ਕੱਚੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ

ਪ੍ਰਦਰਸ਼ਨਕਾਰੀਆਂ ਨੇ ਵਾਈਪੀਐਸ ਚੌਕ ਦਾ ਰੂਟ ਬਦਲ ਕੇ ਬੁੜੈਲ ਜੇਲ੍ਹ ਦੇ ਪਿਛਲੇ ਪਾਸਿਓਂ ਲੰਘਣ ਦੀ ਕੋਸ਼ਿਸ਼

ਚੰਨੀ ਦੇ ਪ੍ਰਾਈਵੇਟ ਸੈਕਟਰੀ ਨੇ ਮੰਗ ਪੱਤਰ ਲੈ ਕੇ ਆਉਣ ਵਾਲੇ ਦਿਨਾਂ ’ਚ ਮੀਟਿੰਗ ਕਰਵਾਉਣ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਸਤੰਬਰ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਸ਼ਾਂਤਮਈ ਲੜੀਵਾਰ ਧਰਨਾ ਐਤਵਾਰ ਨੂੰ 105ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਬਾਅਦ ਦੁਪਹਿਰ ਕੱਚੇ ਅਧਿਆਪਕਾਂ ਵੱਲੋਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਲੇਕਿਨ ਪੁਲੀਸ ਨੇ ਉਨ੍ਹਾਂ ਦਾ ਰਾਹ ਰੋਕ ਲਿਆ ਅਤੇ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਜਿਸ ਕਾਰਨ ਉਹ ਸੜਕ ਜਾਮ ਕਰਕੇ ਧਰਨੇ ’ਤੇ ਬੈਠ ਗਏ।
ਹਾਲਾਂਕਿ ਕੈਪਟਨ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਬੀਤੀ 7 ਸਤੰਬਰ ਨੂੰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਰਾਹੀਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਪ੍ਰੰਤੂ ਇਸ ਦੇ ਬਾਵਜੂਦ ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ ਜਾਰੀ ਹੈ।
ਕੱਚੇ ਅਧਿਆਪਕਾਂ ਨੇ ਪਹਿਲਾਂ ਵਾਈਪੀਐਸ ਚੌਂਕ ਰਾਹੀਂ ਚੰਡੀਗੜ੍ਹ ਵੱਲ ਕੂਚ ਕਰਨ ਸੀ। ਜਿੱਥੇ ਪੁਲੀਸ ਨੇ ਜ਼ਬਰਦਸਤ ਬੈਰੀਕੇਟਿੰਗ ਕੀਤੀ ਗਈ। ਲੇਕਿਨ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਨੂੰ ਝਕਾਨੀ ਦੇ ਕੇ ਵਾਈਪੀਐਸ ਦੇ ਰਸਤੇ ਦੀ ਥਾਂ ਬੁੜੈਲ ਜੇਲ੍ਹ ਦੇ ਪਿੱਛੋਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦਾ ਯਤਨ ਕੀਤਾ ਲੇਕਿਨ ਪੁਲੀਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਜਿਸ ਕਾਰਨ ਸਾਰੇ ਕੱਚੇ ਅਧਿਆਪਕ ਲਈਅਰ ਵੈਲੀ ਪਾਰਕ ਫੇਜ਼-9 ਤੋਂ ਚੰਡੀਗੜ੍ਹ ਨੂੰ ਜਾਂਦੀ ਸੜਕ ਜਾਮ ਕਰਕੇ ਧਰਨੇ ’ਤੇ ਬੈਠ ਗਏ। ਇਸ ਮਗਰੋਂ ਮੁਹਾਲੀ ਪ੍ਰਸ਼ਾਸਨ ਨੇ ਨਿੱਜੀ ਦਖ਼ਲ ਦੇ ਕੇ ਮੁੱਖ ਮੰਤਰੀ ਦੇ ਪ੍ਰਾਈਵੇਟ ਸੈਕਟਰੀ ਕਿਸ਼ੋਰ ਯਾਦਵ ਨਾਲ ਮੁਲਾਕਾਤ ਕਰਵਾਈ ਅਤੇ ਉਨ੍ਹਾਂ ਨੇ ਕੱਚੇ ਅਧਿਆਪਕਾਂ ਤੋਂ ਮੰਗ ਪੱਤਰ ਹਾਸਲ ਕਰਕੇ ਕਿਹਾ ਕਿ ਹਾਲੇ ਮੰਤਰੀ ਮੰਡਲ ਦਾ ਗਠਨ ਨਹੀਂ ਹੋਇਆ ਹੈ। ਇਹ ਕੰਮ ਨੇਪਰੇ ਚੜ੍ਹਨ ਤੋਂ ਬਾਅਦ ਅਗਲੇ ਦਿਨਾਂ ਵਿੱਚ ਉਨ੍ਹਾਂ ਦੀ ਪੈਨਲ ਮੀਟਿੰਗ ਕਰਵਾਈ ਜਾਵੇਗੀ ਅਤੇ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਇਸ ਮਗਰੋਂ ਸ਼ਾਮ ਨੂੰ ਕੱਚੇ ਅਧਿਆਪਕ ਸੜਕ ਤੋਂ ਜਾਮ ਖੋਲ੍ਹ ਕੇ ਦੁਬਾਰਾ ਸਿੱਖਿਆ ਭਵਨ ਮੁਹਾਲੀ ਦੇ ਬਾਹਰ ਆ ਕੇ ਧਰਨੇ ’ਤੇ ਬੈਠ ਗਏ।
ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ ਸਿਧਾਣਾ ਤੇ ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਦੇ ਚੱਲਦਿਆਂ ਅੱਜ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ।

ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਲ ਹੁਣ ਤੱਕ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਸਿੱਖਿਆ ਮੰਤਰੀ ਸਮੇਤ ਹੋਰ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਕੱਚੇ ਅਧਿਆਪਕਾਂ ਦੀਆਂ ਮੰਗਾਂ ਦਾ ਪੱਕਾ ਹੱਲ ਕੀਤਾ ਜਾਵੇਗਾ ਪਰ ਹੁਣ ਤੱਕ ਮਸਲਾ ਹੱਲ ਨਹੀਂ ਹੋਇਆ ਅਤੇ ਨਾ ਹੀ ਨੋਟੀਫ਼ਿਕੇਸ਼ਨ ਦੇ ਮੁਤਾਬਕ ਭਰਤੀ ਪ੍ਰਕਿਰਿਆ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਹਿਲਾਂ ਵਾਂਗ ਗੁਪਤ ਐਕਸ਼ਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…