
ਰਾਜਾ ਵੜਿੰਗ ਤੇ ਬਾਜਵਾ ਦੀ ਟੀਮ ਨੇ ਵਿਰੋਧੀਆਂ ਦੇ ਹੌਸਲੇ ਪਸਤ : ਰਾਜ ਕਰਨ ਬੈਦਵਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ
ਰਾਜਨੀਤੀ ਦੇ ਖੇਤਰ ਵਿੱਚ ਹਮੇਸ਼ਾ ਨੌਜਵਾਨ ਵਰਗ ਵੱਲੋਂ ਅਹਿਮ ਭੂਮਿਕਾ ਨਿਭਾਈ ਜਾਂਦੀ ਹੈ ਅਤੇ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਵੀ ਨੌਜਵਾਨਾਂ ਵੱਲੋਂ ਅੱਗੇ ਹੋ ਕੇ ਜ਼ਿੰਮੇਵਾਰੀਆਂ ਸੰਭਾਲੀਆਂ ਹਨ ਅਤੇ ਸੰਗਰੂਰ ਲੋਕ ਸਭਾ ਹਲਕੇ ਵਿੱਚ ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਨੌਜਵਾਨਾਂ ਵੱਲੋਂ ਕਾਫ਼ਲੇ ਬਣਾ ਕੇ ਹਰ ਗਲੀ ਮੁਹੱਲੇ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਗੱਲ ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ ਦੇ ਸੂਬਾ ਜਰਨਲ ਸਕੱਤਰ ਰਾਜ ਕਰਨ ਸਿੰਘ ਬੈਦਵਾਨ ਸੋਹਾਣਾ ਨੇ ਕਆਖੀ। ਬੈਦਵਾਨ ਸੰਗਰੂਰ ਲੋਕ ਸਭਾ ਹਲਕੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਟੀਮ ਵਿੱਚ ਐਨਐਸਯੂਆਈ ਦੇ ਕਾਫ਼ਲੇ ਨਾਲ ਡਟੇ ਹੋਏ ਹਨ।
ਰਾਜ ਕਰਨ ਸਿੰਘ ਬੈਦਵਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਵੱਲੋਂ ਰਾਹੁਲ ਗਾਂਧੀ ਹੋਰਾਂ ਨੂੰ ਈਡੀ ਦਾ ਡਰ ਦੇ ਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨਾਲ ਸਗੋਂ ਦੇਸ਼ ਭਰ ਦੇ ਕਾਂਗਰਸੀਆਂ ਦੇ ਹੌਸਲੇ ਹੋਰ ਬੁਲੰਦ ਹੋ ਗਏ ਹਨ ਅਤੇ ਉਹ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ ਬੈਠੇ ਹਨ। ਜਿਸ ਦੀ ਸ਼ੁਰੂਆਤ ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਕਰਨਗੇ। ਬੈਦਵਾਨ ਨੇ ਕਿਹਾ ਕਿ ਐੱਨਐੱਸਯੂਆਈ ਦੇ ਨੌਜਵਾਨਾਂ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ।
ਰਾਜਕਰਨ ਸਿੰਘ ਬੈਦਵਾਨ ਨੇ ਕਿਹਾ ਕਿ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਦੀ ਅਗਵਾਈ ਵਾਲੀ ਕਾਂਗਰਸ ਟੀਮ ਵੱਲੋਂ ਚੋਣ ਪ੍ਰਚਾਰ ਕਰਨ ਦੌਰਾਨ ਹਲਕੇ ਦੇ ਲੋਕਾਂ ਨੂੰ ਪੰਜਾਬ ਦੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨਲਾਇਕੀਆਂ ਅਤੇ ਲਏ ਜਾ ਰਹੇ ਪੰਜਾਬ ਵਿਰੋਧੀ ਫੈਸਲਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਦੀ ਤਰਫ਼ੋਂ ਲੋਕਾਂ ਨੂੰ ਅੰਕੜਿਆਂ ਦੇ ਆਧਾਰ ’ਤੇ ਦਿੱਤੀ ਜਾ ਰਹੀ ਜਾਣਕਾਰੀ ਦੇ ਅਧਾਰ ’ਤੇ ਸੰਗਰੂਰ ਹਲਕੇ ਦੇ ਲੋਕ ਭਾਜਪਾ ਅਤੇ ਹੋਰਨਾਂ ਹਮਖਿਆਲੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦੇਣਗੇ। ਬੈਦਵਾਨ ਨੇ ਕਿਹਾ ਕਿ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਦੀ ਟੀਮ ਵੱਲੋਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਸਰਕਾਰੇ-ਦਰਬਾਰੇ ਆਵਾਜ਼ ਉਠਾਈ ਜਾ ਰਹੀ ਹੈ, ਉੱਥੇ ਪੰਜਾਬ ਵਿੱਚ ਕਾਂਗਰਸ ਵਿਚਲੇ ਵਿਰੋਧੀ ਪਾਰਟੀਆਂ ਦੇ ਵਖਰੇਵੇਂ ਵਾਲੀਆਂ ਖ਼ਬਰਾਂ ਨੂੰ ਵੀ ਰੋਕ ਲਗਾ ਦਿੱਤੀ ਗਈ ਹੈ।