ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 85000 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ

ਮੰਡੀਆਂ ਵਿੱਚ ਖ਼ਰੀਦੇ ਝੋਨੇ ਦੀ ਕਿਸਾਨਾਂ ਨੂੰ 154 ਕਰੋੜ ਰੁਪਏ ਦੀ ਅਦਾਇਗੀ ਕੀਤੀ: ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 20 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 88000 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ। ਜਿਸ ’ਚੋਂ ਵੱਖ-ਵੱਖ ਏਜੰਸੀਆਂ ਵੱਲੋਂ 85000 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਝੋਨੇ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਆਉਂਦੇ ਦਿਨਾਂ ਵਿੱਚ ਵੀ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਲਈ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ 18 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਖ਼ਰੀਦ ਏਜੰਸੀਆਂ ਨੂੰ ਅਨਾਜ ਮੰਡੀਆਂ ਵਿੱਚ ਭੀੜ-ਭੜੱਕੇ ਤੋਂ ਬਚਣ ਲਈ ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਰੱਖਣ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 154 ਕਰੋੜ ਰੁਪਏ ਦੀ ਰਾਸ਼ੀ ਟਰਾਂਸਫ਼ਰ ਕੀਤੀ ਗਈ ਹੈ ਜੋ 48 ਘੰਟਿਆਂ ਵਿੱਚ ਪੈਸਿਆਂ ਦੀ ਅਦਾਇਗੀ ਸਬੰਧੀ ਸ਼ਰਤ ਅਨੁਸਾਰ 103 ਫੀਸਦੀ ਬਣਦੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਅਤੇ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਫੂਡ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੰਡੀਆਂ ਵਿੱਚ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਜ ਏਜੰਸੀਆਂ ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਐਫ਼ਸੀਆਈ ਵੱਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਡੀਸੀ ਨੇ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਮਸ਼ੀਨੀ ਉਪਕਰਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਕੋਲ ਬਾਇਓ-ਡੀ ਕੰਪੋਜ਼ਰ ਦੇ 8000 ਟਰਾਇਲ ਪੈਕ ਵੀ ਹਨ, ਜਿਸ ਨਾਲ ਕਿਸਾਨ ਪਰਾਲੀ ਨੂੰ ਮਿੱਟੀ ਵਿੱਚ ਗਾਲ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…