ਕੱਚੇ ਅਧਿਆਪਕਾਂ ਦੀ 3 ਪੜਾਵਾਂ ਵਿੱਚ ਹੋਈਆਂ ਮੀਟਿੰਗਾਂ, ਸਿੰਗਲਾ ਵੱਲੋਂ ਮੁੱਦਾ ਕੈਬਨਿਟ ਵਿੱਚ ਵਿਚਾਰਨ ਦਾ ਭਰੋਸਾ

ਆਪ ਵਿਧਾਇਕ ਜੈ ਕਿਸ਼ਨ ਸਿੰਘ ਤੇ ਅਮਰਜੀਤ ਸਿੰਘ ਸੰਦੋਆ ਨੇ ਦੂਜੀ ਵਾਰ ਧਰਨੇ ਵਿੱਚ ਕੀਤੀ ਸ਼ਮੂਲੀਅਤ

ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਧਰਨਾ 22ਵੇਂ ਦਿਨ ’ਚ ਦਾਖ਼ਲ, ਬੁੱਧਵਾਰ ਨੂੰ ਹੋਵੇਗੀ ਕੈਬਨਿਟ ਦੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਗੈਰਮੌਜੂਦਗੀ ਵਿੱਚ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਿੱਖਿਆ ਸਕੱਤਰ ਨੇ ਯੂਨੀਅਨ ਦੇ ਮੋਹਰੀ ਆਗੂਆਂ ਨਾਲ ਦੋ ਮੀਟਿੰਗਾਂ ਕੀਤੀਆਂ ਅਤੇ ਦੋਵੇਂ ਮੀਟਿੰਗਾਂ ਬੇਸਿੱਟਾ ਰਹੀਆਂ। ਇਸ ਮਗਰੋਂ ਤੀਜੀ ਮੀਟਿੰਗ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਹੋਈ, ਜੋ ਸ਼ਾਮ ਤੱਕ ਚੱਲੀ ਲੇਕਿਨ ਇਹ ਮੀਟਿੰਗ ਵੀ ਕਿਸੇ ਕੰਢੇ ਨਹੀਂ ਲੱਗੀ। ਉਂਜ ਸਿੰਗਲਾ ਨੇ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਮਾਮਲਾ ਬੁੱਧਵਾਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੰਤਰੀ ਨੇ ਧਰਨਾ ਚੁੱਕਣ ਦੀ ਅਪੀਲ ਕਰਦਿਆਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰੀ ਸਕੂਲਾਂ ਵਿੱਚ ਤਿੰਨ ਸਾਲ ਪੜ੍ਹਾਉਣ ਦੇ ਤਜਰਬੇ ਤਹਿਤ ਉਨ੍ਹਾਂ ਦੀਆਂ ਸੀਨੀਆਰਤਾ ਦਾ ਵੀ ਖਿਆਲ ਰੱਖਿਆ ਜਾਵੇਗਾ। ਲੇਕਿਨ ਅਧਿਆਪਕ ਨਹੀਂ ਮੰਨੇ।
ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ, ਵੀਰਪਾਲ ਕੌਰ ਸਿਧਾਣਾ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਨੇ ਕਿਹਾ ਕਿ ਬੁੱਧਵਾਰ ਤੱਕ ਧਰਨਾ ਜਾਰੀ ਰਹੇਗਾ। ਜੇਕਰ ਕੈਬਨਿਟ ਨੇ ਉਨ੍ਹਾਂ ਦੀ ਪੱਕੀ ਨੌਕਰੀ ’ਤੇ ਮੋਹਰੀ ਨਹੀਂ ਲਗਾਈ ਤਾਂ ਉਸ ਦਿਨ ਵੱਡੇ ਪੱਧਰ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ।
ਇਸੇ ਦੌਰਾਨ ਅੱਜ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਗੜ੍ਹਸ਼ੰਕਰ ਦੇ ਵਿਧਾਇਕ ਜੈ ਕਿਸ਼ਨ ਰੋੜੀ ਅਤੇ ਅਮਰਜੀਤ ਸਿੰਘ ਸੰਦੋਆ ਨੇ ਦੂਜੀ ਵਾਰ ਅਧਿਆਪਕਾਂ ਦੇ ਧਰਨੇ ਵਿੱਚ ਪਹੁੰਚ ਕੇ ਸਮੱਸਿਆਵਾਂ ਸੁਣੀਆਂ ਅਤੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਕਾਂਗਰਸ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ ਰੱਖਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਮ ਲੋਕਾਂ ਅਤੇ ਮੁਲਾਜ਼ਮਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਈ ਹੈ। ਉਧਰ, ਅੱਤ ਗਰਮੀ ਵਿੱਚ ਕੱਚੇ ਅਧਿਆਪਕ ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…