਬੰਧੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ।