
ਸਰਕਾਰੀ ਸਕੂਲਾਂ ਨੂੰ ਅਪਗਰੇਡ ਕਰ ਕੇ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਭਾਜਪਾ ਦੀ ਪਹਿਲੀ ਤਰਜ਼ੀਹ: ਵਸ਼ਿਸ਼ਟ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਣ ਦੇ ਕੀਤੇ ਜਾ ਰਹੇ ਦਾਅਵੇ ਨਿਰਾ ਝੂਠ ਹਨ ਕਿਉਂਕਿ ਜੇਕਰ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਗੱਲ ਕਰੀਏ ਤਾਂ ਮੌਜੂਦਾ ਹਾਲਤ ਦੇਖ ਕੇ ਪਤਾ ਚਲਦਾ ਹੈ ਕਿ ਸਰਕਾਰੀ ਦਾਅਵੇ ਬਿਲਕੁਲ ਖੋਖਲੇ ਹਨ। ਇਹ ਪ੍ਰਗਟਾਵਾ ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਅੱਜ ਚੋਣ ਪ੍ਰਚਾਰ ਦੌਰਾਨ ਪਿੰਡ ਬੜਮਾਜਰਾ ਵਿੱਚ ਲੋਕਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਿਰਫ਼ ਸਕੂਲਾਂ ਦੀਆਂ ਕੰਧਾਂ ਨੂੰ ਬਾਹਰੋਂ ਵਧੀਆ ਰੰਗ ਰੰਗੋਨ ਕਰਵਾ ਕੇ ਲਿਸ਼ਕਾ ਦਿੱਤਾ ਹੈ ਜਦੋਂਕਿ ਸਕੂਲਾਂ ਅੰਦਰ ਬੁਨਿਆਦੀ ਢਾਂਚਾ ਨਾਂ ਦੀ ਕਈ ਚੀਜ਼ ਨਹੀਂ ਹੈ।
ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਭਾਜਪਾ ਦੇ ਤਰਜ਼ੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸ਼ਾਸਨ ਵਿੱਚ ਅਧਿਆਪਕ ਕਲਾਸਰੂਮ ਵਿੱਚ ਪੜ੍ਹਾਉਣ ਦੀ ਬਜਾਏ ਹੁਕਮਰਾਨਾਂ ਦੇ ਘਟੀਆਂ ਪ੍ਰਬੰਧਾਂ ਕਾਰਨ ਇਨਸਾਫ਼ ਪ੍ਰਾਪਤੀ ਲਈ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਦੇ ਨਜ਼ਰ ਆਏ ਹਨ। ਇਸ ਦੇ ਬਾਵਜੂਦ ਵੀ ਸਰਕਾਰ ਨੇ ਉਨ੍ਹਾਂ ਦੀ ਝੋਲੀ ਵਿੱਚ ਖ਼ੈਰ ਨਹੀਂ ਪਾਈ।

ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ, ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸੰਜੇ ਟੰਡਨ, ਭਾਜਪਾ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ ਨੇ ਵੀ ਚੋਣ ਜਲਸੇ ਨੂੰ ਸੰਬੋਧਨ ਕੀਤਾ ਅਤੇ ਭਾਜਪਾ ਦੀ ਡਬਲ ਇੰਜਨ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ, ਅਕਾਲੀ ਦਲ ਅਤੇ ਆਪ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਮਾਡਲ ਦੇ ਨਾਂ ’ਤੇ ਝੂਠ ਬੋਲ ਕੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦਾ ਕੋਈ ਰਿਸ਼ਤੇਦਾਰ ਜਾਂ ਦੋਸਤ ਮਿੱਤਰ ਦਿੱਲੀ ਵਿੱਚ ਰਹਿੰਦਾ ਹੈ ਤਾਂ ਉੱਥੋਂ ਦੇ ਮੌਜੂਦਾ ਹਾਲਾਤਾਂ ਬਾਰੇ ਪਤਾ ਕੀਤਾ ਜਾਵੇ ਤਾਂ ਕੇਜਰੀਵਾਲ ਦਾ ਝੂਠ ਫੜਿਆ ਜਾਵੇਗਾ।