Nabaz-e-punjab.com

ਜੇ ਰਾਣਾ ਕੇਪੀ ਕਾਂਗਰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਾ ਚਾਹੁੰਦੇ ਹਨ ਤਾਂ ਪਹਿਲਾਂ ਅਹੁਦੇ ਤੋਂ ਅਸਤੀਫ਼ਾ ਦੇਣ: ਬੀਰਦਵਿੰਦਰ ਸਿੰਘ

ਲੋਕ ਸਭਾ ਚੋਣਾਂ: ਸਪੀਕਰ ਰਾਣਾ ਕੇਪੀ ਨੇ ਕਾਂਗਰਸ ਉਮੀਦਵਾਰ ਦਾ ਸਵਾਗਤ ਕਰਕੇ ਸੰਵਿਧਾਨਕ ਅਹੁਦੇ ਦਾ ਅਪਮਾਨ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਾਂਗਰਸ ਉਮੀਦਵਾਰ ਦਾ ਸਿਆਸੀ ਪੱਧਰ ’ਤੇ ਸਵਾਗਤ ਕਰਕੇ ਅਤੇ ਉਨ੍ਹਾਂ ਦੇ ਰੋਡ ਸ਼ੋਅ ਵਿੱਚ ਸ਼ਾਮਲ ਹੋ ਕੇ ਸੰਵਿਧਾਨਕ ਅਹੁਦੇ ਦਾ ਘੋਰ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਦੇ ਸੈਕਟਰ-39 ਤੋਂ ਵਾਇਆ ਮੁੱਲਾਂਪੁਰ ਗਰੀਬਦਾਸ ਹੋ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਨੈਣਾ ਦੇਵੀ ਮੰਦਰ ਵਿੱਚ ਨਤਮਸਤਕ ਹੋਣ ਲਈ ਕੱਢੇ ਗਏ ਰੋਡ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਸ਼ਮੂਲੀਅਤ ਅਤੇ ਸਵਾਗਤ ਕਰਕੇ ਸਪੀਕਰ ਦੇ ਅਹੁਦੇ ਅਤੇ ਵਿਧਾਨ ਸਭਾ ਦੇ ਹਾਊਸ ਦੀ ਮਰਿਆਦਾ ਦਾ ਘਾਣ ਕੀਤਾ ਹੈ। ਸਿਆਸੀ ਪ੍ਰੋਗਰਾਮਾਂ ਤੋਂ ਪਾਸੇ ਰਹਿਣਾ ਸਪੀਕਰ ਦੀ ਇਕਲਾਖ਼ੀ ਜ਼ਿੰਮੇਵਾਰੀ ਬਣਦੀ ਹੈ।
ਅੱਜ ਇੱਥੇ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਦਾ ਸਪੀਕਰ ਕਿਸੇ ਇੱਕ ਵਿਸ਼ੇਸ਼ ਪਾਰਟੀ ਦਾ ਨਹੀਂ ਬਲਕਿ ਸਾਰਿਆਂ ਦਾ ਸਾਂਝਾ ਹੁੰਦਾ ਹੈ। ਇਸ ਲਈ ਸਪੀਕਰ ਨੂੰ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸੋਚ ਵਿਚਾਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਣਾ ਕੇਪੀ ਨੇ ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਾ ਚਾਹੁੰਦੇ ਹਨ ਜਾਂ ਅਜਿਹਾ ਕਰਨਾ ਉਨ੍ਹਾਂ ਦੀ ਮਜਬੂਰੀ ਹੈ ਤਾਂ ਉਨ੍ਹਾਂ (ਰਾਣਾ) ਨੂੰ ਬਕਾਇਦਾ ਕੁਝ ਸਮੇਂ ਲਈ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਚੋਣ ਮੁਹਿੰਮ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਪੀਕਰ ਨਾ ਕੇਵਲ ਮਨੀਸ਼ ਤਿਵਾੜੀ ਦੇ ਸਵਾਗਤੀ ਸਮਾਰੋਹਾਂ ਵਿੱਚ ਸ਼ਾਮਲ ਹੋਏ ਹਨ ਬਲਕਿ ਪੂਰੇ ਰੋਡ ਸ਼ੋਅ ਦੌਰਾਨ ਕਾਂਗਰਸ ਉਮੀਦਵਾਰ ਦੇ ਨਾਲ ਨਾਲ ਰਹੇ ਹਨ। ਜੋ ਕਿ ਸੰਵਿਧਾਨ ਦੀ ਘੋਰ ਉਲੰਘਣਾ ਹੈ।
ਬੀਰਦਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਖਰੜ ਤੋਂ ਵਿਧਾਇਕ ਸਨ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੇ ਅਹੁਦੇ ’ਤੇ ਤਾਇਨਾਤ ਸਨ, ਉਦੋਂ ਉਨ੍ਹਾਂ ਨੇ ਸਦਨ ਦੀ ਮਰਿਆਦਾ ਦਾ ਧਿਆਨ ਰੱਖਦੇ ਹੋਏ ਕਾਂਗਰਸ ਉਮੀਦਵਾਰਾਂ ਦੇ ਹੱਕ ਚੋਣ ਪ੍ਰਚਾਰ ਵਿੱਚ ਹਿੱਸਾ ਨਹੀਂ ਲਿਆ ਸੀ, ਭਾਵੇਂ ਬਾਅਦ ਵਿੱਚ ਉਨ੍ਹਾਂ ਨੂੰ ਇਸ ਦਾ ਖ਼ਮਿਆਜ਼ਾ ਵੀ ਭੁਗਤਨਾ ਪਿਆ ਸੀ ਪ੍ਰੰਤੂ ਉਨ੍ਹਾਂ ਨੇ ਆਪਣੇ ਅਹੁਦੇ ਅਤੇ ਸੰਵਿਧਾਨ ਨਾਲ ਖਿਲਵਾੜ ਨਹੀਂ ਕੀਤਾ ਸੀ। ਉਨ੍ਹਾਂ ਕਿਹਾ ਕਿ ਸਪੀਕਰ ਰਾਣਾ ਕੇਪੀ ਸਿੰਘ ਬਹੁਤ ਹੀ ਸਮਝਦਾਰ ਅਤੇ ਸੁਲਝੇ ਹੋਏ ਨੇਤਾ ਹਨ। ਲਿਹਾਜ਼ਾ ਉਨ੍ਹਾਂ ਨੂੰ ਚੋਣਾਂ ਦੌਰਾਨ ਸਦਨ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ। ਸਪੀਕਰ ਵੱਲੋਂ ਕਿਸੇ ਵਿਸ਼ੇਸ਼ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਕਰਕੇ ਸੰਵਿਧਾਨ ਅਤੇ ਸਦਨ ਦੀ ਮਰਿਆਦਾ ਨੂੰ ਭਾਰੀ ਠੇਸ ਪਹੁੰਚੀ ਹੈ। ਉਧਰ, ਦੂਜੇ ਪਾਸੇ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਤਾਲਮੇਲ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਲੇਕਿਨ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…