nabaz-e-punjab.com

ਰਾਏਪੁਰ ਕਲਾਂ ਮਾਮਲਾ: ਮੁਹਾਲੀ ਅਦਾਲਤ ਨੇ ਨਸ਼ਾ ਤਸਕਰ ਨੂੰ ਪਟਿਆਲਾ ਜੇਲ੍ਹ ਭੇਜਿਆ

ਤਿੰਨ ਨਸ਼ੇੜੀ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਕਰਵਾਇਆ ਦਾਖ਼ਲ: ਐਸਐਚਓ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਸੋਹਾਣਾ ਪੁਲੀਸ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਰਵਿੰਦਰ ਗਿਰੀ ਵਾਸੀ ਪਿੰਡ ਸ਼ਾਮਪੁਰ ਨੂੰ ਸ਼ੁੱਕਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਨਿਆਇਕ ਹਿਰਾਸਤ ਅਧੀਨ 23 ਅਗਸਤ ਤੱਕ ਪਟਿਆਲਾ ਜੇਲ੍ਹ ਭੇਜ ਦਿੱਤਾ। ਇਹ ਜਾਣਕਾਰੀ ਦਿੰਦਿਆਂ ਥਾਣਾ ਸੋਹਾਣਾ ਦੇ ਐਸਐਚਓ ਰਾਜੇਸ਼ ਹਸਤੀਰ ਅਤੇ ਜਾਂਚ ਅਧਿਕਾਰੀ ਏਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਨਸ਼ੇ ਦੇ 20 ਟੀਕੇ ਬਰਾਮਦ ਕੀਤੇ ਗਏ ਹਨ। ਉਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਨਸ਼ੇ ਦੇ ਆਦੀ ਤਿੰਨ ਨੌਜਵਾਨਾਂ ਨੂੰ ਅੱਜ ਇਲਾਜ ਲਈ ਇੱਥੋਂ ਦੇ ਸੈਕਟਰ-66 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਥੇ ਇਨ੍ਹਾਂ ਨੌਜਵਾਨਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।
ਸਰਕਾਰੀ ਨਸ਼ਾ ਛੁਡਾਊ ਕੇਂਦਰ ਦੀ ਇੰਚਾਰਜ ਡਾ. ਪੂਜਾ ਗਰਗ ਨੇ ਦੱਸਿਆ ਕਿ ਓਪੀਡੀ ਵਿੱਚ ਜਾਂਚ ਲਈ ਹਰੇਕ ਮਹੀਨੇ ਲਗਭਗ 500 ਮਰੀਜ਼ਾਂ ਦੀ ਆਮਦ ਹੈ। ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ ਲਗਭਗ 3 ਹਜ਼ਾਰ ਨੌਜਵਾਨਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ’ਚੋਂ ਕਈ ਨੌਜਵਾਨਾਂ ਨੂੰ ਮੁਫ਼ਤ ਇਲਾਜ ਲਈ ਦਾਖ਼ਲ ਕੀਤਾ ਗਿਆ ਹੈ। ਪ੍ਰੰਤੂ ਜ਼ਿਆਦਾਤਰ ਪੀੜਤ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਨਾਲ ਰਹਿਣ ਤੋਂ ਟਾਲਾ ਵੱਟਦੇ ਹਨ। ਜਿਸ ਕਾਰਨ ਡਾਕਟਰਾਂ, ਸਟਾਫ਼ ਅਤੇ ਸੁਰੱਖਿਆ ਕਰਮਚਾਰੀਆਂ ਦੀ ਜ਼ਿੰਮੇਵਾਰ ਵਧੇਰੇ ਵੱਧ ਜਾਂਦੀ ਹੈ। ਜਿਸ ਕਾਰਨ ਪਹਿਲਾਂ ਨਸ਼ੇੜੀ ਨੌਜਵਾਨਾਂ ਵੱਲੋਂ ਕੰਧ ਟੱਪ ਕੇ ਭੱਜਣ ਦੀ ਕੋਸ਼ਿਸ਼ ਅਤੇ ਭੰਨ-ਤੋੜ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਜਿਸ ਕਾਰਨ ਹੁਣ ਇਲਾਜ ਲਈ ਦਾਖ਼ਲ ਹੋਣ ਵਾਲੇ ਨੌਜਵਾਨਾਂ ਦੇ ਮਾਪਿਆਂ ਨੂੰ ਉਨ੍ਹਾਂ ਨਾਲ ਰਹਿਣ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਉੱਦਮੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ਿਆਂ ਦੇ ਪੀੜਤ ਨੌਜਵਾਨਾਂ ਦੇ ਮੁਫ਼ਤ ਇਲਾਜ ਲਈ ਪਿੰਡ ਪੱਧਰ ’ਤੇ ਜਾਗਰੂਕਤਾ ਫੈਲਾਉਣ ਦੀ ਲੋੜ ਹੈ। ਇੱਥੇ ਪੀੜਤ ਨੌਜਵਾਨਾਂ ਨੂੰ ਘਰ ਵਾਲਾ ਮਾਹੌਲ ਪ੍ਰਦਾਨ ਕੀਤਾ ਜਾਂਦਾ ਹੈ ਅਤੇ ਸਟਾਫ਼ ਬਹੁਤ ਹੀ ਪਿਆਰ ਅਤੇ ਸਲੀਕੇ ਨਾਲ ਪੇਸ਼ ਆਉਂਦਾ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…