
ਬਰਸਾਤੀ ਪਾਣੀ: ਐਸਡੀਐਮ ਨੇ ਲਾਂਡਰਾਂ-ਬਨੂੜ ਸੜਕ ’ਤੇ ਪ੍ਰਭਾਵਿਤ ਥਾਵਾਂ ਦਾ ਕੀਤਾ ਨਿਰੀਖਣ
ਐਸਡੀਐਮ ਨੇ ਸੜਕ ਦੇ ਦੋਵੇਂ ਪਾਸੇ ਜੰਗਲੀ ਬੂਟੀ ਅਤੇ ਪੂਲੀਆਂ ਦੀ ਸਫ਼ਾਈ ਕਰਨ ਦੇ ਆਦੇਸ਼ ਜਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ:
ਪਿਛਲੇ ਦਿਨੀਂ ਲਗਾਤਾਰ ਬਰਸਾਤ ਹੋਣ ਕਾਰਨ ਮੁਹਾਲੀ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਦਿੱਕਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਹਾਲੀ ਦੇ ਐਸਡੀਐਮ ਸ੍ਰੀਮਤੀ ਸਰਬਜੀਤ ਕੌਰ ਨੇ ਅੱਜ ਕਸਬਾ ਲਾਂਡਰਾਂ ਸਮੇਤ ਲਾਂਡਰਾਂ ਤੋਂ ਬਨੂੜ ਮੁੱਖ ਸੜਕ ’ਤੇ ਪ੍ਰਭਾਵਿਤ ਥਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੁਹਾਲੀ ਨਿਗਮ ਨਿਗਮ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਅਤੇ ਮਾਲ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਦੌਰਾਨ ਐਸਡੀਐਮ ਨੇ ਬਰਸਾਤਾਂ ਦੇ ਸੀਜ਼ਨ ਕਾਰਨ ਪ੍ਰਭਾਵਿਤ ਥਾਵਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲਾਂਡਰਾਂ-ਬਨੂੜ ਅਤੇ ਲਾਂਡਰਾਂ ਤੋਂ ਖਰੜ ਵੱਲ ਜਾਂਦੀ ਸੜਕ ਦੇ ਦੋਵੇਂ ਪਾਸੇ ਜੰਗਲੀ ਬੂਟੀ ਅਤੇ ਪਾਣੀ ਦੀ ਨਿਕਾਸੀ ਲਈ ਬਣਾਈਆਂ ਗਈਆਂ ਪੂਲੀਆਂ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਬਰਸਾਤ ਦੇ ਸੀਜ਼ਨ ਦੌਰਾਨ ਮੀਂਹ ਦਾ ਪਾਣੀ ਇਕੱਠਾ ਹੋਣ ਕਾਰਨ ਇਲਾਕੇ ਦੇ ਲੋਕਾਂ ਅਤੇ ਹੋਰਨਾਂ ਰਾਹਗੀਰਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਐਸਡੀਐਮ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋਕਾਂ ਦੇ ਸੁਝਾਅ ਲੈਣ ਉਪਰੰਤ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।