nabaz-e-punjab.com

ਰੈਸ਼ਨੇਲਾਈਜੇਸ਼ਨ ਦੀ ਆੜ ਵਿੱਚ ਅਧਿਆਪਕਾਂ ਨਾਲ ਸਰਕਾਰੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡੀਟੀਐੱਫ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੀ ਦਿਨੀਂ ਜਾਰੀ ਪ੍ਰਾਇਮਰੀ ਅਧਿਆਪਕਾਂ ਬਾਰੇ ਰੈਸ਼ਨੇਲਾਈਜੇਸ਼ਨ ਨੀਤੀ ਵਿੱਚ ਅਨੇਕਾਂ ਤਰੁੱਟੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ਼) ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਨੇ ਕਿਹਾ ਕਿ ਅਧਿਆਪਕਾਂ ਨਾਲ ਸਰਕਾਰੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਨੀਤੀ ਵਿੱਚ ਲੋੜੀਂਦੀਆਂ ਸੋਧਾਂ ਦੀ ਮੰਗ ਕੀਤੀ।
ਆਗੂਆਂ ਨੇ ਦੱਸਿਆ ਕਿ ਇਸ ਨੀਤੀ ਤਹਿਤ ਹੈੱਡ ਟੀਚਰ ਦੀ ਅਸਾਮੀ ਲਈ ਘੱਟੋ ਘੱਟ 51 ਵਿਦਿਆਰਥੀਆਂ ਦੀ ਸ਼ਰਤ ਰੱਖੀ ਗਈ ਹੈ ਜੋ ਕਿ ਸਹੀ ਨਹੀਂ ਹੈ। ਹਰ ਸਕੂਲ ਦੇ ਪ੍ਰਬੰਧ ਨੂੰ ਚਲਾਉਣ ਲਈ ਹੈੱਡ ਟੀਚਰ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਹਰ ਸਕੂਲ ਵਿੱਚ ਹੈੱਡ ਟੀਚਰ ਦੀ ਅਸਾਮੀ ਜ਼ਰੂਰ ਹੋਣੀ ਚਾਹੀਦੀ ਹੈ। ਸੈਂਟਰ ਹੈੱਡ ਟੀਚਰ ਨੂੰ ਪ੍ਰਬੰਧਕੀ ਅਸਾਮੀ ਗਿਣਿਆ ਜਾਣਾ ਚਾਹੀਦਾ ਹੈ।
ਇੰਝ ਹੀ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਗਿਣਤੀ ਨੂੰ ਸਕੂਲ ਦੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਸ਼ਾਮਲ ਕਰਕੇ ਹੀ ਅਸਾਮੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਲੋੜਾਂ ਨੂੰ ਅਣਗੌਲਿਆ ਕਰਕੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਉੱਤੇ ਅਧਿਆਪਕਾਂ ਨੂੰ ਸਰਪਲੱਸ ਕਰਕੇ ਇਕ ਅਫ਼ਰਾ-ਤਫ਼ਰੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਪ੍ਰਾਇਮਰੀ ਕਾਡਰ ਦੇ ਜ਼ਿਲ੍ਹਾ ਕਾਡਰ ਹੋਣ ਦੀ ਜਾਣਕਾਰੀ ਦਿੰਦਿਆਂ ਮੰਗ ਕੀਤੀ ਕਿ ਪ੍ਰਾਇਮਰੀ ਅਧਿਆਪਕਾਂ ਨੂੰ ਸਬੰਧਤ ਜ਼ਿਲ੍ਹੇ ਵਿੱਚ ਹੀ ਅਡਜਸਟ ਕੀਤਾ ਜਾਵੇ ਅਤੇ ਇਸ ਸਬੰਧੀ ਵਿਦਿਆਰਥੀ ਅਧਿਆਪਕ ਅਨੁਪਾਤ ਘੱਟ ਕਰਕੇ ਅਧਿਆਪਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਿੱਖਿਆ ਦੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦਿਆਂ ਹਰੇਕ ਕਲਾਸ ਲਈ ਘੱਟੋ ਘੱਟ ਇਕ ਅਧਿਆਪਕ ਜ਼ਰੂਰ ਦਿੱਤਾ ਜਾਵੇ।
ਆਗੂਆਂ ਨੇ ਕਿਹਾ ਕਿ ਇਹ ਨੀਤੀ ਇਕ ਅਧਿਆਪਕ ਨੂੰ ਦੋ ਜਾਂ ਦੋ ਤੋਂ ਵੱਧ ਕਲਾਸਾਂ ਦੇਣਾ ਸਹੀ ਐਲਾਨਦੀ ਹੈ। ਇਸ ਨਾਲ ਜਿੱਥੇ ਸਿੱਖਿਆ ਦੀ ਗੁਣਵੱਤਾ ’ਤੇ ਮਾੜਾ ਅਸਰ ਪਵੇਗਾ, ਉੱਥੇ ਅਧਿਆਪਕਾਂ ਨਾਲ ਵੀ ਧੱਕਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਇਸ ਨੀਤੀ ਤਹਿਤ ਅਧਿਆਪਕਾਂ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਿੱਖਿਆ ਵਿਭਾਗ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹੀ ਡੀਟੀਐੱਫ਼ ਵੱਲੋਂ ਐਲਾਨੇ ਜਾ ਚੁੱਕੇ 18 ਤੋਂ 24 ਨਵੰਬਰ ਤੱਕ ਤਹਿਸੀਲ ਪੱਧਰੀ ਐਕਸ਼ਨ ਅਤੇ 1 ਦਸੰਬਰ ਨੂੰ ਸੰਗਰੂਰ ਵਿੱਚ ਸਿੱਖਿਆ ਮੰਤਰੀ ਦੀ ਰਿਹਾਇਸ਼ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਮੂਲੀਅਤ ਕਰਨਗੇ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਵਿਕਰਮ ਦੇਵ ਸਿੰਘ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਮੀਤ ਪ੍ਰਧਾਨ ਧਰਮ ਸਿੰਘ ਸੂਜਾਪੁਰ, ਓਮ ਪ੍ਰਕਾਸ਼ ਮਾਨਸਾ, ਰਾਜੀਵ ਕੁਮਾਰ ਬਰਨਾਲਾ ਤੇ ਜਗਪਾਲ ਸਿੰਘ ਬੰਗੀ, ਪ੍ਰੈਸ ਸਕੱਤਰ ਪਵਨ ਕੁਮਾਰ ਮੁਕਤਸਰ, ਜਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ ਤੇ ਰੁਪਿੰਦਰਪਾਲ ਸਿੰਘ ਗਿੱਲ, ਸੰਯੁਕਤ ਸਕੱਤਰ ਕੁਲਵਿੰਦਰ ਸਿੰਘ ਜੋਸਨ ਤੇ ਹਰਜਿੰਦਰ ਸਿੰਘ, ਸਹਾਇਕ ਵਿੱਤ ਸਕੱਤਰ ਅਸ਼ਵਨੀ ਕੁਮਾਰ ਟਿੱਬਾ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਂਸੀਵਾਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…