
ਗਮਾਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਰਾਜੀਵ ਗੁਪਤਾ ਨੇ ਅਹੁਦਾ ਸੰਭਾਲਿਆ
ਮੁੱਖ ਪ੍ਰਸ਼ਾਸਕ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਪਾਰਦਰਸ਼ੀ ਤੇ ਸਮਾਂਬੱਧ ਕੰਮ ਕਰਨ ਦੇ ਆਦੇਸ਼
ਨਵੇਂ ਮੁੱਖ ਪ੍ਰਸ਼ਾਸਕ ਨੇ ਨਾਜਾਇਜ਼ ਉਸਾਰੀਆਂ ’ਤੇ ਗੰਭੀਰ ਚਿੰਤਾ ਪ੍ਰਗਟਾਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਦੇ ਨਵੇਂ ਮੁੱਖ ਪ੍ਰਸ਼ਾਸਕ ਰਾਜੀਵ ਗੁਪਤਾ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। 2016 ਬੈਚ ਦੇ ਆਈਏਐਸ ਅਧਿਕਾਰੀ ਗੁਪਤਾ ਇਸ ਤੋਂ ਪਹਿਲਾਂ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਸਕੱਤਰ ਵਜੋਂ ਤਾਇਨਾਤ ਸਨ ਅਤੇ ਮੁਹਾਲੀ ਵਿੱਚ ਵਧੀਕ ਡਿਪਟੀ ਕਮਿਸ਼ਨਰ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਸ੍ਰੀ ਗੁਪਤਾ ਨੇ ਅੱਜ ਪਹਿਲੇ ਦਿਨ ਗਮਾਡਾ ਦੇ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਪਾਲਿਸੀ, ਇੰਜੀਨੀਅਰਿੰਗ, ਅਸਟੇਟ ਦਫ਼ਤਰ, ਪਲਾਨਿੰਗ ਅਤੇ ਲੇਖਾ ਸ਼ਾਖਾ ਦੇ ਕੰਮ-ਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵੱਖ-ਵੱਖ ਥਾਵਾਂ ’ਤੇ ਪਿਛਲੇ ਸਾਲਾਂ ਦੌਰਾਨ ਹੋਈਆਂ ਨਾਜਾਇਜ਼ ਉਸਾਰੀਆਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਯਮਤ ਕਾਰਵਾਈ ਕਰਨ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰਨ ਲਈ ਆਦੇਸ਼ ਵੀ ਦਿੱਤੇ।
ਉਨ੍ਹਾਂ ਨੇ ਗਮਾਡਾ ਅਥਾਰਟੀ ਦੇ ਚੱਲ ਰਹੇ ਵਿਕਾਸ ਦੇ ਕੰਮਾਂ, ਨਵੇਂ ਪ੍ਰਾਜੈਕਟਾਂ ਅਤੇ ਵਿੱਤੀ ਹਾਲਾਤਾਂ ਦੀ ਸਮੀਖਿਆ ਵੀ ਕੀਤੀ। ਗੁਪਤਾ ਨੇ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਨੂੰ ਹਦਾਇਤ ਕੀਤੀ ਕਿ ਗਮਾਡਾ ਵੱਲੋਂ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਦਾ ਸੂਬਾ ਸਰਕਾਰ ਦੀ ਸੋਚ ਅਨੁਸਾਰ ਜਲਦੀ, ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਕਾਰਾਂ ਲਈ ਕੋਈ ਮੁਸ਼ਕਲ ਨਾ ਆਵੇ।

ਮੁੱਖ ਪ੍ਰਸ਼ਾਸਕ ਨੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਆਖਿਆ ਕਿ ਜਨਤਕ ਸੇਵਾਵਾਂ ਦਾ ਸਮੇਂ ਸਿਰ ਨਿਪਟਾਰਾ ਉਨ੍ਹਾਂ ਦੀ ਤਰਜੀਹ ਹੈ। ਲਿਹਾਜ਼ਾ ਉਹ ਇਹ ਯਕੀਨੀ ਬਣਾਉਣ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਨੂੰ ਤਨਦੇਹੀ ਨਾਲ ਕੰਮ ਕਰਨ ਅਤੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ-ਸੀਮਾ ਵਿੱਚ ਪੂਰਾ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।