
ਖਾਲਸਾ ਏਡ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੇਂਦਰ ਸਰਕਾਰ ਦੀ ਬੁਖਲਾਹਟ ਦਾ ਨਤੀਜਾ: ਬੇਦੀ
ਨਬਜ਼-ਏ-ਪੰਜਾਬ, ਮੁਹਾਲੀ, 3 ਅਗਸਤ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਵਿੱਚ ਆਏ ਹੜ੍ਹਾਂ ਦਾ ਸ਼ਿਕਾਰ ਹੋਏ ਪੀੜਤ ਲੋਕਾਂ ਦੀ ਨਿਸ਼ਕਾਮ ਸੇਵਾ ਕਰਕੇ ਉਨ੍ਹਾਂ ਨੂੰ ਰਾਸ਼ਨ ਅਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾ ਰਹੀ ਖਾਲਸਾ ਏਡ ਦੇ ਗੋਦਾਮਾਂ ਉੱਤੇ ਐਨਆਈਏ ਵੱਲੋਂ ਕੀਤੀ ਗਈ ਛਾਪੇਮਾਰੀ ਦੀ ਸਖ਼ਤ ਨਿਖੇਧੀ ਕਰਦਿਆਂ ਸਵਾਲ ਕੀਤਾ ਹੈ ਕਿ ਅਜਿਹਾ ਕਰਕੇ ਆਖਰ ਮੋਦੀ ਸਰਕਾਰ ਕੀ ਸਾਬਤ ਕਰਨਾ ਚਾਹੁੰਦੀ ਹੈ।
ਅੱਜ ਇੱਥੇ ਗੱਲਬਾਤ ਕਰਦਿਆਂ ਡਿਪਟੀ ਮੇਅਰ ਨੇ ਕਿਹਾ ਕਿ ਖਾਲਸਾ ਏਡ ਵੱਲੋਂ ਵਿਸ਼ਵ ਭਰ ਵਿੱਚ ਜਿੱਥੇ ਵੀ ਕੋਈ ਆਪਦਾ ਆਉਂਦੀ ਹੈ, ਉੱਥੇ ਪੀੜਤਾਂ ਦੀ ਮਦਦ ਲਈ ਪ੍ਰਬੰਧ ਕੀਤੇ ਜਾਂਦੇ ਹਨ ਅਤੇ ਇਸ ਕੰਮ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਨਿਸ਼ਕਾਮ ਸੇਵਾ ਕਰਕੇ ਕੁਦਰਤ ਦੀ ਕਰੋਪੀ ਸਹਿ ਰਹੇ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮਾਰ ਹੋਵੇ ਜਾਂ ਭੂਚਾਲ ਕਾਰਨ ਹੋਈ ਤਬਾਹੀ, ਖਾਲਸਾ ਏਡ ਦੇ ਵਲੰਟੀਅਰ ਹਰ ਥਾਂ ’ਤੇ ਪੁੱਜ ਕੇ ਲੋਕਾਂ ਦੀ ਸੇਵਾ ਕਰਦੇ ਹਨ ਅਤੇ ਲੱਗਦਾ ਹੈ ਕਿ ਇਹ ਗੱਲ ਕੇਂਦਰ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੀ ਕਿਉਂਕਿ ਕੇਂਦਰ ਸਰਕਾਰ ਨੇ ਕੁਦਰਤ ਦੀ ਕਰੋਪੀ ਦਾ ਸਿਕਾਰ ਲੋਕਾਂ ਦੀ ਬਾਂਹ ਫੜਨ ਤੋਂ ਮੂੰਹ ਮੋੜ ਲਿਆ ਹੈ। ਜਿਸ ਕਾਰਨ ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਬਦਨਾਮ ਕਰਨ ਲਈ ਖਾਲਸਾ ਏਡ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਸ੍ਰੀ ਬੇਦੀ ਨੇ ਕਿਹਾ ਕਿ ਖਾਲਸਾ ਏਡ ਦਾ ਪੂਰਾ ਕੰਮ ਪਾਰਦਰਸ਼ੀ ਤਰੀਕੇ ਨਾਲ ਹੁੰਦਾ ਹੈ ਅਤੇ ਸਿੱਖ ਭਾਈਚਾਰੇ ਵੱਲੋਂ ਦਸਵੰਧ ਕੱਟ ਕੇ ਇਸ ਸੰਸਥਾ ਵਿੱਚ ਯੋਗਦਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀਆਂ ਸਿੱਖ ਵਿਰੋਧੀ ਕਾਰਵਾਈਆਂ ਤੋਂ ਬਾਜ ਆਉਣਾ ਚਾਹੀਦਾ ਹੈ ਅਤੇ ਖਾਲਸਾ ਏਡ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਬੰਦ ਕਰਨਾ ਚਾਹੀਦਾ ਹੈ।