‘ਕਾਨੂੰਨੀ ਚੇਤਨਾ ਪ੍ਰੋਗਰਾਮ’ ਤਹਿਤ ਅੌਰਤਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ‘ਪੈਨ ਇੰਡੀਆ ਆਊਟਰੀਚ ਅਤੇ ਅਵੇਅਰਨੈਸ ਪ੍ਰੋਗਰਾਮ’ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵੱਲੋਂ ਅੱਜ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਅੌਰਤਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ‘ਕਾਨੂੰਨੀ ਚੇਤਨਾ ਪ੍ਰੋਗਰਾਮ’ ਕਰਵਾਇਆ ਗਿਆ।
ਇਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਆਰ.ਐਸ. ਰਾਏ ਨੇ ਸਰਕਾਰ ਵੱਲੋਂ ਅੌਰਤਾਂ ਦੇ ਹੱਕਾਂ ਦੀ ਰਾਖੀ ਲਈ ਪਾਸ ਕੀਤੇ ਗਏ ਕਾਨੂੰਨਾਂ ‘ਐਸਿਡ ਅਟੈਕ, ਬਲਾਤਕਾਰ, ਪਤੀ ਜਾਂ ਉਸ ਦੇ ਰਿਸ਼ਤੇਦਾਰਾਂ ਵੱਲੋਂ ਕੀਤੀ ਜਾਂਦੀ ਕਰੂਰਤਾ, ਦਹੇਜ ਵਿਰੋਧੀ ਕਾਨੂੰਨ, ਪੋਕਸੋ ਐਕਟ, ਸਰੀਰਕ ਛੇੜਛਾੜ ਅਤੇ ਨੈਸ਼ਨਲ ਕਮਿਸ਼ਨ ਫਾਰ ਵਿਮੈਨ’ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦੇਣ ਦੇ ਨਾਲ-ਨਾਲ ਪ੍ਰੋਗਰਾਮ ਵਿੱਚ ਸ਼ਾਮਲ ਅੌਰਤਾਂ ਨੂੰ ਆਪਣੇ ਹੱਕਾਂ ਅਤੇ ਕਾਨੂੰਨੀ ਅਧਿਕਾਰਾਂ ਪ੍ਰਤੀ ਉਤਾਸ਼ਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਅੌਰਤਾਂ ਖ਼ਿਲਾਫ਼ ਹੋ ਰਹੇ ਅਪਰਾਧਾਂ ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਿੱਚ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਨੇ ਅੌਰਤਾਂ ਵਿਰੁੱਧ ਵਧ ਰਹੇ ਅਪਰਾਧਾਂ ਤੋਂ ਬਚਾਅ ਸਬੰਧੀ ਬੱਚਿਆਂ ਨੂੰ ਵੀ ਜਾਗਰੂਕ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਅੌਰਤਾਂ ਨੂੰ ਤਿਆਰ ਕਰਨ ਤਾਂ ਜੋ ਹਰ ਕਿਸਮ ਦੇ ਅਪਰਾਧ ਨੂੰ ਠੱਲ੍ਹ ਪਾਈ ਜਾ ਸਕੇ। ਸਮਾਰੋਹ ਨੂੰ ਮਹਿਲਾ ਵਕੀਲ ਸ੍ਰੀਮਤੀ ਗੀਤਾਂਜਲੀ ਬਾਲੀ ਅਤੇ ਸ੍ਰੀਮਤੀ ਕੁਲਵਿੰਦਰ ਕੌਰ ਨੇ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਮਾਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…