nabaz-e-punjab.com

ਸਰਕਾਰ ਦੇ ਸਿੱਖਿਆ ਵਿਰੋਧੀ ਫੈਸਲਿਆਂ ਖ਼ਿਲਾਫ਼ 28 ਨਵੰਬਰ ਨੂੰ ਮੁਹਾਲੀ ਵਿੱਚ ਰੈਲੀ

ਨੰਨ੍ਹੇ ਬੱਚਿਆਂ ਨੂੰ ਪੜ੍ਹਾਉਣ ਲਈ ਨਰਸਰੀ ਟੀਚਰਾਂ ਦੀਆਂ ਪੋਸਟਾਂ ਹਰੇਕ ਪ੍ਰਾਇਮਰੀ ਸਕੂਲ ਨੂੰ ਦਿੱਤੀਆਂ ਜਾਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅਤੇ ਸਰਕਾਰੀ ਸਿੱਖਿਆ ਦਾ ਭੋਗ ਪਾਉਣ ਦੀ ਤਿਆਰੀਆਂ ਦਾ ਡਟਵਾਂ ਵਿਰੋਧ ਕਰਨ ਲਈ 28 ਨਵੰਬਰ ਨੂੰ ਮੁਹਾਲੀ ਵਿਖੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ ਸਰਕਾਰ ਵੱਲੋਂ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਸਿੱਖਿਆ ਵਿਰੋਧੀ ਫੈਸਲੇ ਨੂੰ ਰੱਦ ਕਰਵਾਉਣ ਲਈ ਸਾਂਝੇ ਅਧਿਆਪਕ ਮੋਰਚੇ ਵੱਲੋਂ ਮੁਹਾਲੀ ਵਿਖੇ ਰੈਲੀ ਕੀਤੀ ਜਾਵੇਗੀ। ਇਸ ਫੈਸਲੇ ਦੇ ਲਾਗੂ ਹੋਣ ਨਾਲ ਜਿੱਥੇ 1600 ਦੇ ਲਗਭਗ ਅਧਿਆਪਕਾਂ ਦੀਆਂ ਪੋਸਟਾਂ ਖਤਮ ਹੋਣਗੀਆਂ, ਮਿਡ-ਡਅੇ-ਮੀਲ ਵਰਕਰਾਂ ਦਾ ਰੋਜ਼ਗਾਰ ਖਤਮ ਹੋਵੇਗਾ ਉਥੇ ਜਿਆਦਾਤਰ ਵਿਦਿਆਰਥੀਆਂ ਤੋਂ ਵਿੱਦਿਆ ਵੀ ਖੋਹੇ ਜਾਣ ਦਾ ਪੂਰਾ ਖਤਰਾ ਹੈ। ਇਸ ਸੱਚਾਈ ਤੋਂ ਸਰਕਾਰ ਤੇ ਇਸ ਦੇ ਅਧਿਕਾਰੀ ਅੱਖਾਂ ਬੰਦ ਕਰੀ ਬੈਠੇ ਹਨ। ਸਰਕਾਰ ਦਾ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦਾ ਸਹੀ ਫੈਸਲਾ ਵੀ ਦੋ ਵਿਭਾਗਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਬਿਨਾਂ ਭਰੋਸੇ ਵਿੱਚ ਲਏ ਵਿਵਾਦਾਂ ਵਿੱਚ ਹੈ। ਆਗਣਵਾੜੀ ਭੈਣਾਂ ਦੇ ਹਿੱਤਾ ਦੀ ਰਾਖੀ ਕਰਦੇ ਹੋਏ, ਸਰਕਾਰੀ ਸਕੂਲਾਂ ਵਿੱਚ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਦੇ ਹਿੱਤਾਂ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਇਹਨਾਂ ਨੰਨ੍ਹੇ ਬੱਚਿਆਂ ਨੂੰ ਪੜ੍ਹਾਉਣ ਲਈ ਨਰਸਰੀ ਟੀਚਰਾਂ ਦੀਆਂ ਪੋਸਟਾਂ ਹਰੇਕ ਪਾਝਇਮਰੀ ਸਕੂਲ ਨੂੰ ਦੇਣੀਆਂ ਚਾਹੀਦੀਆਂ ਹਨ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਸੁਰਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਇਸ ਸਾਲ ਹੋ ਰਹੀਆਂ ਬਦਲੀਆਂ ਵਿਵਾਦਾਂ ਵਿੱਚ ਹਨ। ਪਹਿਲਾਂ ਤਾਂ ਇਹ ਮਿੱਥੇ ਸਮੇਂ ਤੋਂ ਪਹਿਲਾਂ ਹੀ ਹੋਣੀਆਂ ਸ਼ੁਰੂ ਹੋ ਗਈਆਂ ਸਨ, ਪਰ ਹੁਣ ਇਹ ਬਦਲੀਆਂ ਲਈ ਮਿੱਥੇ ਸਮੇਂ ਤੋਂ ਬਾਅਦ ਵੀ ਲੋਕ ਹਿੱਤ ਦੇ ਬਹਾਨੇ ਕੀਤੀਆਂ ਜਾ ਰਹੀਆਂ ਹਨ, ਜੋ ਕਿ ਸਰਾਸਰ ਗਲਤ ਹੈ, ਇਹਨਾਂ ਬਦਲੀਆਂ ਨੂੰ ਤੁਰੰਤ ਰੱਦ ਕੀਤਾ ਜਾਵੇ। ਸਕੂਲਾਂ ਵਿੱਚ ਵਿਸ਼ਾ ਅਧਿਆਪਕਾਂ ਦੀ ਘਾਟ ਦੇ ਬਾਵਜੂਦ ਸੈਸ਼ਨ ਦੇ ਅਖੀਰ ਵਿੱਚ ਸਕੂਲਾਂ ਵਿੱਚੋਂ ਹਰ ਵਿਸ਼ੇ ਦਾ ਸੈਮੀਨਾਰ ਦੂਜੇ ਵਿਸ਼ੇ ਦੇ ਅਧਿਆਪਕਾਂ ਨੂੰ ਲਗਾਉਣਾ ਜਰੂਰੀ ਕਰਨਾ ਸਰਕਾਰ ਦੀ ਇਕ ਹੋਰ ਸਿੱਖਿਆ ਵਿਰੋਧੀ ਨੀਤੀ ਹੈ। ਅਜਿਹਾ ਕਰਕੇ ਸਰਕਾਰ ਹਰੇਕ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਕਰਨ ਤੋਂ ਭੱਜ ਰਹੀ ਹੈ ਤੇ ਮੌਜੂਦਾ ਅਧਿਆਪਕਾਂ ਤੋਂ ਵਾਧੂ ਵਿਸ਼ਿਆ ਦਾ ਕੰਮ ਕਰਵਾ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ। ਮਿਡ-ਡੇਅ-ਮੀਲ ਦੀ ਕੁਕਿੰਗ ਕਾਸਟ ਨਾ ਦੇ ਕੇ ਅਧਿਆਪਕਾਂ ਦਾ ਆਰਥਿਕ ਨੁਕਸਾਨ ਕੀਤਾ ਜਾ ਰਿਹਾ ਹੈ ਅਤੇ ਆਮ ਲੋਕਾਂ ਵਿੱਚ. ਸਰਕਾਰੀ ਸਕੂਲਾਂ ਪ੍ਰਤੀ ਬੇਭਰੋਸਗੀ ਪੈਦਾ ਕੀਤੀ ਜਾ ਰਹੀ ਹੈ, ਅਧਿਆਪਕ ਕਰੋੜਾਂ ਰੁਪਏ ਮਿਡ-ਡੇ-ਮੀਲ ਦੇ ਖਾਣੇ ਲਈ ਜੇਬਾਂ ’ਚੋਂ ਖਰਚ ਚੁੱਕੇ ਹਨ ਪਰ ਪੰਜਾਬ ਸਰਕਾਰ ਹਾਲੇ ਵੀ ਕੁਕਿੰਗ ਕਾਸਟ ਨਹੀਂ ਜਾਰੀ ਕਰ ਸਕੀ। ਜਦੋਂ ਕਿ ਕੁਕਿੰਗ ਕਾਸਟ ਅਡਵਾਂਸ ਜਾਰੀ ਕਰਨ ਦੀ ਵਿਵਸਥਾ ਹੈ। ਜੇਕਰ ਤੁਰੰਤ ਰਾਸ਼ੀ ਜਾਰੀ ਨਾ ਕੀਤੀ ਗਈ ਤਾਂ ਮਿਡ-ਡੇ-ਮੀਲ ਬੰਦ ਕੀਤਾ ਜਾਵੇਗਾ।
ਇਹਨਾਂ ਸਾਰੀਆਂ ਮੰਗਾਂ ਦੇ ਹੱਲ ਲਈ ਸਾਂਝੇ ਅਧਿਆਪਕ ਮੋਰਚੇ ਵੱਲੋਂ ਮੁਹਾਲੀ ਵਿਚ ਕੀਤੀ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ ਤੇ ਸੁੱਤੀ ਪਈ ਪੰਜਾਬ ਸਰਕਾਰ ਨੂੰ ਨੀਂਦ ਤੋਂ ਉਠਾ ਦੇਵੇਗੀ। ਇਸ ਮੌਕੇ ਕਰਨੈਲ ਸਿੰਘ, ਬਿਕਰਮਜੀਤ ਸਿੰਘ, ਬਲਜੀਤ ਸਿੰਘ, ਬਲਕਾਰ ਸਿੰਘ, ਜਸਵੀਰ ਸਿੰਘ, ਸੋਹਣ ਸਿੰਘ, ਰਜੇਸ਼ ਰਹਿਪਾ, ਮੇਜਰ ਸਿੰਘ, ਦੇਸ ਰਾਜ ਬੱਜੋਂ, ਮੋਹਣ ਲਾਲ, ਨਰਿੰਦਰ ਸਿੰਘ, ਗੁਰਦਿਆਲ ਸਿੰਘ ਦਲਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…